Breaking News
Home / ਭਾਰਤ / ਟਰੈਕਟਰ ਪਰੇਡ ਦੌਰਾਨ ਗ੍ਰਿਫ਼ਤਾਰ ਕੀਤੇ 120 ਵਿਅਕਤੀਆਂ ਦੀ ਸੂਚੀ ਜਾਰੀ

ਟਰੈਕਟਰ ਪਰੇਡ ਦੌਰਾਨ ਗ੍ਰਿਫ਼ਤਾਰ ਕੀਤੇ 120 ਵਿਅਕਤੀਆਂ ਦੀ ਸੂਚੀ ਜਾਰੀ

ਦਿੱਲੀ ਗੁਰਦੁਆਰਾ ਕਮੇਟੀ ਨੇ ਬਣਾਈ ਵਕੀਲਾਂ ਦੀ ਟੀਮ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ 26 ਜਨਵਰੀ ਨੂੰ ਕਿਸਾਨ ਪਰੇਡ ਮਗਰੋਂ ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸਾਰੇ 120 ਵਿਅਕਤੀਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਨਵੀਂ ਦਿੱਲੀ ਵਿਖੇ ਇਹ ਸੂਚੀ ਜਾਰੀ ਕਰਦਿਆਂ ਸਿਰਸਾ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਹਾਲੇ ਤਕ 14 ਐੱਫਆਈਆਰ ਦਰਜ ਕੀਤੀਆਂ ਹਨ ਤੇ ਇਨ੍ਹਾਂ ਤਹਿਤ 120 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਸੂਚੀ ਉਨ੍ਹਾਂ ਦਿੱਲੀ ਗੁਰਦੁਆਰਾ ਕਮੇਟੀ ਦੀ ਵੈੱਬਸਾਈਟ ਅਤੇ ਸੋਸ਼ਲ ਮੀਡੀਆ ‘ਤੇ ਪਾ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਵਿਅਕਤੀਆਂ ਦੇ ਪਰਿਵਾਰ ਹਰ ਤਰ੍ਹਾਂ ਦੀ ਕਾਨੂੰਨੀ ਮਦਦ ਲਈ ਦਿੱਲੀ ਗੁਰਦੁਆਰਾ ਕਮੇਟੀ ਤੇ ਅਕਾਲੀ ਦਲ ਨਾਲ ਰਾਬਤਾ ਕਰ ਸਕਦੇ ਹਨ। ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੇ ਦੱਸਿਆ ਕਿ ਕਮੇਟੀ ਦੇ ਲੀਗਲ ਸੈੱਲ ਅਤੇ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਬਣਾਈ ਵਕੀਲਾਂ ਦੀ ਟੀਮ ਨੇ ਇਨ੍ਹਾਂ ਸਾਰੇ ਕੇਸਾਂ ਦੀ ਜਾਣਕਾਰੀ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਹ ਸਾਰੀਆਂ 14 ਐੱਫਆਈਆਰ ਮੁਖਰਜੀ ਨਗਰ, ਨਾਂਗਲੋਈ, ਉੱਤਮ ਨਗਰ, ਨਜ਼ਫਗੜ੍ਹ ਸੀਮਾਪੁਰੀ, ਬਾਬਾ ਹਰੀਦਾਸ ਨਗਰ, ਪੱਛਮ ਵਿਹਾਰ ਵੈਸਟ, ਅਲੀਪੁਰ ਆਊਟਰ ਅਤੇ ਮੁੰਡਕਾ ਆਊਟਰ ਪੁਲਿਸ ਥਾਣਿਆਂ ਵਿੱਚ ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ ਤਹਿਤ ਇਹ ਗ੍ਰਿਫ਼ਤਾਰੀਆਂ ਹੋਈਆਂ ਹਨ।
ਸਿਰਸਾ ਨੇ ਦੱਸਿਆ ਕਿ ਲਾਲ ਕਿਲ੍ਹੇ ਵਿੱਚ ਵਾਪਰੀਆਂ ਘਟਨਾਵਾਂ ਦੇ ਮਾਮਲੇ ਵਿੱਚ ਇਲਾਕੇ ਦਾ ਥਾਣਾ ਕੋਤਵਾਲੀ ਪੈਂਦਾ ਹੈ, ਜਿਸ ਵੱਲੋਂ ਹਾਲੇ ਤੱਕ ਇਸ ਮਾਮਲੇ ਵਿੱਚ ਕਿਸੇ ਵੀ ਵਿਅਕਤੀ ਦੀ ਗ੍ਰਿਫ਼ਤਾਰੀ ਨਹੀਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਲੱਤ ਵਿੱਚ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਇਆ ਨੌਜਵਾਨ ਅਰਸ਼ਦੀਪ ਸਿੰਘ ਇਸ ਵੇਲੇ ਸੇਂਟ ਸਟੀਫਨ ਵਿੱਚ ਦਾਖਲ ਹੈ ਤੇ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ।

Check Also

ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਦੇ ਭਾਸ਼ਨਾਂ ’ਤੇ ਲਿਆ ਨੋਟਿਸ

ਭਾਜਪਾ ਅਤੇ ਕਾਂਗਰਸ ਦੇ ਪ੍ਰਧਾਨ ਕੋਲੋਂ 29 ਅਪ੍ਰੈਲ ਤੱਕ ਮੰਗਿਆ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ : …