ਲੁਧਿਆਣਾ/ਬਿਊਰੋ ਨਿਊਜ਼ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ ਔਰਤ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਪੁਲਿਸ ਵੱਲੋਂ ਨਾਮਜ਼ਦ ਕੀਤੇ ਦੋ ਨੌਜਵਾਨਾਂ ਵੱਲੋਂ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ ਗਿਆ, ਜਿਸ ‘ਤੇ ਅਦਾਲਤ ਵੱਲੋਂ ਇਨ੍ਹਾਂ ਦੋਵਾਂ ਦਾ ਪੁਲਿਸ ਰਿਮਾਂਡ ਦੇ ਦਿੱਤਾ।
ਜਾਣਕਾਰੀ ਅਨੁਸਾਰ 26 ਜੁਲਾਈ ਨੂੰ ਪਿੰਡ ਆਲਮਗੀਰ ਵਿਚ ਪਿੰਡ ਘਵੱਦੀ ਵਾਸੀ ਬਲਵਿੰਦਰ ਕੌਰ ਨੂੰ ਗੋਲੀਆਂ ਮਾਰ ਕੇ ਗੁਰਦੁਆਰਾ ਸਾਹਿਬ ਦੇ ਬਾਹਰ ਉਸ ਦੀ ਹੱਤਿਆ ਕਰ ਦਿੱਤੀ ਗਈ ਸੀ। ਬਲਵਿੰਦਰ ਕੌਰ ਖਿਲਾਫ਼ ਪਿਛਲੇ ਸਾਲ ਪੁਲਿਸ ਨੇ ਪਿੰਡ ਘਵੱਦੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੇ ਮਾਮਲੇ ਵਿਚ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ। ਅਜੇ ਕੁਝ ਦਿਨ ਪਹਿਲਾਂ ਹੀ ਇਹ ਔਰਤ ਜ਼ਮਾਨਤ ‘ਤੇ ਬਾਹਰ ਆਈ ਸੀ।
ਪੁਲਿਸ ਵੱਲੋਂ ਇਸ ਮਾਮਲੇ ਵਿਚ ਗੁਰਪ੍ਰੀਤ ਸਿੰਘ ਵਾਸੀ ਪਿੰਡ ਜਾਗੋਵਾਲ ਸੰਗਰੂਰ ਅਤੇ ਉਸ ਦੇ ਸਾਥੀ ਨਿਹਾਲ ਸਿੰਘ ਉਰਫ਼ ਜਸਪ੍ਰੀਤ ਸਿੰਘ ਵਾਸੀ ਪਟਿਆਲਾ ਨੂੰ ਨਾਮਜ਼ਦ ਕਰਕੇ ਇਨ੍ਹਾਂ ਦੋਵਾਂ ਖਿਲਾਫ਼ ਧਾਰਾ 302 ਤਹਿਤ ਕੇਸ ਦਰਜ ਕੀਤਾ ਗਿਆ ਸੀ। ਪੁਲਿਸ ਦਾ ਕਹਿਣਾ ਸੀ ਕਿ ਇਨ੍ਹਾਂ ਦੋਵਾਂ ਵਿਅਕਤੀਆਂ ਨੂੰ ਗੁਰਦੁਆਰਾ ਰੋਡ ‘ਤੇ ਲੱਗੇ ਸੀ ਸੀ ਟੀ ਵੀ ਕੈਮਰਿਆਂ ਦੇ ਆਧਾਰ ‘ਤੇ ਨਾਮਜ਼ਦ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਜਤਿੰਦਰ ਸਿੰਘ ਔਲਖ ਨੇ ਦੱਸਿਆ ਕਿ ਘਟਨਾ ਵਾਲੇ ਦਿਨ ਇਨ੍ਹਾਂ ਦੋਵਾਂ ਨੇ ਬਲਵਿੰਦਰ ਕੌਰ ਨੂੰ ਉਸ ਦਾ ਕੇਸ ਜਲਦ ਖਤਮ ਕਰਵਾਉਣ ਦਾ ਕਹਿ ਕੇ ਗੁਰਦੁਆਰਾ ਆਲਮਗੀਰ ਸਾਹਿਬ ਵਿਖੇ ਬੁਲਾਇਆ ਸੀ ਅਤੇ ਕੁਝ ਮਿੰਟ ਦੀ ਗੱਲਬਾਤ ਕਰਨ ਉਪਰੰਤ ਇਨ੍ਹਾਂ ਨੇ ਬਲਵਿੰਦਰ ਕੌਰ ਨੂੰ ਗੋਲੀ ਮਾਰ ਦਿੱਤੀ, ਜਿਸ ਦੇ ਸਿੱਟੇ ਵਜੋਂ ਉਹ ਮੌਕੇ ‘ਤੇ ਹੀ ਦਮ ਤੋੜ ਗਈ। ਅਦਾਲਤ ਵਿਚ ਪੇਸ਼ੀ ਸਮੇਂ ਦੋਵੇਂ ਸਿੰਘ ਹਾਸਲੇ ਵਿਚ ਨਜ਼ਰ ਆ ਰਹੇ ਸਨ। ਇਨ੍ਹਾਂ ਦੋਵਾਂ ਨੇ ਦੱਸਿਆ ਕਿ ਕੁਝ ਲੋਕ ਉਨ੍ਹਾਂ ਦੇ ਨਾਂ ‘ਤੇ ਵਿਦੇਸ਼ਾਂ ਵਿਚੋਂ ਪੈਸੇ ਇਕੱਠੇ ਕਰ ਰਹੇ ਹਨ, ਪਰ ਉਨ੍ਹਾਂ ਨੂੰ ਇਸ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਵਿਦੇਸ਼ਾਂ ਵਿਚ ਰਹਿੰਦੇ ਸਿੱਖਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੇ ਨਾਮ ‘ਤੇ ਕਿਸੇ ਨੂੰ ਕੋਈ ਵੀ ਪੈਸਾ ਨਾ ਦਿੱਤਾ ਜਾਵੇ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …