Breaking News
Home / ਪੰਜਾਬ / ਪੰਜਾਬ ਦੇ ਸੰਘਰਸ਼ੀ ਅਖਾੜਿਆਂ ‘ਚ ਕਿਸਾਨਾਂ ਦੀ ਗਿਣਤੀ ਵਧੀ

ਪੰਜਾਬ ਦੇ ਸੰਘਰਸ਼ੀ ਅਖਾੜਿਆਂ ‘ਚ ਕਿਸਾਨਾਂ ਦੀ ਗਿਣਤੀ ਵਧੀ

32 ਕਿਸਾਨ ਜਥੇਬੰਦੀਆਂ ਦੀ ਅਗਵਾਈ ‘ਚ ਦਿਨ-ਰਾਤ ਧਰਨੇ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅੰਦਰ 32 ਕਿਸਾਨ ਜਥੇਬੰਦੀਆਂ ਵੱਲੋਂ ਲੰਘੇ ਚਾਰ ਮਹੀਨਿਆਂ ਤੋਂ ਚਲਾਏ ਜਾ ਰਹੇ ਸੰਘਰਸ਼ੀ ਅਖਾੜਿਆਂ ਵਿੱਚ ਕਿਸਾਨਾਂ ਦੀ ਵਧ ਰਹੀ ਗਿਣਤੀ ਨੇ ਕਿਸਾਨੀ ਅੰਦੋਲਨ ਨੂੰ ਹੋਰ ਭਖਾ ਦਿੱਤਾ ਹੈ। ਹਰਿਆਣਾ ਅਤੇ ਉਤਰ ਪ੍ਰਦੇਸ਼ ਦੀਆਂ ਖਾਪ ਪੰਚਾਇਤਾਂ ਵੱਲੋਂ ਮੋਦੀ ਸਰਕਾਰ ਨੂੰ ਵਖਤ ਪਾਉਣ ਦੀ ਚਰਚਾ ਪੰਜਾਬ ਦੇ ਅਖਾੜਿਆਂ ਤੋਂ ਹੋਣ ਲੱਗੀ ਹੈ। ਸੂਬੇ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਸਵਾ ਸੌ ਤੋਂ ਵੱਧ ਥਾਵਾਂ ‘ਤੇ ਕਿਸਾਨਾਂ ਵੱਲੋਂ ਪਿਛਲੇ ਚਾਰ ਮਹੀਨਿਆਂ ਦੇ ਵੀ ਵੱਧ ਸਮੇਂ ਤੋਂ ਅਣਮਿਥੇ ਸਮੇਂ ਦੇ ਧਰਨੇ ਦਿਨ ਰਾਤ ਜਾਰੀ ਹਨ। ਇਨ੍ਹਾਂ ਵਿੱਚ ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਆਗੂਆਂ ਦੇ ਘਰਾਂ ਮੂਹਰੇ, ਟੌਲ ਪਲਾਜ਼ਿਆਂ ਉਪਰ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਮੂਹਰੇ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਅੰਦਰ, ਨਿੱਜੀ ਖੇਤਰ ਦੇ ਥਰਮਲ ਪਲਾਂਟ ਅਤੇ ਮੋਗਾ ਦੇ ਸਾਈਲੋ ਦੇ ਬਾਹਰ ਧਰਨੇ ਲੱਗੇ ਹੋਏ ਹਨ। ਕਿਸਾਨ ਬੁਲਾਰਿਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੰਬਾਨੀ ਤੇ ਅਡਾਨੀ ਦੇ ਏਜੰਟ ਵਜੋਂ ਸਿੱਧੀ ਭੂਮਿਕਾ ਨਿਭਾ ਰਹੇ ਹਨ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਪ੍ਰਧਾਨ ਮੰਤਰੀ ਵੱਲੋਂ ਸੰਸਦ ਵਿੱਚ ਦਿੱਤੇ ਭਾਸ਼ਣ ਨੂੰ ਗੁੰਮਰਾਹਕੁਨ ਕਰਾਰ ਦਿੱਤਾ ਹੈ।
ਬੁਲਾਰਿਆਂ ਨੇ ਕਿਹਾ ਕਿ ਅੰਦੋਲਨ ਅਤੇ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਨਰਿੰਦਰ ਮੋਦੀ ਅਤੇ ਭਾਜਪਾ ਕੂੜ ਪ੍ਰਚਾਰ ਕਰ ਰਹੀ ਹੈ ਜੋ ਮੋਦੀ ਸਰਕਾਰ ਦੇ ਅੰਤ ਦਾ ਆਧਾਰ ਬਣੇਗਾ। ਉਨ੍ਹਾਂ ਕਿਹਾ ਕਿ ਲੋਕ ਵਿਰੋਧੀ ਕਾਲੇ ਕਾਨੂੰਨਾਂ ਖਿਲਾਫ ਅੰਦੋਲਨ ਦੁਨੀਆਂ ਭਰ ਵਿਚ ਭਖ਼ ਗਿਆ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਪ੍ਰਧਾਨ ਮੰਤਰੀ ਦਾ ਇਹ ਕਹਿਣਾ ਕਿ ਉਹ ਕਿਸਾਨਾਂ ਤੋਂ ਇਕ ਕਾਲ ਦੀ ਦੂਰੀ ਉੱਤੇ ਹਨ ਦੂਜੇ ਪਾਸੇ ਸੜਕਾਂ ਉੱਪਰ ਕੰਧਾਂ, ਕਿੱਲ ਗੱਡਣੇ, ਕੰਡਿਆਲੀਆਂ ਤਾਰਾਂ ਲਗਾ ਕੇ ਸੜਕਾਂ ਰੋਕਣ ਵਰਗੀਆਂ ਚਾਲਾਂ ਹਿਟਲਰੀ ਚਿਹਰੇ ਦਾ ਪਰਦਾਫਾਸ਼ ਕਰਦੀਆਂ ਹਨ। ਕਿਸਾਨ ਆਗੂਆਂ ਸੁਖਦੇਵ ਸਿੰਘ ਕੋਕਰੀ ਕਲਾਂ, ਬੂਟਾ ਸਿੰਘ ਬੁਰਜ ਗਿੱਲ ਨੇ ਦੱਸਿਆ ਕਿ ਧਰਨਿਆਂ ‘ਤੇ ਲੋਕਾਂ ਦੀ ਭੀੜ ਪਹਿਲਾਂ ਨਾਲੋਂ ਵੀ ਜ਼ਿਆਦਾ ਜੁੜ ਰਹੀ ਹੈ। ਕਿਸਾਨ ਬੁਲਾਰਿਆਂ ਨੇ ਕਿਹਾ ਕਿ ਭਾਰਤ ਪੱਧਰੀ ਚੱਕਾ ਜਾਮ, ਖਾਪ ਪੰਚਾਇਤਾਂ ਦਾ ਇਕੱਠ ਅਤੇ ਪੰਜਾਬ ਦੇ ਧਰਨਿਆਂ ‘ਤੇ ਕਿਸਾਨਾਂ ਦੀ ਵਧਦੀ ਗਿਣਤੀ ਕਿਸਾਨੀ ਅੰਦੋਲਨ ਦੇ ਦਿਨ ਪ੍ਰਤੀ ਦਿਨ ਵਿਸ਼ਾਲ ਹੋਣ ਦਾ ਸਬੂਤ ਹੈ।
ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਦਾ ਆਧਾਰ ਆਰਐੱਸਐੱਸ ਤੇ ਕਾਰਪੋਰੇਟ ਹੈ। ਵਿਸ਼ਵ ਭਰ ਦੇ ਕਾਰਪੋਰੇਟ ਵੀ ਮੋਦੀ ਦਾ ਪੂਰਾ ਸਾਥ ਦੇ ਰਹੇ ਹਨ। 26 ਜਨਵਰੀ ਤੋਂ ਪਹਿਲਾਂ ਆਈਐੱਮਐੱਫ ਨੇ ਇਸੇ ਕਾਰਨ ਹੀ ਕਾਲੇ ਕਾਨੂੰਨਾਂ ਦੇ ਹੱਕ ਵਿੱਚ ਬਿਆਨ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸਰਕਾਰ ਦਿੱਲੀ ਅੰਦੋਲਨ ਦੌਰਾਨ ਗ੍ਰਿਫ਼ਤਾਰ ਕੀਤੇ ਕਿਸਾਨਾਂ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ‘ਤੇ ਦਰਜ ਝੂਠੇ ਪਰਚੇ ਰੱਦ ਕਰੇ। ਕਿਸਾਨ ਜਥੇਬੰਦੀਆਂ ਦੇ ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਇਸ ਅੰਦੋਲਨ ਨੂੰ ਵੱਖ-ਵੱਖ ਰਾਜਾਂ ਵਿਚ ਮਿਲ ਰਹੀ ਵੱਡੀ ਹਮਾਇਤ ਤੋਂ ਬੁਖਲਾ ਚੁੱਕੀ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਲੋਕ ਵਿਰੋਧੀ ਕਾਲੇ ਕਾਨੂੰਨ ਰੱਦ ਕੀਤੇ ਜਾਣ ਨਹੀਂ ਤਾਂ ਚੰਗੇ ਦਿਨਾਂ ਵਾਲੀ ਸਰਕਾਰ ਦੁਨੀਆਂ ਭਰ ਵਿਚ ਬਹੁਤ ਜਲਦ ਆਪਣੇ ਮਾੜੇ ਦਿਨ ਦੇਖਣ ਨੂੰ ਤਿਆਰ ਰਹੇ।

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …