ਕਿਸਾਨਾਂ ਦੇ ਹੱਕ ‘ਚ ਖੱਟਰ ਸਰਕਾਰ ਤੋਂ ਹਮਾਇਤ ਵਾਪਸ ਲੈਣ ਵਾਲੇ ਕੁੰਡੂ ਦੇ ਘਰ ਈਡੀ ਨੇ ਮਾਰੇ ਸਨ ਛਾਪੇ
ਚੰਡੀਗੜ੍ਹ : ਕਿਸਾਨਾਂ ਦੀ ਹਮਾਇਤ ਵਿੱਚ ਹਰਿਆਣਾ ਦੀ ਖੱਟਰ ਸਰਕਾਰ ਤੋਂ ਸਮਰਥਨ ਵਾਪਸ ਲੈ ਚੁੱਕੇ ਵਿਧਾਨ ਸਭਾ ਹਲਕਾ ਮਹਿਮ ਤੋਂ ਆਜ਼ਾਦ ਵਿਧਾਇਕ ਬਲਰਾਜ ਕੁੰਡੂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਘਰ ਇੱਕ ਹਫ਼ਤਾ ਪਹਿਲਾਂ ਆਮਦਨ ਕਰ ਵਿਭਾਗ ਦੀ ਟੀਮ ਵੱਲੋਂ ਮਾਰੇ ਛਾਪੇ ਦੀ ਕਿਸਾਨ ਜਥੇਬੰਦੀਆਂ ਨੇ ਨਿਖੇਧੀ ਕੀਤੀ ਹੈ। ਹਰਿਆਣਾ ਦੀਆਂ ਦਰਜਨਾਂ ਖਾਪ ਪੰਚਾਇਤਾਂ ਦੇ ਆਗੂਆਂ ਨੇ ਰੋਹਤਕ ਵਿੱਚ ਮੀਟਿੰਗ ਕਰਕੇ ਕੁੰਡੂ ਦੀ ਹਮਾਇਤ ਕਰਨ ਦਾ ਐਲਾਨ ਕੀਤਾ। ਉਨ੍ਹਾਂ ਨੇ ਸਰਕਾਰ ਦੀ ਕਾਰਵਾਈ ਖਿਲਾਫ ਨਿੰਦਾ ਮਤਾ ਪਾਸ ਕਰਦਿਆਂ ਸਰਕਾਰ ਦੀ ਲੋਕ ਵਿਰੋਧੀ ਕਾਰਵਾਈ ਖਿਲਾਫ ਮਹਾਪੰਚਾਇਤਾਂ ਕਰਨ ਦਾ ਸੱਦਾ ਦਿੱਤਾ। ਖਾਪ ਪੰਚਾਇਤਾਂ ਦੇ ਆਗੂਆਂ ਨੇ ਇਸ ਕਾਰਵਾਈ ਨੂੰ ਬੰਦ ਕਰਨ ਦੀ ਮੰਗ ਕੀਤੀ ਹੈ। ’84 ਖਾਪ’ ਦੇ ਪ੍ਰਧਾਨ ਹਰਦੀਪ ਅਹਿਲਾਵਤ ਨੇ ਕਿਹਾ ਕਿ ਮਹਿਮ ਤੋਂ ਆਜ਼ਾਦ ਵਿਧਾਇਕ ਬਲਰਾਜ ਕੁੰਡੂ ਦੇ ਘਰ ਛਾਪਾ ਬਹੁਤ ਛੋਟੀ ਹਰਕਤ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਅੰਦੋਲਨ ਦੀ ਹਮਾਇਤ ਕਰਨ ਵਾਲਿਆਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸੇ ਤਹਿਤ ਕੁੰਡੂ ਅਤੇ ਉਸ ਦੇ ਰਿਸ਼ਤੇਦਾਰਾਂ ਘਰ ਛਾਪੇ ਮਾਰੇ ਗਏ ਹਨ। ਉਨ੍ਹਾਂ ਕਿਹਾ ਕਿ ਬਲਰਾਜ ਕੁੰਡੂ ਕਿਸਾਨਾਂ ਦੀ ਹਮਾਇਤ ਦੇ ਨਾਲ-ਨਾਲ ਗਰੀਬਾਂ ਦੀ ਮਦਦ ਕਰਦਾ ਆ ਰਿਹਾ ਹੈ ਅਤੇ ਵੱਡੀ ਗਿਣਤੀ ਲੋਕਾਂ ਨੂੰ ਰੁਜ਼ਗਾਰ ਦੇ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਕੁੰਡੂ ਖ਼ਿਲਾਫ਼ ਚੱਲ ਰਹੀ ਕਾਰਵਾਈ ਨੂੰ ਤੁਰੰਤ ਬੰਦ ਕਰੇ। ਖਾਪ ਪੰਚਾਇਤਾਂ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਪਹਿਲੇ ਦਿਨ ਤੋਂ ਕਿਸਾਨ ਸੰਘਰਸ਼ ਨੂੰ ਕਮਜ਼ੋਰ ਕਰਨ ਦੇ ਪੈਂਤੜੇ ਖੇਡਦੀ ਆ ਰਹੀ ਹੈ। ਸਰਕਾਰ ਨੇ ਪਹਿਲਾਂ ਵੀ ਆੜ੍ਹਤੀਆਂ ਅਤੇ ਕਈ ਕਿਸਾਨ ਆਗੂਆਂ ਨੂੰ ਨੋਟਿਸ ਜਾਰੀ ਕੀਤੇ ਸਨ ਤੇ ਹੁਣ ਕਿਸਾਨ ਹਮਾਇਤੀਆਂ ਦੇ ਘਰ ਆਮਦਨ ਕਰ ਵਿਭਾਗ ਦੇ ਛਾਪੇ ਮਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਸਰਕਾਰ ਦੀ ਕੋਝੀਆਂ ਚਾਲਾਂ ਅੱਗੇ ਝੁਕਣ ਵਾਲੇ ਨਹੀਂ। ਦੱਸਣਯੋਗ ਹੈ ਕਿ ਬੀਤੀ 25 ਫਰਵਰੀ ਨੂੰ ਸਵੇਰੇ ਬਲਰਾਜ ਕੁੰਡੂ ਦੇ ਰੋਹਤਕ ਸੈਕਟਰ-14 ਵਿੱਚ ਸਥਿਤ ਘਰ, ਗੁਰੂਗ੍ਰਾਮ, ਦਿੱਲੀ ਅਤੇ ਹੋਰਨਾਂ ਥਾਵਾਂ ‘ਤੇ ਸਥਿਤ ਦਫ਼ਤਰ ਦੇ ਨਾਲ-ਨਾਲ ਹਿਸਾਰ ਵਿੱਚ ਰਹਿੰਦੇ ਸਹੁਰੇ ਘਰ ਸਮੇਤ ਕਰੀਬ 30 ਥਾਵਾਂ ‘ਤੇ ਛਾਪੇ ਮਾਰੇ ਗਏ ਸਨ। ਇਸ ਦੌਰਾਨ ਆਮਦਨ ਕਰ ਵਿਭਾਗ ਦੀ ਟੀਮ ਨੇ ਇੱਕ ਕਰੋੜ ਰੁਪਏ ਦੀ ਨਕਦੀ ਅਤੇ ਅਮਰੀਕਨ ਡਾਲਰ ਬਰਾਮਦ ਕਰਨ ਦਾ ਦਾਅਵਾ ਕੀਤਾ ਸੀ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …