Breaking News
Home / ਪੰਜਾਬ / ਰਾਕੇਸ਼ ਟਿਕੈਤ ਦੇ ਹੰਝੂਆਂ ਨੇ ਕਿਸਾਨੀ ਸੰਘਰਸ਼ ‘ਚ ਪਾਈ ਨਵੀਂ ਜਾਨ

ਰਾਕੇਸ਼ ਟਿਕੈਤ ਦੇ ਹੰਝੂਆਂ ਨੇ ਕਿਸਾਨੀ ਸੰਘਰਸ਼ ‘ਚ ਪਾਈ ਨਵੀਂ ਜਾਨ

ਟਿਕੈਤ ਨੂੰ ਮਿਲਣ ਲੱਗੇ ਰਾਜਨੀਤਕ ਲੀਡਰ
ਨਵੀਂ ਦਿੱਲੀ : ਕਿਸਾਨਾਂ ਦੇ ਦਰਦ ਨੂੰ ਬਿਆਨ ਕਰਦੇ ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਹੰਝੂਆਂ ਨੇ ਸੰਘਰਸ਼ ਵਿਚ ਹੋਰ ਜਾਨ ਪਾਈ ਹੈ। ਇਸ ਤੋਂ ਬਾਅਦ ਬਹੁਤ ਸਾਰੇ ਰਾਜਨੀਤਕ ਆਗੂ ਵੀ ਟਿਕੈਤ ਨੂੰ ਮਿਲਣ ਪਹੁੰਚ ਰਹੇ ਹਨ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਤਵਾਰ ਨੂੰ ਰਾਕੇਸ਼ ਟਿਕੈਤ ਨੂੰ ਸਿਰੋਪਾ ਦੇ ਸਨਮਾਨਿਆ ਤੇ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਤੋਂ ਲਿਆਂਦਾ ਜਲ ਵੀ ਦਿੱਤਾ। ਬਾਦਲ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਕਿਸਾਨ ਅੰਦੋਲਨ ਦੀ ਸਫ਼ਲਤਾ ਲਈ ਸ਼੍ਰੋਮਣੀ ਅਕਾਲੀ ਦਲ ਪੂਰਾ ਸਮਰਥਨ ਦੇਵੇਗਾ। ਇਸ ਤੋਂ ਪਹਿਲਾਂ ਬਲਵੰਤ ਸਿੰਘ ਰਾਮੂਵਾਲੀਆ ਨੇ ਵੀ ਰਾਕੇਸ਼ ਟਿਕੈਤ ਨਾਲ ਮੁਲਾਕਾਤ ਕੀਤੀ ਸੀ ਅਤੇ ਕਿਹਾ ਸੀ ਕਿ ਕਿਸਾਨੀ ਅੰਦੋਲਨ ਦੀ ਗੂੰਜ 25 ਤੋਂ ਵੱਧ ਮੁਲਕਾਂ ਵਿਚ ਪੈ ਰਹੀ ਹੈ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਪੰਜਾਬ ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਵੀ ਸਾਥੀਆਂ ਸਮੇਤ ਰਕੇਸ਼ ਟਿਕੈਤ ਨੂੰ ਮਿਲਣ ਲਈ ਗਾਜ਼ੀਪੁਰ ਸਰਹੱਦ ‘ਤੇ ਪਹੁੰਚੇ। ਧਿਆਨ ਰਹੇ ਕਿ ਸ਼੍ਰੋਮਣੀ ਕਮੇਟੀ ਦੇ ਵਫਦ ਨੇ ਵੀ ਰਾਕੇਸ਼ ਟਿਕੈਤ ਨਾਲ ਮੁਲਾਕਾਤ ਕੀਤੀ ਹੈ। ਜ਼ਿਕਰਯੋਗ ਹੈ ਕਿ ਸੁਖਬੀਰ ਬਾਦਲ ਨੇ ਉਨ੍ਹਾਂ ਕਿਸਾਨਾਂ ਦੇ ਪਰਿਵਾਰਾਂ ਨਾਲ ਵੀ ਮੁਲਾਕਾਤ ਕੀਤੀ ਜਿਨ੍ਹਾਂ ਦੇ ਪਰਿਵਾਰਾਂ ਦੇ ਜੀਅ 26 ਜਨਵਰੀ ਤੋਂ ਲਾਪਤਾ ਹਨ ਜਾਂ ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋ ਗਏ ਹਨ। ਬਾਦਲ ਨੇ ਕਿਸਾਨਾਂ ਦੀ ਭਲਾਈ ਲਈ ਚੌਧਰੀ ਮਹਿੰਦਰ ਸਿੰਘ ਟਿਕੈਤ ਤੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਵੱਲੋਂ ਰਲ ਕੇ ਰਲੀਆਂ ਗਈਆਂ ਲੜਾਈਆਂ ਦਾ ਵੀ ਜ਼ਿਕਰ ਕੀਤਾ। ਰਾਕੇਸ਼ ਟਿਕੈਤ ਨੇ ਦੱਸਿਆ ਕਿ ਉਹ ਬਾਦਲ ਪਿੰਡ ਦਾ ਦੌਰਾ ਕਰਕੇ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕਰਨਗੇ। ਬਾਦਲ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ, ਹਰਿਆਣਾ, ਰਾਜਸਥਾਨ ਤੇ ਉੱਤਰ ਪ੍ਰਦੇਸ਼ ਤੋਂ ਇਲਾਵਾ ਦੇਸ਼ ਦੇ ਹੋਰ ਹਿੱਸਿਆਂ ਤੋਂ ਵੀ ਕਿਸਾਨ ਇਸ ਸੰਘਰਸ਼ ਵਿੱਚ ਇਕਜੁੱਟ ਹਨ।

Check Also

ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਮੋਰਿੰਡਾ, ਸ੍ਰੀ ਚਮਕੌਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੋਣ ਪ੍ਰਚਾਰ ਕੀਤਾ 

ਮੋਰਿੰਡਾ : ਸ੍ਰੀ ਅਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਆਪਣੀ ਚੋਣ ਮੁਹਿੰਮ …