ਇਕ ਵਾਰੀ ਖੇਤੀ ਕਾਨੂੰਨਾਂ ਦੇ ਫਾਇਦੇ ਤਾਂ ਦੱਸੋ
ਚੰਡੀਗੜ੍ਹ, ਬਿਊਰੋ ਨਿਊਜ਼
ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੇਂਦਰ ਸਰਕਾਰ, ਭਾਰਤੀ ਜਨਤਾ ਪਾਰਟੀ, ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ‘ਤੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਕੇਂਦਰੀ ਖੇਤੀ ਕਾਨੂੰਨਾਂ ਦੇ ਮਾਮਲੇ ‘ਚ ਆਮ ਆਦਮੀ ਪਾਰਟੀ ਕਾਂਗਰਸ ਖ਼ਿਲਾਫ਼ ਮਨਘੜਤ ਬਿਆਨਬਾਜ਼ੀ ਕਰ ਰਹੀ ਹੈ, ਜਿਸ ਦਾ ਕੋਈ ਆਧਾਰ ਨਹੀਂ ਹੈ। ਉਨ੍ਹਾਂ ਪੰਜਾਬ ਭਾਜਪਾ ਪ੍ਰਧਾਨ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਖੇਤੀ ਕਾਨੂੰਨਾਂ ਦੇ ਮਾਮਲੇ ‘ਤੇ ਉਹ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵਿਖੇ ਖੁੱਲ੍ਹੀ ਬਹਿਸ ਕਰ ਲੈਣ ਅਤੇ ਲੋਕਾਂ ਨੂੰ ਸਮਝਾਉਣ ਅਤੇ ਆਪਣਾ ਪੱਖ ਰੱਖਣ ਕਿ ਇਹ ਕਾਨੂੰਨ ਕਿਸਾਨਾਂ ਲਈ ਕਿਵੇਂ ਫ਼ਾਇਦੇਮੰਦ ਸਾਬਤ ਹੋਣਗੇ। ਜਾਖੜ ਨੇ ਕਿਹਾ ਕਿ ਜੇਕਰ ਪੰਜਾਬ ਭਾਜਪਾ ਪ੍ਰਧਾਨ ਨੂੰ ਕਿਸਾਨੀ ਬਾਰੇ ਜਾਣਕਾਰੀ ਨਹੀਂ ਹੈ ਤਾਂ ਉਹ ਕੇਂਦਰ ਤੋਂ ਵੀ ਕਿਸੇ ਨੂੰ ਇਸ ਬਹਿਸ ਲਈ ਬੁਲਾ ਸਕਦੇ ਹਨ।

