Breaking News
Home / ਪੰਜਾਬ / ਕਿਸਾਨ ਅੰਦੋਲਨ ਦੀ ਪਿੱਠ ‘ਤੇ ਆਈਆਂ ਹਰਿਆਣਾ ਦੀਆਂ ਖਾਪ ਪੰਚਾਇਤਾਂ

ਕਿਸਾਨ ਅੰਦੋਲਨ ਦੀ ਪਿੱਠ ‘ਤੇ ਆਈਆਂ ਹਰਿਆਣਾ ਦੀਆਂ ਖਾਪ ਪੰਚਾਇਤਾਂ

ਹਰੇਕ ਘਰ ‘ਚੋਂ ਇਕ ਮੈਂਬਰ ਦਿੱਲੀ ਸੰਘਰਸ਼ ‘ਚ ਭੇਜਣ ਦਾ ਹੋਕਾ
ਚੰਡੀਗੜ੍ਹ/ਬਿਊਰੋ ਨਿਊਜ਼ : ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਸਮਰਥਕਾਂ ਦੇ ਭਾਰੀ ਉਤਸ਼ਾਹ ਨਾਲ ਦਿੱਲੀ ਮੋਰਚੇ ਲਈ ਲਾਮਬੰਦੀ ਸ਼ੁਰੂ ਕਰ ਦਿੱਤੀ ਹੈ। ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਟੌਲ ਪਲਾਜ਼ਿਆਂ ‘ਤੇ ਧਰਨੇ ਦਿੱਤੇ ਜਾ ਰਹੇ ਹਨ ਅਤੇ ਕਾਰਪੋਰੇਟ ਘਰਾਣਿਆਂ ਦਾ ਘਿਰਾਓ ਕੀਤਾ ਜਾ ਰਿਹਾ ਹੈ।
ਇਸ ਤੋਂ ਇਲਾਵਾ ਵੱਡੀ ਗਿਣਤੀ ਕਿਸਾਨ ਟਰੈਕਟਰਾਂ ‘ਤੇ ਸਵਾਰ ਹੋ ਕੇ ਦਿੱਲੀ ਵੱਲ ਵਹੀਰਾਂ ਘੱਤ ਰਹੇ ਹਨ। ਹਰਿਆਣਾ ਦੀਆਂ ਸਮੁੱਚੀਆਂ ਖਾਪ ਪੰਚਾਇਤਾਂ ਨੇ ਰੋਹਤਕ ਵਿੱਚ ਬੈਠਕ ਕਰਕੇ ਕਿਸਾਨੀ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ ਅਤੇ ਹਰ ਇੱਕ ਪਿੰਡ ਦੇ ਹਰੇਕ ਘਰ ਵਿੱਚੋਂ ਇੱਕ ਜੀਅ ਦਿੱਲੀ ਵਿੱਚ ਕਿਸਾਨ ਅੰਦੋਲਨ ‘ਚ ਭੇਜਣ ਦਾ ਫ਼ੈਸਲਾ ਕੀਤਾ ਹੈ। ਹਲਕਾ ਚਰਖੀ ਦਾਦਰੀ ਤੋਂ ਆਜ਼ਾਦ ਵਿਧਾਇਕ ਅਤੇ ਸਾਂਗਵਾਨ ਖਾਪ ਦੇ ਪ੍ਰਧਾਨ ਸੋਮਵੀਰ ਸਾਂਗਵਾਨ ਦੀ ਅਗਵਾਈ ਹੇਠ ਖਾਪ ਦੀ ਮੀਟਿੰਗ ਕੀਤੀ ਗਈ। ਸਾਂਗਵਾਨ ਖਾਪ ਨੇ ਕਿਸਾਨੀ ਸੰਘਰਸ਼ ਦੀ ਹਰ ਪੱਖੋਂ ਹਮਾਇਤ ਕਰਨ ਦਾ ਐਲਾਨ ਕੀਤਾ ਹੈ। ਸੋਮਵੀਰ ਸਾਂਗਵਾਨ ਨੇ ਕਿਹਾ ਕਿ ਖੇਤੀ ਕਾਨੂੰਨ ਕਿਸਾਨ ਵਿਰੋਧੀ ਹਨ, ਇਸ ਲਈ ਕੇਂਦਰ ਸਰਕਾਰ ਵੱਲੋਂ ਕਰੋਨਾ ਕਾਲ ਦੌਰਾਨ ਇਨ੍ਹਾਂ ਨੂੰ ਜਬਰੀ ਲਿਆਂਦਾ ਗਿਆ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਖਾਪ ਪੰਚਾਇਤਾਂ ਵੱਲੋਂ ਰੋਜ਼ਾਨਾ 10 ਹਜ਼ਾਰ ਵਿਅਕਤੀ ਦਿੱਲੀ ਬਾਰਡਰ ‘ਤੇ ਭੇਜੇ ਜਾਣਗੇ।
ਸਾਂਗਵਾਨ ਨੇ ਦੱਸਿਆ ਕਿ ਇਹ ਅੰਦੋਲਨ ਕਿਸੇ ਜਾਤ-ਬਰਾਦਰੀ ਦਾ ਨਹੀਂ ਹੈ, ਇਹ ਜਨ ਅੰਦੋਲਨ ਹੈ, ਜਿਸ ਵਿੱਚ ਹਰੇਕ ਤਬਕੇ ਦੇ ਲੋਕਾਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ।
ਆਜ਼ਾਦ ਵਿਧਾਇਕ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਹਰਿਆਣਾ ਵਿੱਚ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ। ਸਾਂਗਵਾਨ ਨੇ ਕਿਹਾ ਕਿ ਸੂਬਾ ਸਰਕਾਰ ਹਰਿਆਣਾ ਵਿੱਚ ਇੰਟਰਨੈੱਟ ਸੇਵਾਵਾਂ ਵੀ ਜਲਦ ਬਹਾਲ ਕਰੇ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਰੁਕਾਵਟ ਨਾ ਪੈਦਾ ਹੋ ਸਕੇ।

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …