14.1 C
Toronto
Friday, September 12, 2025
spot_img
Homeਹਫ਼ਤਾਵਾਰੀ ਫੇਰੀਕਿਸਾਨਾਂ ਨੇ ਰੇਲਾਂ ਕੀਤੀਆਂ ਜਾਮ

ਕਿਸਾਨਾਂ ਨੇ ਰੇਲਾਂ ਕੀਤੀਆਂ ਜਾਮ

ਭਾਰਤ ਭਰ ‘ਚ ਰੇਲ ਰੋਕੋ ਅੰਦੋਲਨ ਨੂੰ ਭਰਵਾਂ ਹੁੰਗਾਰਾ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਵਿਵਾਦਤ ਤਿੰਨ ਨਵੇਂ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਸੰਘਰਸ਼ ਲਗਾਤਾਰ ਜਾਰੀ ਹੈ। ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨੀ ਸੰਘਰਸ਼ ਨੂੰ ਤਿੰਨ ਮਹੀਨੇ ਹੋਣ ਵਾਲੇ ਹਨ। ਇਨ੍ਹਾਂ ਖੇਤੀ ਕਾਨੂੰਨਾਂ ਖਿਲਾਫ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਰੇਲ ਰੋਕੇ ਅੰਦੋਲਨ ਦੇ ਸੱਦੇ ਤਹਿਤ ਅੱਜ ਦੁਪਹਿਰੇ 12 ਵਜੇ ਤੋਂ ਸ਼ਾਮ 4 ਵਜੇ ਤੱਕ ਭਾਰਤ ਵਿਚ ਰੇਲਾਂ ਰੋਕੀਆਂ ਗਈਆਂ। ਇਸ ਰੇਲ ਰੋਕੋ ਅੰਦੋਲਨ ਨੂੰ ਪੰਜਾਬ ਅਤੇ ਹਰਿਆਣਾ ਵਿਚ ਭਰਵਾਂ ਹੁੰਗਾਰਾ ਮਿਲਿਆ। ਰਾਜਸਥਾਨ ਵਿਚ ਵੀ ਰੇਲ ਰੋਕੋ ਅੰਦੋਲਨ ਦਾ ਅਸਰ ਦੇਖਿਆ ਗਿਆ।
ਜ਼ਿਕਰਯੋਗ ਹੈ ਕਿ ਕਿਸਾਨ ਅੱਜ ਸਵੇਰ ਤੋਂ ਹੀ ਰੇਲ ਦੀਆਂ ਲਾਈਨਾਂ ‘ਤੇ ਪਹੁੰਚ ਗਏ ਸਨ ਅਤੇ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਗਏ ਸੱਦੇ ਅਨੁਸਾਰ 12 ਵਜੇ ਤੋਂ 4 ਵਜੇ ਤੱਕ ਰੇਲਾਂ ਰੋਕੀਆਂ ਗਈਆਂ। ਇਸੇ ਦੌਰਾਨ ਪੱਛਮੀ ਬੰਗਾਲ ‘ਚ ਵੀ ਰੇਲ ਰੋਕੋ ਅੰਦੋਲਨ ਨੂੰ ਭਰਵਾਂ ਹੁੰਗਾਰਾ ਮਿਲਆ। ਇਥੇ ਵੀ ਕਈ ਥਾਂਈਂ ਕਿਸਾਨਾਂ ਨੇ ਰੇਲ ਪਟੜੀਆਂ ‘ਤੇ ਧਰਨਾ ਦੇ ਕੇ ਰੇਲ ਆਵਜਾਈ ਨੂੰ ਰੋਕਿਆ। ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਕਿਸਾਨਾਂ ਦਾ ਅਗਲਾ ਟੀਚਾ ਟਰੈਕਟਰਾਂ ‘ਤੇ ਕੋਲਕਾਤਾ ਜਾਣਾ ਹੈ। ਸਭ ਤੋਂ ਰਾਹਤ ਦੀ ਗੱਲ ਇਹ ਰਹੀ ਕਿ ਇਹ ਅੰਦੋਲਨ ਬਿਲਕੁਲ ਹੀ ਸ਼ਾਂਤੀਪੂਰਨ ਰਿਹਾ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਕੋਈ ਖਬਰ ਨਹੀਂ ਹੈ।
ਪੰਜਾਬ ‘ਚ ਰੇਲ ਆਵਾਜਾਈ ਰਹੀ ਠੱਪ
ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚੇ ਵੱਲੋਂ ਵੀਰਵਾਰ ਨੂੰ ਚਾਰ ਘੰਟਿਆਂ ਲਈ ਰੇਲ ਰੋਕੋ ਅੰਦੋਲਨ ਦਾ ਸੱਦਾ ਦਿੱਤਾ ਗਿਆ ਸੀ। ਜਿਸ ਨੂੰ ਲੈ ਕੇ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਕਿਸਾਨਾਂ ਨੇ ਪੂਰੀ ਤਰ੍ਹਾਂ ਰੇਲਾਂ ਦਾ ਚੱਕਾ ਜਾਮ ਕਰਕੇ ਰੱਖਿਆ। ਇਸ ਦੌਰਾਨ ਪੰਜਾਬ ਭਰ ਵਿਚ ਸਮੁੱਚੀਆਂ ਰੇਲ ਲਾਈਨਾਂ ‘ਤੇ ਕਿਸਾਨਾਂ ਨੇ ਧਰਨੇ ਦਿੱਤੇ ਅਤੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ। ਇਥੇ ਜ਼ਿਕਰਯੋਗ ਹੈ ਕਿ ਵੱਡੀ ਗਿਣਤੀ ਵਿਚ ਕਿਸਾਨ 12 ਵਜੇ ਤੋਂ ਪਹਿਲਾਂ ਹੀ ਰੇਲਵੇ ਲਾਈਨਾਂ ‘ਤੇ ਪਹੁੰਚ ਚੁੱਕੇ ਸਨ। ਇਸ ਅੰਦੋਲਨ ਵਿਚ ਵੱਡੀ ਗਿਣਤੀ ਬੀਬੀਆਂ ਨੇ ਵੀ ਸ਼ਮੂਲੀਅਤ ਕੀਤੀ। ਰੇਲਵੇ ਵਿਭਾਗ ਨੇ ਵੀ ਕਿਸਾਨਾਂ ਦੇ ਇਸ ਅੰਦੋਲਨ ਨੂੰ ਸ਼ਾਂਤੀਪੂਰਵਕ ਦੱਸਿਆ ਹੈ। ਕਿਸਾਨ ਆਗੂਆਂ ਨੇ ਰੇਲ ਰੋਕੋ ਅੰਦੋਲਨ ਤੋਂ ਬਾਅਦ ਕਿਹਾ ਕਿ ਹੁਣ ਅਗਲੇ ਸੰਘਰਸ਼ ਦੀ ਰੂਪਰੇਖਾ ਐਲਾਨੀ ਜਾਵੇਗੀ। ਜ਼ਿਕਰਯੋਗ ਹੈ ਕਿ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾ ਵੱਲੋਂ ਸੰਘਰਸ਼ ਲਗਾਤਾਰ ਜਾਰੀ ਹੈ, ਪਰ ਮੋਦੀ ਸਰਕਾਰ ਦੇ ਕੰਨ ‘ਤੇ ਜੂੰ ਨਹੀਂ ਸਰਕ ਰਹੀ।

RELATED ARTICLES
POPULAR POSTS