Breaking News
Home / ਪੰਜਾਬ / ਹਰਿਆਣਾ ਦੇ ਖੇਤੀ ਮੰਤਰੀ ਜੇਪੀ ਦਲਾਲ ਖਿਲਾਫ ਮੁਹਿੰਮ ਸ਼ੁਰੂ

ਹਰਿਆਣਾ ਦੇ ਖੇਤੀ ਮੰਤਰੀ ਜੇਪੀ ਦਲਾਲ ਖਿਲਾਫ ਮੁਹਿੰਮ ਸ਼ੁਰੂ

ਕਿਸਾਨ ਆਗੂਆਂ ਨੇ ਦਲਾਲ ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ
ਚੰਡੀਗੜ੍ਹ : ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਢਾਈ ਮਹੀਨੇ ਤੋਂ ਕੌਮੀ ਰਾਜਧਾਨੀ ‘ਚ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਬਾਰੇ ਹਰਿਆਣਾ ਦੇ ਖੇਤੀ ਮੰਤਰੀ ਜੇਪੀ ਦਲਾਲ ਵੱਲੋਂ ਲੰਘੇ ਦਿਨੀਂ ਕੀਤੀ ਗਈ ਵਿਵਾਦਤ ਟਿੱਪਣੀ ਦੇ ਰੋਸ ਵਜੋਂ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਨੇ ਖੇਤੀ ਮੰਤਰੀ ਦੇ ਪੁਤਲੇ ਸਾੜਦਿਆਂ ‘ਜੇਪੀ ਦਲਾਲ ਕੁਰਸੀ ਛੱਡੋ’ ਮੁਹਿੰਮ ਸ਼ੁਰੂ ਕੀਤੀ। ਇਸ ਤੋਂ ਇਲਾਵਾ ਸੂਬੇ ਭਰ ਵਿੱਚ ਕਿਸਾਨ ਜਥੇਬੰਦੀਆਂ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਰਾਜਪਾਲ ਦੇ ਨਾਂ ਮੰਗ ਪੱਤਰ ਦੇ ਕੇ ਜੇਪੀ ਦਲਾਲ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਹਿਸਾਰ, ਟੋਹਾਣਾ, ਕਰਨਾਲ, ਜੀਂਦ, ਪਲਵਲ, ਖੇੜੀ ਮਾਨ ਸਿੰਘ ਵਾਲਾ, ਖਟਕੜ ਟੌਲ ਪਲਾਜ਼ਾ, ਕੁਰੂਕਸ਼ੇਤਰ, ਪਾਣੀਪਤ ਸਣੇ ਸੂਬੇ ਭਰ ਵਿੱਚ ਜੇਪੀ ਦਲਾਲ ਦੇ ਪੁਤਲੇ ਸਾੜੇ ਗਏ ਹਨ। ਇਸ ਦੌਰਾਨ ਕਿਸਾਨ ਆਗੂਆਂ ਨੇ ਭਾਜਪਾ/ਜੇਜੇਪੀ ਦੇ ਨਾਲ ਨਾਲ ਵਿਸ਼ੇਸ਼ ਤੌਰ ‘ਤੇ ਜੇਪੀ ਦਲਾਲ ਦੇ ਬਾਈਕਾਟ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਜੇਪੀ ਦਲਾਲ ਦੇ ਸਾਰੇ ਸਮਾਗਮਾਂ ਦਾ ਵਿਰੋਧ ਕੀਤਾ ਜਾਵੇਗਾ ਤੇ ਉਨ੍ਹਾਂ ਨੂੰ ਕਿਸੇ ਵੀ ਪਿੰਡ ਜਾਂ ਸ਼ਹਿਰ ਵਿੱਚ ਦਾਖਲ ਹੋਣ ਦੀ ਪ੍ਰਵਾਨਗੀ ਨਹੀਂ ਦਿੱਤੀ ਜਾਵੇਗੀ। ਇਸ ਦੇ ਬਾਵਜੂਦ ਜੇਕਰ ਉਹ ਕਿਸੇ ਪਿੰਡ ਜਾਂ ਸ਼ਹਿਰ ‘ਚ ਦਾਖਲ ਹੁੰਦੇ ਹਨ ਤਾਂ ਉਸ ਦੇ ਜ਼ਿੰਮੇਵਾਰ ਉਹ ਖੁਦ ਹੋਣਗੇ। ਭਿਵਾਨੀ ਵਿੱਚ ਭਾਰਤੀ ਕਿਸਾਨ ਯੂਨੀਅਨ ਨੇ ਜੇਪੀ ਦਲਾਲ ਦੇ ਵਿਰੋਧ ‘ਚ ਟਰੈਕਟਰ ਮਾਰਚ ਕੱਢਿਆ ਗਿਆ ਜਿਸ ਤੋਂ ਬਾਅਦ ਖੇਤੀ ਮੰਤਰੀ ਦਾ ਪੁਤਲਾ ਸਾੜ ਕੇ ਭਿਵਾਨੀ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ ਦਿੱਤਾ। ਇਸ ਮੌਕੇ ਕਿਸਾਨ ਯੂਨੀਅਨ ਦੇ ਆਗੂ ਰਵੀ ਆਜ਼ਾਦ ਨੇ ਕਿਹਾ ਕਿ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਸੰਘਰਸ਼ ਵਿੱਚ 200 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ ਪਰ ਹਰਿਆਣਾ ਦੇ ਖੇਤੀ ਮੰਤਰੀ ਵੱਲੋਂ ਸ਼ਹੀਦ ਕਿਸਾਨਾਂ ਬਾਰੇ ਕੀਤੀ ਗਈ ਟਿੱਪਣੀ ਭਾਜਪਾ ਨੇਤਾਵਾਂ ਦੀ ਸੋਚ ਜੱਗ ਜ਼ਾਹਿਰ ਕਰਦੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਪਹਿਲਾਂ ਅਜਿਹੇ ਲੋਕ ਵਿਰੋਧੀ ਸੋਚ ਵਾਲੇ ਮੰਤਰੀਆਂ ਨੂੰ ਬਰਖਾਸਤ ਕਰਨਾ ਚਾਹੀਦਾ ਹੈ। ਸਾਬਕਾ ਮੰਤਰੀ ਪਰਮਵੀਰ ਸਿੰਘ ਨੇ ਕਿਹਾ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ। ਉਸ ਬਾਰੇ ਅਜਿਹੀ ਟਿੱਪਣੀ ਕਰਨਾ ਗਲਤ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਖੇਤੀ ਕਾਨੂੰਨ ਕਿਸਾਨ ਵਿਰੋਧੀ ਹਨ ਅਤੇ ਕੇਂਦਰ ਸਰਕਾਰ ਨੂੰ ਤਿੰਨਾਂ ਕਾਨੂੰਨਾਂ ਨੂੰ ਰੱਦ ਕਰਨਾ ਚਾਹੀਦਾ ਹੈ। ਪਲਵਲ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਕਿਸਾਨ ਜਥੇਬੰਦੀਆਂ ਨੇ ਜੇਪੀ ਦਲਾਲ ਦੀ ਟਿੱਪਣੀ ‘ਤੇ ਨਿੰਦਾ ਮਤਾ ਪੇਸ਼ ਕੀਤਾ ਗਿਆ। ਕਿਸਾਨ ਆਗੂਆਂ ਨੇ ਖੇਤੀ ਮੰਤਰੀ ਦਾ ਵਿਰੋਧ ਕਰਦਿਆਂ ਕਿਹਾ ਕਿ ਜੇਪੀ ਦਲਾਲ ਨੂੰ ਪਲਵਲ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।

Check Also

ਮਲਿਕਾ ਅਰਜੁਨ ਖੜਗੇ ਨੇ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਚੁੱਕੇ ਸਵਾਲ

ਕਿਹਾ : ਪੰਜਾਬ ਨੂੰ ਨਸ਼ਿਆਂ ਨੇ ਕਰ ਦਿੱਤਾ ਹੈ ਤਬਾਹ ਅੰਮਿ੍ਰਤਸਰ/ਬਿਊਰੋ ਨਿਊਜ਼ : ਕਾਂਗਰਸ ਪਾਰਟੀ …