Breaking News
Home / ਪੰਜਾਬ / ਜਨ ਅੰਦੋਲਨ ਬਣਿਆ ਕਿਸਾਨੀ ਸੰਘਰਸ਼

ਜਨ ਅੰਦੋਲਨ ਬਣਿਆ ਕਿਸਾਨੀ ਸੰਘਰਸ਼

ਕਿਸਾਨ ਅੰਦੋਲਨ ਦੇ ‘ਮੰਚ ਤੇ ਪੰਚ’ ਰਾਜੇਵਾਲ, ਦਰਸ਼ਨਪਾਲ ਤੇ ਚੜੂਨੀ ਹੀ ਹੋਣਗੇ : ਟਿਕੈਤ
ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਇੰਦਰੀ ਵਿੱਚ ਹੋਈ ਕਿਸਾਨ ਮਹਾਪੰਚਾਇਤ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕੇਂਦਰ ਦੀ ਨਰਿੰਦਰ ਮੋਦੀ ਹਕੂਮਤ ‘ਤੇ ਵਰ੍ਹਦਿਆਂ ਕਿਹਾ ਕਿ ਸਰਕਾਰ ਕਿਸਾਨ ਸੰਘਰਸ਼ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨ ਪਾਲ, ਗੁਰਨਾਮ ਸਿੰਘ ਚੜੂਨੀ ਸਣੇ ਹੋਰਨਾਂ ਆਗੂਆਂ ਦੇ ਹਵਾਲੇ ਨਾਲ ਕਿਹਾ ਕਿ ਕਿਸਾਨ ਅੰਦੋਲਨ ਦੇ ‘ਮੰਚ ਅਤੇ ਪੰਚ’ ਉਹੀ ਰਹਿਣਗੇ ਤੇ ਇਨ੍ਹਾਂ ਵੱਲੋਂ ਲਏ ਗਏ ਫ਼ੈਸਲਿਆਂ ਨੂੰ ਹੀ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਦੀ ਮੰਗ ਹੈ ਕਿ ਤਿੰਨੋਂ ਕਾਨੂੰਨ ਰੱਦ ਕੀਤੇ ਜਾਣ ਅਤੇ ਐੱਮਐੱਸਪੀ ‘ਤੇ ਫ਼ਸਲਾਂ ਦੀ ਖਰੀਦ ਦੀ ਗਾਰੰਟੀ ਵਾਲਾ ਕਾਨੂੰਨ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਹ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਬੀਕੇਯੂ (ਟਿਕੈਤ) ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨਾਂ ਦੇ ਹੱਕਾਂ ਲਈ ਸ਼ੁਰੂ ਕੀਤਾ ਗਿਆ ਸੰਘਰਸ਼ ਅੱਜ ਜਨ ਅੰਦੋਲਨ ਬਣ ਚੁੱਕਿਆ ਹੈ। ਇਸ ਅੰਦੋਲਨ ਨੂੰ ਦੇਸ਼ ਭਰ ਵਿੱਚ ਲਿਜਾਇਆ ਜਾਵੇਗਾ। ਇਸ ਦੌਰਾਨ ਗੁਜਰਾਤ ਅਤੇ ਦੇਸ਼ ਦੇ ਹੋਰਨਾਂ ਸੂਬਿਆਂ ਦੇ ਕਿਸਾਨਾਂ ਤੇ ਆਮ ਲੋਕਾਂ ਨੂੰ ਇਨ੍ਹਾਂ ਕਾਨੂੰਨਾਂ ਵਿਚਲੀਆਂ ਖਾਮੀਆਂ ਬਾਰੇ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਇੰਨੇ ਵੱਡੇ ਇਕੱਠ ਕੇਂਦਰ ਸਰਕਾਰ ਨੂੰ ਦਿਖਾਈ ਨਹੀਂ ਦੇ ਰਹੇ ਹਨ। ਦੇਸ਼ ਦੇ ਪ੍ਰਧਾਨ ਮੰਤਰੀ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਮੰਨਦੇ ਹੋਏ ਕਿਸਾਨ ਜ਼ਿੰਦਾਬਾਦ ਦਾ ਨਾਅਰਾ ਨਹੀਂ ਲਗਾਉਣਗੇ, ਉਦੋਂ ਤੱਕ ਕੇਂਦਰ ਸਰਕਾਰ ਨੂੰ ਬੈਠਣ ਨਹੀਂ ਦਿੱਤਾ ਜਾਵੇਗਾ। ਕਰਨਾਲ ਦੇ ਇੰਦਰੀ ਵਿੱਚ ਹੋਈ ਕਿਸਾਨ ਮਹਾਪੰਚਾਇਤ ਵਿੱਚ ਪੰਜਾਬ ਤੋਂ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨ ਪਾਲ, ਗੁਰਨਾਮ ਸਿੰਘ ਚੜੂਨੀ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਹੋਰ ਆਗੂ ਵੀ ਹਾਜ਼ਰ ਸਨ। ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਦੇਸ਼ ਦਾ ਕਿਸਾਨ ਕੇਂਦਰ ਦੀ ਗਲਤ ਨੀਤੀਆਂ ਖ਼ਿਲਾਫ਼ ਸੰਘਰਸ਼ ਕਰ ਰਿਹਾ ਹੈ, ਪਰ ਕੇਂਦਰ ਸਰਕਾਰ ਆਪਣਾ ਅੜੀਅਲ ਵਤੀਰਾ ਛੱਡਣ ਲਈ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਕਿਸਾਨਾਂ ਨੂੰ ‘ਪਰਜੀਵੀ’ ਕਹਿਣ ਸਬੰਧੀ ਕਿਸਾਨਾਂ ਵਿੱਚ ਭਾਰੀ ਰੋਸ ਹੈ, ਜਿਸ ਕਰਕੇ ਅੱਜ ਪੰਜਾਬ, ਹਰਿਆਣਾ ਸਣੇ ਹੋਰਨਾਂ ਸੂਬਿਆਂ ਦੇ ਹਰੇਕ ਘਰ ਤੋਂ ਲੋਕ ਕਿਸਾਨ ਅੰਦੋਲਨ ਵਿੱਚ ਹਿੱਸਾ ਲੈ ਰਹੇ ਹਨ। ਰਾਜੇਵਾਲ ਨੇ ਕਿਹਾ ਕਿ ਕਿਸਾਨਾਂ ਦੀ ਮੰਗ ਹੈ ਕਿ ਤਿੰਨੋਂ ਖੇਤੀ ਕਾਨੂੰਨ ਰੱਦ ਕਰਕੇ ਐੱਮਐੱਸਪੀ ‘ਤੇ ਫ਼ਸਲਾਂ ਦੀ ਖਰੀਦ ਦੀ ਗਾਰੰਟੀ ਵਾਲਾ ਕਾਨੂੰਨ ਲਿਆਂਦਾ ਜਾਵੇ ਅਤੇ ਜਦੋਂ ਤੱਕ ਸਰਕਾਰ ਕਿਸਾਨਾਂ ਦੀ ਮੰਗ ਨਹੀਂ ਮੰਨਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਡਾ. ਦਰਸ਼ਨ ਪਾਲ ਨੇ ਕਿਹਾ ਕਿ ਦੇਸ਼ ਦਾ ਕਿਸਾਨ ਕੇਂਦਰ ਦੀਆਂ ਘਟੀਆ ਚਾਲਾਂ ਨੂੰ ਸਮਝ ਚੁੱਕਿਆ ਹੈ ਅਤੇ ਉਹ ਪਿੱਛੇ ਹਟਣ ਵਾਲਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨ ਮਹਾਪੰਚਾਇਤਾਂ ਵਿੱਚ ਵੱਡੀ ਗਿਣਤੀ ਵਿੱਚ ਲੋਕ ਸ਼ਾਮਲ ਹੋ ਰਹੇ ਹਨ ਅਤੇ ਹੁਣ ਦੇਸ਼ ਭਰ ਵਿੱਚ ਕਿਸਾਨ ਮਹਾਪੰਚਾਇਤਾਂ ਕੀਤੀਆਂ ਜਾਣਗੀਆਂ। ਗੁਰਨਾਮ ਸਿੰਘ ਚੜੂਨੀ ਨੇ ਦੱਸਿਆ ਕਿ ਕੇਂਦਰੀ ਖੇਤੀ ਕਾਨੂੰਨ ਕਿਸਾਨੀ ਨੂੰ ਤਬਾਹ ਕਰ ਦੇਣਗੇ ਅਤੇ ਦੇਸ਼ ਵਿੱਚ ਮਹਿੰਗਾਈ ਨੂੰ ਵਧਾਉਣਗੇ ਤੇ ਇਸ ਦਾ ਅਸਰ ਹਰ ਤਬਕੇ ਦੇ ਲੋਕਾਂ ‘ਤੇ ਪਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸਾਨ ਅੰਦੋਲਨ ਵਿੱਚ ਵਧ ਚੜ੍ਹ ਕੇ ਹਿੱਸਾ ਲਿਆ ਜਾਵੇ ਤਾਂ ਜੋ ਕੇਂਦਰ ਸਰਕਾਰ ਦੀਆਂ ਅੱਖਾਂ ਖੁੱਲ੍ਹ ਜਾਣ। ਟਿਕੈਤ ਨੇ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਅੰਦੋਲਨ ਨਹੀਂ ਸਗੋਂ, ਵੈਚਾਰਿਕ ਕ੍ਰਾਂਤੀ ਸ਼ੁਰੂ ਹੋਈ ਹੈ ਜੋ ਹੁਣ ਵਿਚਾਰਾਂ ਨਾਲ ਹੀ ਖਤਮ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਜੇਕਰ ਮਸਲਾ ਸੁਲਝਾਉਣਾ ਚਾਹੁੰਦੀ ਹੈ ਤਾਂ ਆਪਣਾ ਮੋਬਾਈਲ ਨੰਬਰ ਦੇਵੇ ਸਾਡੇ ਨੇਤਾ ਗੱਲ ਕਰ ਲੈਣਗੇ। ਉੱਧਰ ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੇ ਸੂਬਾਈ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਡਿਪਟੀ ਸੀਐੱਮ ਦੁਸ਼ਯੰਤ ਚੌਟਾਲਾ ਨੂੰ ਜਨਤਾ ਦਾ ਗ਼ੱਦਾਰ ਦੱਸਿਆ।

Check Also

ਭਗਵੰਤ ਮਾਨ ਨੇ ‘ਆਪ’ ਵਿਧਾਇਕਾਂ ਨੂੰ ਕੀਤਾ ਸੁਚੇਤ

ਫੁੱਟ ਪਾਊ ਤਾਕਤਾਂ ਤੋਂ ਸੁਚੇਤ ਰਹਿਣ ਦਾ ਦਿੱਤਾ ਸੱਦਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ …