ਟਿਕੈਤ, ਰਾਜੇਵਾਲ ਅਤੇ ਦਰਸ਼ਨਪਾਲ ਵੱਲੋਂ ਅੰਦੋਲਨ ਤੇਜ਼ ਕਰਨ ਦਾ ਸੱਦਾ
ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ (ਟਿਕੈਤ) ਦੇ ਮੁੱਖ ਬੁਲਾਰੇ ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਜਦੋਂ ਤੱਕ ਤਿੰਨ ਖੇਤੀ ਕਾਨੂੰਨਾਂ ‘ਤੇ ਲੀਕ ਮਾਰਨ, ਐੱਮਐੱਸਪੀ ‘ਤੇ ਫ਼ਸਲਾਂ ਦੀ ਖਰੀਦ ਦੀ ਕਾਨੂੰਨੀ ਗਾਰੰਟੀ, ਕਿਸਾਨ ਆਗੂਆਂ ਖਿਲਾਫ ਦਰਜ ਕੇਸ ਰੱਦ ਕਰਨ ਤੇ ਜੇਲ੍ਹਾਂ ‘ਚ ਬੰਦ ਕਿਸਾਨਾਂ ਤੇ ਹੋਰਨਾਂ ਦੀ ਰਿਹਾਈ ਸਮੇਤ ਹੋਰ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਕਿਸਾਨ ਉਦੋਂ ਤੱਕ ਘਰਾਂ ਨੂੰ ਨਹੀਂ ਪਰਤਣਗੇ। ਬੀਕੇਯੂ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸਰਕਾਰ ਸ਼ੁਰੂ ਤੋਂ ਹੀ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੇ ਰਾਹ ਪਈ ਹੋਈ ਹੈ ਤੇ 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਮੌਕੇ ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਹਿੰਸਾ ਉਸੇ ਕੜੀ ਦਾ ਹਿੱਸਾ ਸੀ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਡਾ. ਦਰਸ਼ਨ ਪਾਲ ਨੇ ਕਿਹਾ ਕਿ ਕਿਸਾਨਾਂ ਨੂੰ ਨਿਰਾਸ਼ ਕਰਨ ਵਾਲੀ ਹਰਿਆਣਾ ਦੀ ਖੱਟਰ ਸਰਕਾਰ ਨੂੰ ਨੈਤਿਕ ਤੌਰ ‘ਤੇ ਸੱਤਾ ਵਿੱਚ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ਸੰਯੁਕਤ ਕਿਸਾਨ ਮੋਰਚੇ ਦਾ ਹਿੱਸਾ ਇਹ ਤਿੰਨੇ ਆਗੂ ਕੇਂਦਰ ਸਰਕਾਰ ਵੱਲੋਂ ਕਿਸਾਨਾਂ ‘ਤੇ ਜਬਰੀ ਥੋਪੇ ਜਾ ਰਹੇ ਤਿੰਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਚਰਖੀ ਦਾਦਰੀ ‘ਚ ਕਿੱਟਲਾਣਾ ਟੌਲ ਪਲਾਜ਼ਾ ‘ਤੇ ਜੁੜੀ ਮਹਾਪੰਚਾਇਤ ਨੂੰ ਸੰਬੋਧਨ ਕਰ ਰਹੇ ਸਨ। ਮਹਾਪੰਚਾਇਤ ਸਾਂਗਵਾਨ ਖਾਪ ਅਤੇ ਵਿਧਾਨ ਸਭਾ ਹਲਕਾ ਚਰਖੀ ਦਾਦਰੀ ਤੋਂ ਵਿਧਾਇਕ ਸੋਮਵੀਰ ਸਾਂਗਵਾਨ ਵੱਲੋਂ ਵਿਉਂਤੀ ਗਈ ਸੀ। ਮਹਾਪੰਚਾਇਤ ਵਿੱਚ ਸਰਬਸੰਮਤੀ ਨਾਲ ਪੰਜ ਮਤੇ ਵੀ ਪਾਸ ਕੀਤੇ ਗਏ।
ਟਿਕੈਤ ਨੇ ਕਿਹਾ ਕਿ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਦੀ ਅਗਵਾਈ ਵਿੱਚ ਸ਼ੁਰੂ ਹੋਇਆ ਕਿਸਾਨੀ ਸੰਘਰਸ਼ ਜਨ ਅੰਦੋਲਨ ਦਾ ਰੂਪ ਧਾਰ ਚੁੱਕਿਆ ਹੈ। ਇਸ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਕੇਂਦਰ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਦੇ ਲੋਕਾਂ ਦੇ ਏਕੇ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਤੇ ਕਦੇ ਧਰਮ ਦੇ ਨਾਮ ‘ਤੇ ਵੰਡਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦਾ ਕਿਸਾਨ ਖੇਤੀ ਕਾਨੂੰਨਾਂ ਖ਼ਿਲਾਫ਼ ਇਕ ਹੈ, ਜਿਸ ਕਰਕੇ ਕੇਂਦਰ ਸਰਕਾਰ ਨੂੰ ਤਿੰਨੇ ਖੇਤੀ ਕਾਨੂੰਨ ਵਾਪਸ ਲੈਣੇ ਹੀ ਪੈਣਗੇ।
ਇਸ ਮੌਕੇ ਸਰਬਸੰਮਤੀ ਨਾਲ ਪੰਜ ਮਤੇ ਪਾਸ ਕੀਤੇ ਗਏ। ਇਨ੍ਹਾਂ ਵਿੱਚ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ, ਐੱਮਐੱਸਪੀ ‘ਤੇ ਫ਼ਸਲਾਂ ਦੀ ਯਕੀਨੀ ਖਰੀਦ, ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨਾ, ਕਿਸਾਨਾਂ ‘ਤੇ ਦਰਜ ਕੀਤੇ ਝੂਠੇ ਕੇਸ ਰੱਦ ਕਰਨਾ ਅਤੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਨੂੰ ਰਿਹਾਅ ਕਰਨਾ ਸ਼ਾਮਲ ਹਨ।
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਡਾ. ਦਰਸ਼ਨ ਪਾਲ ਨੇ ਕਿਹਾ ਕਿ ਹਰਿਆਣਾ ਦੀ ਭਾਜਪਾ ਸਰਕਾਰ ਨੇ ਲੋਕਾਂ ਨੂੰ ਨਿਰਾਸ਼ ਕੀਤਾ ਹੈ ਅਤੇ ਉਨ੍ਹਾਂ ਨੂੰ ਸੱਤਾ ਵਿੱਚ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ।
ਉਨ੍ਹਾਂ ਕਿਹਾ ਕਿ ਅੱਜ ਦੇਸ਼ ਦਾ ਕਿਸਾਨ ਠੰਢੀਆਂ ਰਾਤਾਂ ਵਿੱਚ ਸੰਘਰਸ਼ ਕਰ ਰਿਹਾ ਹੈ, ਪਰ ਕੇਂਦਰ ਸਰਕਾਰ ਉਨ੍ਹਾਂ ਨਾਲ ਗੱਲ ਕਰਨ ਲਈ ਵੀ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦਾ ਕਿਸਾਨ ਕੇਂਦਰ ਦੀਆਂ ਘਟੀਆ ਚਾਲਾਂ ਨੂੰ ਸਮਝ ਚੁੱਕਿਆ ਹੈ ਅਤੇ ਉਹ ਪਿੱਛੇ ਹਟਣ ਵਾਲਾ ਨਹੀਂ ਹੈ। ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਪਹਿਲੇ ਦਿਨ ਤੋਂ ਇਸ ਸੰਘਰਸ਼ ਨੂੰ ਕਮਜ਼ੋਰ ਕਰਨ ਲਈ ‘ਖਾਲਿਸਤਾਨ’, ‘ਪਾਕਿਸਤਾਨ’ ਅਤੇ ‘ਮਾਓਵਾਦੀਆਂ ਦਾ ਸੰਘਰਸ਼’ ਦੱਸਦੀ ਆ ਰਹੀ ਹੈ। ਉਸ ਤੋਂ ਬਾਅਦ ਗਣਤੰਤਰ ਦਿਵਸ ਵਾਲੇ ਦਿਨ ਸ਼ਰਾਰਤ ਕਰਕੇ ਸੰਘਰਸ਼ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਕਮਜ਼ੋਰ ਹੋਣ ਦੀ ਥਾਂ ਹੋਰ ਭਖਦਾ ਜਾ ਰਿਹਾ ਹੈ ਤੇ ਇਸ ਵਿੱਚ ਦੇਸ਼ ਭਰ ਤੋਂ ਲੋਕ ਸ਼ਮੂਲੀਅਤ ਕਰ ਰਹੇ ਹਨ।
ਰਾਜੇਵਾਲ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਤਿੰਨੇ ਕਾਨੂੰਨਾਂ ਨੂੰ ਰੱਦ ਕਰਕੇ ਅਤੇ ਫ਼ਸਲਾਂ ਦੀ ਐੱਮਐੱਸਪੀ ‘ਤੇ ਯਕੀਨਨ ਖਰੀਦ ਵਾਲਾ ਕਾਨੂੰਨ ਲੈ ਕੇ ਆਵੇ। ਜਦੋਂ ਤੱਕ ਸਰਕਾਰ ਕਿਸਾਨਾਂ ਦੀ ਮੰਗ ਨਹੀਂ ਮੰਨੇਗੀ ਤਾਂ ਇਹ ਸੰਘਰਸ਼ ਜਾਰੀ ਰਹੇਗਾ।
ਭਵਿੱਖ ‘ਚ ਮਹਿੰਗਾਈ ਵਧਾਉਣਗੇ ਨਵੇਂ ਕਾਨੂੰਨ : ਚੜੂਨੀ
ਬੀਕੇਯੂ (ਹਰਿਆਣਾ) ਦੇ ਗੁਰਨਾਮ ਸਿੰਘ ਚੜੂਨੀ ਨੇ ਨੂੰਹ ਅਤੇ ਪਲਵਲ ਵਿੱਚ ਰੱਖੀ ਕਿਸਾਨ ਮਹਾਪੰਚਾਇਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਤਿੰਨੇ ਖੇਤੀ ਕਾਨੂੰਨ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਤਿਆਰ ਕੀਤੇ ਗਏ ਹਨ, ਜੋ ਭਵਿੱਖ ਵਿੱਚ ਮਹਿੰਗਾਈ ਨੂੰ ਵਧਾਉਣਗੇ ਤੇ ਇਸ ਦਾ ਅਸਰ ਹਰ ਤਬਕੇ ਦੇ ਲੋਕਾਂ ‘ਤੇ ਪਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਦਾ ਕਿਸਾਨ ਕਰਜ਼ੇ ਹੇਠ ਦਬ ਕੇ ਖੁਦਕੁਸ਼ੀਆਂ ਕਰ ਰਿਹਾ ਹੈ। ਕੇਂਦਰ ਸਰਕਾਰ ਉਸ ਦੀਆਂ ਮੰਗਾਂ ਸੁਣਨ ਲਈ ਵੀ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰਹੇਗਾ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …