Breaking News
Home / ਪੰਜਾਬ / ਪੰਜਾਬ ‘ਚ ਕਾਰਪੋਰੇਟ ਅਦਾਰਿਆਂ ਤੇ ਟੌਲ ਪਲਾਜ਼ਿਆਂ ਅੱਗੇ ਕਿਸਾਨੀ ਸੰਘਰਸ਼ ਲਗਾਤਾਰ ਜਾਰੀ

ਪੰਜਾਬ ‘ਚ ਕਾਰਪੋਰੇਟ ਅਦਾਰਿਆਂ ਤੇ ਟੌਲ ਪਲਾਜ਼ਿਆਂ ਅੱਗੇ ਕਿਸਾਨੀ ਸੰਘਰਸ਼ ਲਗਾਤਾਰ ਜਾਰੀ

8 ਮਾਰਚ ਦੇ ਮਹਿਲਾ ਕਿਸਾਨ ਦਿਵਸ ਲਈ ਪੂਰੀਆਂ ਤਿਆਰੀਆਂ
ਚੰਡੀਗੜ੍ਹ : ਖੇਤੀ ਕਾਨੂੰਨਾਂ ਦੀ ਵਾਪਸੀ ਲਈ ਪਿਛਲੇ ਪੰਜ ਮਹੀਨਿਆਂ ਤੋਂ ਸੰਘਰਸ਼ ਕਰ ਰਹੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਪੰਜਾਬ ਵਿੱਚ ਟੌਲ ਪਲਾਜ਼ਿਆਂ, ਕਾਰਪੋਰੇਟ ਘਰਾਣਿਆਂ ਅਤੇ ਭਾਜਪਾ ਦਫ਼ਤਰਾਂ ਸਣੇ 125 ਤੋਂ ਵੱਧ ਥਾਵਾਂ ‘ਤੇ ਧਰਨੇ ਜਾਰੀ ਹਨ। ਇਨ੍ਹਾਂ ਧਰਨਿਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਦਾ ਅੰਨਦਾਤਾ ਆਪਣੇ ਹੱਕਾਂ ਲਈ ਕੌਮੀ ਰਾਜਧਾਨੀ ਵਿੱਚ ਲੜਾਈ ਲੜ ਰਿਹਾ ਹੈ।
ਇਸ ਦੌਰਾਨ 250 ਦੇ ਕਰੀਬ ਕਿਸਾਨ ਸ਼ਹੀਦ ਹੋ ਚੁੱਕੇ ਹਨ ਪਰ ਕੇਂਦਰ ਸਰਕਾਰ ਆਪਣਾ ਅੜੀਅਲ ਵਤੀਰਾ ਛੱਡਣ ਲਈ ਤਿਆਰ ਨਹੀਂ। ਕਿਸਾਨ ਆਗੂਆਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਨੇ ਮੀਟਿੰਗ ਦੌਰਾਨ ਕਿਸਾਨ ਅੰਦੋਲਨ ਦੀ ਅਗਲੀ ਰੂਪ ਰੇਖਾ ਤਿਆਰ ਕਰ ਲਈ ਹੈ, ਜਿਸ ਤਹਿਤ 6 ਮਾਰਚ ਨੂੰ ਦਿੱਲੀ ਕੇਐੱਮਪੀ ਐਕਸਪ੍ਰੈਸ ਵੇਅ ‘ਤੇ 5 ਘੰਟੇ ਦੀ ਨਾਕਾਬੰਦੀ ਕਰਨ ਲਈ ਪੰਜਾਬ ਤੋਂ ਕਿਸਾਨ ਦਿੱਲੀ ਵੱਲ ਕੂਚ ਕਰਨਗੇ। ਇਸ ਦੇ ਨਾਲ ਹੀ 8 ਮਾਰਚ ਨੂੰ ਮਹਿਲਾ ਕਿਸਾਨ ਦਿਵਸ ਮੌਕੇ ਕਿਸਾਨ ਸੰਘਰਸ਼ਾਂ ਵਿੱਚ ਮਹਿਲਾਵਾਂ ਦੇ ਵੱਡੇ ਇਕੱਠ ਵਿਖਾਈ ਦੇਣਗੇ। ਇਸ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਦਿਨ ਕਿਸਾਨੀ ਸੰਘਰਸ਼ ਦੀ ਅਗਵਾਈ ਮਹਿਲਾਵਾਂ ਹੀ ਕਰਨਗੀਆਂ। ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜਨਰਲ ਸਕੱਤਰ ਜਗਮੋਹਨ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਂ ‘ਤੇ ਲਿਆਂਦੇ ਗਏ ਤਿੰਨੇ ਕਾਨੂੰਨ ਖੇਤੀਬਾੜੀ ਨੂੰ ਤਬਾਹ ਕਰ ਦੇਣਗੇ।
ਹਰਿਆਣਾ ਵਿੱਚ ਕਿਸਾਨੀ ਸੰਘਰਸ਼ ਹੋਰ ਮਘਿਆ
ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਹਰਿਆਣਾ ਵਿੱਚ ਵੀ ਕਿਸਾਨੀ ਸੰਘਰਸ਼ ਦਾ ਉਤਸ਼ਾਹ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਸੂਬੇ ਵਿੱਚ ਟੌਲ ਪਲਾਜ਼ਿਆਂ, ਕਾਰਪੋਰੇਟ ਘਰਾਣਿਆਂ ਅਤੇ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਧਰਨੇ ਜਾਰੀ ਰਹੇ। ਇਨ੍ਹਾਂ ਧਰਨਿਆਂ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ ਅਤੇ ਬੱਚੇ ਕਿਸਾਨ ਸੰਘਰਸ਼ ਵਿੱਚ ਸ਼ਾਮਲ ਹੋਏ, ਜਿਨ੍ਹਾਂ ਨੇ ਕੇਂਦਰ ਸਰਕਾਰ ਤੋਂ ਤਿੰਨੇ ਖੇਤੀ ਕਾਨੂੰਨ ਰੱਦ ਕਰਕੇ ਐੱਮਐੱਸਪੀ ‘ਤੇ ਫ਼ਸਲਾਂ ਦੀ ਖਰੀਦ ਦੀ ਗਾਰੰਟੀ ਵਾਲਾ ਕਾਨੂੰਨ ਲਿਆਉਣ ਦੀ ਮੰਗ ਕੀਤੀ।

Check Also

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਣੇ ਕਾਂਗਰਸ ਪਾਰਟੀ ਦੇ ਸਟਾਰ ਪ੍ਰਚਾਰਕ

ਸੂਚੀ ਵਿਚ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਮ ਵੀ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ …