Breaking News
Home / ਹਫ਼ਤਾਵਾਰੀ ਫੇਰੀ / ਸਿੱਖ ਸ਼ਰਧਾਲੂਆਂ ਨੂੰ ਪਾਕਿ ਜਾਣ ਦੀ ਇਜਾਜ਼ਤ ਨਹੀਂ

ਸਿੱਖ ਸ਼ਰਧਾਲੂਆਂ ਨੂੰ ਪਾਕਿ ਜਾਣ ਦੀ ਇਜਾਜ਼ਤ ਨਹੀਂ

ਕੇਂਦਰੀ ਗ੍ਰਹਿ ਮੰਤਰਾਲੇ ਨੇ ਆਖਰੀ ਮੌਕੇ ‘ਤੇ ਸ਼੍ਰੋਮਣੀ ਕਮੇਟੀ ਨੂੰ ਕੀਤਾ ਸੂਚਿਤ
ਅੰਮ੍ਰਿਤਸਰ/ਬਿਊਰੋ ਨਿਊਜ਼ : ਸਾਕਾ ਨਨਕਾਣਾ ਸਾਹਿਬ ਦੇ ਸ਼ਤਾਬਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਭਾਰਤ ਸਰਕਾਰ ਨੇ ਐਨ ਆਖਰੀ ਮੌਕੇ ਪਾਕਿਸਤਾਨ ਜਾਣ ਤੋਂ ਰੋਕ ਦਿੱਤਾ ਹੈ।
ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਇੱਕ ਪੱਤਰ ਭੇਜ ਕੇ ਇਹ ਸੂਚਨਾ ਦਿੱਤੀ ਗਈ। ਮੰਤਰਾਲੇ ਦੇ ਪੱਤਰ ਮੁਤਾਬਕ ਸੁਰੱਖਿਆ ਅਤੇ ਕਰੋਨਾ ਕਾਰਨਾਂ ਕਰਕੇ ਜਥੇ ਨੂੰ ਜਾਣ ਦੀ ਆਗਿਆ ਨਹੀਂ ਦਿੱਤੀ ਗਈ। ਇਹ ਪੱਤਰ ਬੁੱਧਵਾਰ ਸ਼ਾਮ ਨੂੰ ਸ਼੍ਰੋਮਣੀ ਕਮੇਟੀ ਕੋਲ ਪੁੱਜਿਆ, ਜੋ ਕੇਂਦਰੀ ਗ੍ਰਹਿ ਮੰਤਰਾਲੇ ਦੇ ਜੁਆਇੰਟ ਡਾਇਰੈਕਟਰ ਅਵੀ ਪ੍ਰਕਾਸ਼ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਾਂ ਫੈਕਸ ਰਾਹੀਂ ਭੇਜਿਆ ਗਿਆ ਹੈ। ਪੱਤਰ ਵਿੱਚ ਉਨਾਂ ਲਿਖਿਆ ਕਿ 18 ਫਰਵਰੀ ਨੂੰ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਪਾਕਿਸਤਾਨ ਜਾਣ ਦੀ ਆਗਿਆ ਨਹੀਂ ਦਿੱਤੀ ਗਈ। ਉਨਾਂ ਦੱਸਿਆ ਕਿ ਖੁਫ਼ੀਆ ਰਿਪੋਰਟਾਂ ਮਿਲੀਆਂ ਹਨ ਕਿ ਪਾਕਿਸਤਾਨ ਜਾਣ ਵਾਲੇ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਨੂੰ ਖ਼ਤਰਾ ਹੈ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਹ ਸੂਚਨਾ ਮਿਲਣ ਤੋਂ ਬਾਅਦ ਦੱਸਿਆ ਕਿ 700 ਤੋਂ ਵੱਧ ਸ਼ਰਧਾਲੂਆਂ ਦਾ ਪਾਕਿਸਤਾਨ ਜਾਣ ਦਾ ਪ੍ਰੋਗਰਾਮ ਸੀ, ਜਿਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ, ਸ਼੍ਰੋਮਣੀ ਕਮੇਟੀ ਮੈਂਬਰ ਅਤੇ ਹੋਰ ਪਤਵੰਤੇ ਸ਼ਾਮਲ ਸਨ। ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਸਬੰਧੀ ਹੋਣ ਵਾਲੇ ਸਮਾਗਮਾਂ ‘ਚ ਸ਼ਰਧਾਲੂਆਂ ਦੀ ਸ਼ਮੂਲੀਅਤ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਸਨ। ਪਾਕਿਸਤਾਨੀ ਸਫ਼ਾਰਤਖਾਨੇ ਵੱਲੋਂ ਸ਼੍ਰੋਮਣੀ ਕਮੇਟੀ ਨੂੰ 505 ਅਤੇ ਲੱਗਪਗ 230 ਸ਼ਰਧਾਲੂਆਂ ਨੂੰ ਸਿੱਧੇ ਤੌਰ ‘ਤੇ ਵੀਜ਼ੇ ਦਿੱਤੇ ਗਏ ਸਨ। ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਨੂੰ ਪਾਸਪੋਰਟ ਅਤੇ ਵੀਜ਼ੇ ਵੰਡ ਦਿੱਤੇ ਹਨ ਅਤੇ ਕਰੋਨਾ ਰੋਕਥਾਮ ਦੇ ਟੀਕੇ ਲਗਵਾ ਦਿੱਤੇ ਸਨ। ਉਨਾਂ ਦੱਸਿਆ ਕਿ ਪਾਕਿਸਤਾਨ ਵਿੱਚ ਵੀ ਸ਼ਤਾਬਦੀ ਸਮਾਗਮਾਂ ਅਤੇ ਸ਼ਰਧਾਲੂਆਂ ਦੀ ਸਹੂਲਤ ਵਾਸਤੇ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਚੁੱਕੇ ਸਨ। ਵੱਖ-ਵੱਖ ਗੁਰਧਾਮਾਂ ਦੀ ਯਾਤਰਾ ਵਾਸਤੇ 27 ਲੱਖ ਰੁਪਏ 20 ਬੱਸਾਂ ਦੇ ਕਿਰਾਏ ਵਜੋਂ ਖਰਚੇ ਜਾ ਚੁੱਕੇ ਹਨ। ਜ਼ਿਕਰਯੋਗ ਹੈ ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਦੇ ਸਮਾਗਮ 19 ਤੋਂ 21 ਫਰਵਰੀ ਤਕ ਪਾਕਿਸਤਾਨ ਅਤੇ ਭਾਰਤ ਵਿੱਚ ਦੋਵਾਂ ਥਾਵਾਂ ‘ਤੇ ਉਲੀਕੇ ਗਏ ਹਨ। ਪਾਕਿਸਤਾਨ ਵਿੱਚ ਸਿੱਖ ਸ਼ਰਧਾਲੂਆਂ ਨੇ 18 ਤੋਂ 25 ਫਰਵਰੀ ਤੱਕ ਗੁਰਧਾਮਾਂ ਦੀ ਯਾਤਰਾ ਕਰਨੀ ਸੀ।

ਜਥੇ ਨੂੰ ਆਗਿਆ ਨਾ ਦੇਣਾ ਮੰਦਭਾਗਾ : ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਪਾਕਿਸਤਾਨ ਭੇਜਣ ਦੀ ਆਗਿਆ ਨਾ ਦਿੱਤੇ ਜਾਣ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨਾਂ ਇਸ ਨੂੰ ਸਿੱਖਾਂ ਦੀ ਸ਼ਰਧਾ ‘ਤੇ ਹਮਲਾ ਅਤੇ ਮੰਦਭਾਗਾ ਫ਼ੈਸਲਾ ਕਰਾਰ ਦਿੱਤਾ ਹੈ। ਉਨਾਂ ਕਿਹਾ ਕਿ ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਸਨ ਪਰ ਐਨ ਆਖਰੀ ਮੌਕੇ ਆਗਿਆ ਨਹੀਂ ਦਿੱਤੀ ਗਈ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ।

Check Also

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਖੁੱਲ੍ਹੇ

ਅੰਮ੍ਰਿਤਸਰ : ਉੱਤਰਾਖੰਡ ਵਿਖੇ 15 ਹਜ਼ਾਰ ਫੁੱਟ ਦੀ ਉਚਾਈ ‘ਤੇ ਸਥਾਪਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ …