Breaking News
Home / ਹਫ਼ਤਾਵਾਰੀ ਫੇਰੀ / ਕੈਪਟਨ ਦੀ ਅਗਵਾਈ ‘ਚ ਹੀ 2022 ਦੀਆਂ ਵਿਧਾਨ ਸਭਾ ਚੋਣਾਂ ਲੜੇਗੀ ਪਾਰਟੀ

ਕੈਪਟਨ ਦੀ ਅਗਵਾਈ ‘ਚ ਹੀ 2022 ਦੀਆਂ ਵਿਧਾਨ ਸਭਾ ਚੋਣਾਂ ਲੜੇਗੀ ਪਾਰਟੀ

ਮਿਸ਼ਨ 2022 ਲਈ ਹੋ ਚੁੱਕੀ ਹੈ ਸ਼ੁਰੂਆਤ : ਜਾਖੜ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਕਾਂਗਰਸ ਪਾਰਟੀ ਕੈਪਟਨ ਅਮਰਿੰਦਰ ਦੀ ਅਗਵਾਈ ‘ਚ ਹੀ 2022 ਦੀਆਂ ਵਿਧਾਨ ਸਭਾ ਚੋਣਾਂ ਲੜੇਗੀ। ਇਹ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੀਤਾ ਹੈ। ਜਾਖੜ ਨੇ ਕਿਹਾ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਾਰਟੀ ਦੀ ਅਗਵਾਈ ਕਰਨਗੇ ਕਿਉਂਕਿ ਹਾਲ ਹੀ ਵਿੱਚ ਹੋਈਆਂ ਮਿਉਂਸਿਪਲ ਚੋਣਾਂ ਵਿੱਚ ਸੂਬੇ ਦੇ ਲੋਕਾਂ ਨੇ ਕਾਂਗਰਸ ਪਾਰਟੀ ਨੂੰ ਸਪੱਸ਼ਟ ਫਤਵਾ ਦੇ ਕੇ ਮੁੱਖ ਮੰਤਰੀ ਦੀ ਲੀਡਰਸ਼ਿਪ ‘ਚ ਵਿਸ਼ਵਾਸ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ‘ਮਿਸ਼ਨ-2022 ਲਈ ਕੈਪਟਨ’ ਦੀ ਸ਼ੁਰੂਆਤ ਪਹਿਲਾਂ ਹੀ ਕਰ ਚੁੱਕੀ ਹੈ ਅਤੇ ਅਗਲੀਆਂ ਚੋਣਾਂ ਵੀ ਉਨ੍ਹਾਂ ਦੀ ਅਗਵਾਈ ਵਿੱਚ ਹੀ ਲੜੇਗੀ। ਮੁੱਖ ਮੰਤਰੀ ਦੀ ਸ਼ਲਾਘਾ ਕਰਦਿਆਂ ਜਾਖੜ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਔਖੇ ਸਮਿਆਂ ਵਿੱਚ ਕਾਂਗਰਸ ਦੀ ਅਗਵਾਈ ਕੀਤੀ ਹੈ ਅਤੇ ਪੰਜਾਬ ਦੇ ਲੋਕ ਸੂਬੇ ਪ੍ਰਤੀ ਉਨ੍ਹਾਂ ਦੇ ਯੋਗਦਾਨ ਨੂੰ ਭਲੀ-ਭਾਂਤ ਜਾਣਦੇ ਹਨ। ਉਨ੍ਹਾਂ ਕੇਂਦਰ ‘ਤੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਦਾ ਸਮਰਥਨ ਕਰਨ ਦੇ ਇਵਜ਼ ਵਿੱਚ ਸੂਬੇ ਨੂੰ ਸਜ਼ਾ ਦੇਣ ਲਈ ਕੇਂਦਰ ਸਰਕਾਰ ਨੇ ਆਰਥਿਕ ਨਾਕਾਬੰਦੀ ਸਣੇ ਹਰ ਢੰਗ ਵਰਤਿਆ ਹੈ। ਇਸ ਵੇਲੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਧੀਨ ਮੁਲਕ ਦਾ ਸੰਘੀ ਢਾਂਚਾ ਖ਼ਤਰੇ ਹੇਠ ਹੈ। ਉਨ੍ਹਾਂ ਹਾਲ ਹੀ ਵਿੱਚ ਪਾਕਿਸਤਾਨ ਵਿੱਚ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਜਥੇ ਨੂੰ ਇਜਾਜ਼ਤ ਦੇਣ ਤੋਂ ਇਨਕਾਰ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ‘ਤੇ ਸਵਾਲ ਚੁੱਕੇ।
ਕਾਂਗਰਸ ਦਫਤਰ ‘ਚ ਹੋਏ ਸਮਾਗਮ ਦੌਰਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਸੰਘਰਸ਼ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਥਾਂ ਕੇਂਦਰ ਸਰਕਾਰ ਨੇ ਨਨਕਾਣਾ ਸਾਹਿਬ ਜਾਣ ਲਈ ਸਿੱਖ ਜਥੇ ਨੂੰ ਆਗਿਆ ਨਾ ਦੇ ਕੇ ਆਪਣੀ ਫਿਰਕੂ ਸੋਚ ਦਾ ਹੀ ਪ੍ਰਗਟਾਵਾ ਕੀਤਾ ਹੈ। ਉਨਾਂ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਨੂੰ ਦਬਾਉਣ ਲਈ ਹਰ ਹੀਲਾ ਵਰਤ ਰਹੀ ਹੈ ਪਰ ਪੰਜਾਬ ਲੋਕਤੰਤਰਿਕ ਤਰੀਕੇ ਨਾਲ ਆਪਣਾ ਸੰਘਰਸ਼ ਜਾਰੀ ਰੱਖੇਗਾ। ਇਸ ਮੌਕੇ ਕਾਂਗਰਸ ਦੇ ਸੂਬਾ ਇੰਜਾਰਜ ਹਰੀਸ਼ ਰਾਵਤ ਵੀ ਮੌਜੂਦ ਸਨ। ਜਾਖੜ ਨੇ ਕਿਹਾ ਕਿ ਹੁਣ ਪਾਰਟੀ ‘2022 ਲਈ ਕੈਪਟਨ’ ਦੇ ਨਾਅਰੇ ਨੂੰ ਸੱਚ ਕਰਨ ਲਈ ਪੰਜਾਬ ਸਰਕਾਰ ਦੀਆਂ ਸਕੀਮਾਂ, ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਘਰ-ਘਰ ਤੱਕ ਲੈ ਕੇ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਪਾਰਟੀ ਦੇ ਉਲਟ ਜਾ ਕੇ ਕੰਮ ਕਰਨ ਵਾਲਿਆਂ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ।
ਹੁਣ ਕੈਪਟਨ ਦੇ ਨਾਂ ‘ਤੇ ਵੋਟ ਦੇਣ ਤੋਂ ਪਹਿਲਾਂ ਲੋਕ ਜ਼ਰੂਰ ਸੋਚਣਗੇ : ਪਰਗਟ ਸਿੰਘ
ਚੰਡੀਗੜ੍ਹ : ਇੱਕ ਪਾਸੇ ਜਿੱਥੇ ਕਾਂਗਰਸ ਨੂੰ ਵਿਰੋਧੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਆਪਣਿਆਂ ਵੱਲੋਂ ਵੀ ਸਮੇਂ ਸਮੇਂ ਸਿਰ ਬਾਗ਼ੀ ਸੁਰ ਅਪਣਾਏ ਜਾ ਰਹੇ ਹਨ। ਇਸਦੇ ਚਲਦਿਆਂ ਇਕ ਵਾਰ ਫਿਰ ਕਾਂਗਰਸੀ ਵਿਧਾਇਕ ਪਰਗਟ ਸਿੰਘ ਵੱਲੋਂ ਆਪਣੀ ਹੀ ਪਾਰਟੀ ਵਿਰੁੱਧ ਤਿੱਖੇ ਤੇਵਰ ਦਿਖਾਏ ਗਏ। ਪਰਗਟ ਸਿੰਘ ਦਾ ਕਹਿਣਾ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਕੈਪਟਨ ਅਮਰਿੰਦਰ ਦੇ ਨਾਮ ‘ਤੇ ਕਾਂਗਰਸ ਨੂੰ ਵੋਟ ਦੇਣ ਤੋਂ ਪਹਿਲਾਂ ਲੋਕ ਇੱਕ ਵਾਰ ਜ਼ਰੂਰ ਸੋਚਣਗੇ।

Check Also

ਲੋਕ ਸਭਾ ਚੋਣਾਂ ‘ਚੋਂ ਲੋਕ ਮੁੱਦੇ ਗਾਇਬ ਸਿੱਠਣੀਆਂ ਦਾ ਦੌਰ ਸ਼ੁਰੂ

ਨਾ ਕਾਰਜਾਂ ਦੀ ਗੱਲ, ਨਾ ਯੋਜਨਾਵਾਂ ਦਾ ਹਵਾਲਾ-ਇਕ ਲੀਡਰ ਸਵਾਲ ਕਰਦਾ ਹੈ ਦੂਜਾ ਦਿੰਦਾ ਹੈ …