27.7 C
Toronto
Thursday, September 18, 2025
spot_img
Homeਪੰਜਾਬ6 ਫਰਵਰੀ ਦੇ ਭਾਰਤ ਬੰਦ ਲਈ ਪੰਜਾਬ ਵਿਚ ਤਿਆਰੀਆਂ

6 ਫਰਵਰੀ ਦੇ ਭਾਰਤ ਬੰਦ ਲਈ ਪੰਜਾਬ ਵਿਚ ਤਿਆਰੀਆਂ

ਕਿਸਾਨਾਂ ਨੇ ਮੋਦੀ ਸਰਕਾਰ ਦੇ ਪੁਤਲੇ ਫੂਕੇ
ਚੰਡੀਗੜ੍ਹ : ਪੰਜਾਬ ਵਿੱਚ ਕਿਸਾਨਾਂ ਵੱਲੋਂ ਪਿੰਡਾਂ ‘ਚ ਮੋਦੀ ਸਰਕਾਰ ਦੇ ਪੁਤਲੇ ਫੂਕ ਕੇ ਪ੍ਰਦਰਸ਼ਨ ਕਰਨ ਦਾ ਰੁਝਾਨ ਲਗਾਤਾਰ ਜਾਰੀ ਹੈ। ਨਵੇਂ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਜਥੇਬੰਦੀਆਂ ਵਲੋਂ 6 ਫਰਵਰੀ ਨੂੰ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਪੰਜਾਬ ਵਿਚ ਪੂਰੀਆਂ ਤਿਆਰੀਆਂ ਹੋ ਚੁੱਕੀਆਂ ਹਨ। ਪਿਛਲੇ ਚਾਰ ਮਹੀਨਿਆਂ ਦੇ ਵੀ ਵੱਧ ਸਮੇਂ ਤੋਂ ਚੱਲ ਰਹੇ ਸੰਘਰਸ਼ੀ ਅਖਾੜਿਆਂ ਦੌਰਾਨ ਕਿਸਾਨਾਂ ਤੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਤੋਂ ਉੱਠੇ ਕਿਸਾਨੀ ਅੰਦੋਲਨ ਨਾਲ ਦੇਸ਼ ਦਾ ਕਿਸਾਨ ਤਾਂ ਜਾਗ ਪਿਆ ਹੈ ਪਰ ਸਰਕਾਰ ਦੇ ਅੰਨ੍ਹੇ ਭਗਤਾਂ ਅਤੇ ਮੀਡੀਆ ਦੇ ਵੱਡੇ ਹਿੱਸੇ ਦੀ ਜ਼ਮੀਰ ਮਰ ਗਈ ਹੈ। ਬੁਲਾਰਿਆਂ ਨੇ ਕਿਹਾ ਕਿ ਕੌਮਾਂਤਰੀ ਪੱਧਰ ਦੀਆਂ ਵੱਡੀਆਂ ਸ਼ਖਸੀਅਤਾਂ ਵੱਲੋਂ ਕਿਸਾਨੀ ਅੰਦੋਲਨ ਨੂੰ ਦਿੱਤੀ ਗਈ ਹਮਾਇਤ ਨੇ ਮੋਦੀ ਸਰਕਾਰ ਅਤੇ ਉਸ ਦੇ ਭਗਤਾਂ ਦੇ ਭਰਮ-ਭੁਲੇਖੇ ਦੂਰ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਜੇ ਵੀ ਕੰਧ ‘ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ ਅਤੇ ਤਿੰਨੋਂ ਕਾਲੇ ਕਾਨੂੰਨ ਵਾਪਸ ਲੈ ਕੇ ਅੰਤਰਰਾਸ਼ਟਰੀ ਪੱਧਰ ‘ਤੇ ਹੋ ਰਹੀ ਬਦਨਾਮੀ ਤੋਂ ਬਚਣਾ ਚਾਹੀਦਾ ਹੈ। ਕਿਸਾਨ ਆਗੂਆਂ ਨੇ ਇਹ ਵੀ ਕਿਹਾ ਕਿ ਸੜਕਾਂ ‘ਤੇ ਗੱਡੀਆਂ ਕਿੱਲਾਂ ਅਤੇ ਉਸਾਰੀਆਂ ਕੰਧਾਂ ਕਿਸਾਨਾਂ ਦੇ ਹੌਸਲੇ ਨਹੀਂ ਢਾਹ ਸਕਦੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ 26 ਜਨਵਰੀ ਦੀ ਅਣਸੁਖਾਵੀ ਘਟਨਾ ਨੂੰ ਸਰਕਾਰ ਦੇ ਬੰਦਿਆਂ ਨੇ ਅੰਜਾਮ ਦਿੱਤਾ ਤਾਂ ਜੋ ਕਿਸਾਨ ਅੰਦੋਲਨ ਨੂੰ ਫੇਲ੍ਹ ਕੀਤਾ ਜਾ ਸਕੇ। ਬੁਲਾਰਿਆਂ ਨੇ ਕਿਹਾ ਕਿ ਵਿਦੇਸ਼ਾਂ ਦੀਆਂ ਪਾਰਲੀਮੈਂਟਾਂ ‘ਚ ਗੂੰਜ ਪੈਣ ਤੋਂ ਬਾਅਦ ਸਮਾਜ ਦੇ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸ਼ਖਸੀਅਤਾਂ ਨੇ ਕਿਸਾਨੀ ਅੰਦੋਲਨ ਦੀ ਹਮਾਇਤ ਕਰਕੇ ਇਸ ਸੰਘਰਸ਼ ਨੂੰ ਕੌਮਾਂਤਰੀ ਪੱਧਰ ‘ਤੇ ਸਿਖਰਾਂ ਉਪਰ ਪਹੁੰਚਾ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜਨਰਲ ਸਕੱਤਰ ਜਗਮੋਹਨ ਸਿੰਘ ਨੇ ਦੱਸਿਆ ਕਿ ਪੰਜਾਬ ਤੋਂ ਕਿਸਾਨਾਂ ਦੇ ਵੱਡੇ ਕਾਫ਼ਲਿਆਂ ਦਾ ਕੌਮੀ ਰਾਜਧਾਨੀ ਨੂੰ ਕੂਚ ਕਰਨਾ ਲਗਾਤਾਰ ਜਾਰੀ ਹੈ। ਮਾਝਾ, ਮਾਲਵਾ ਅਤੇ ਦੁਆਬਾ ਤੋਂ ਕਿਸਾਨਾਂ ਨੇ ਟਰੈਕਟਰਾਂ ਅਤੇ ਹੋਰ ਸਾਧਨਾਂ ਰਾਹੀਂ ਦਿੱਲੀ ਵੱਲ ਨੂੰ ਚਾਲੇ ਵੀ ਪਾਏ। ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ 6 ਫਰਵਰੀ ਦੇ ਭਾਰਤ ਬੰਦ ਨੂੰ ਕਾਮਯਾਬ ਕਰਨ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਲਾਮਬੰਦ ਕਰਨਾ ਸ਼ੁਰੂ ਕਰ ਦਿੱਤਾ ਹੈ। ਕਿਸਾਨ ਆਗੂ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਵੱਲੋਂ ਅੰਦੋਲਨ ਨੂੰ ਫੇਲ੍ਹ ਕਰਨ ਲਈ ਕਿਸਾਨਾਂ ਅਤੇ ਸਰਕਾਰ ਦੇ ਭਾੜੇ ਦੇ ਲੋਕਾਂ ਦਰਮਿਆਨ ਟਕਰਾਅ ਦੀ ਸਥਿਤੀ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਪੰਚਾਇਤਾਂ ਵੱਲੋਂ ਲੋਕਾਂ ਨੂੰ ਜੁਰਮਾਨੇ ਕਰਨ ਵਾਲੇ ਮਤਿਆਂ ਨਾਲ ਕਿਸਾਨ ਜਥੇਬੰਦੀਆਂ ਦਾ ਕੋਈ ਸਬੰਧ ਨਹੀਂ ਹੈ।

RELATED ARTICLES
POPULAR POSTS