ਹਰਿਆਣਾ ਦੇ ਧਰਨਿਆਂ ‘ਚ ਬੀਬੀਆਂ ਦੀ ਸ਼ਮੂਲੀਅਤ ਵਧੀ
ਚੰਡੀਗੜ੍ਹ : ਖੇਤੀ ਕਾਨੂੰਨਾਂ ਖ਼ਿਲਾਫ਼ ਕੌਮੀ ਰਾਜਧਾਨੀ ਦੀ ਬਰੂਹਾਂ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਦਾ ਅਸਰ ਦੇਸ਼ ਭਰ ਵਿੱਚ ਵਿਖਾਈ ਦੇਣ ਲੱਗਾ ਹੈ। ਜਿੱਥੇ ਵੱਡੀ ਗਿਣਤੀ ਲੋਕ ਆਪਣੇ ਪਰਿਵਾਰਾਂ ਸਣੇ ਕਿਸਾਨਾਂ ਦੀ ਹਮਾਇਤ ਵਿੱਚ ਧਰਨੇ ਦੇ ਰਹੇ ਹਨ, ਉਥੇ ਹਰਿਆਣਾ ਦੇ ਟੌਲ ਪਲਾਜ਼ਿਆਂ ‘ਤੇ ਚੱਲ ਰਹੇ ਧਰਨਿਆਂ ਅਤੇ ਕਿਸਾਨ ਮਹਾਪੰਚਾਇਤਾਂ ਵਿੱਚ ਬੀਬੀਆਂ ਦੀ ਸ਼ਮੂਲੀਅਤ ਪਹਿਲਾਂ ਨਾਲੋਂ ਵਧ ਗਈ ਹੈ। ਸੂਬੇ ਭਰ ਵਿੱਚ ਹੋਈਆਂ ਕਿਸਾਨ ਮਹਾਪੰਚਾਇਤਾਂ ਵਿੱਚ ਬੀਬੀਆਂ ਵੱਡੀ ਗਿਣਤੀ ਵਿੱਚ ਹਿੱਸਾ ਲੈ ਰਹੀਆਂ ਹਨ। ਉਹ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਦਿੱਲੀ ਸੰਘਰਸ਼ ਵਿੱਚ ਵੀ ਪਹੁੰਚ ਰਹੀਆਂ ਹਨ। ਸੂਬੇ ਵਿੱਚ ਖੇਤੀ ਕਰਨ ਅਤੇ ਖਾਣਾ ਬਣਾਉਣ ਵਾਲੀਆਂ ਮਹਿਲਾਵਾਂ ਨੇ ਕਿਸਾਨੀ ਸੰਘਰਸ਼ ਵਿੱਚ ਡੱਟਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰੀ ਖੇਤੀ ਕਾਨੂੰਨ ਕਿਸਾਨ ਵਿਰੋਧੀ ਹਨ। ਇਸ ਦੇ ਨਾਲ ਹੀ ਉਨ੍ਹਾਂ ਕੇਂਦਰ ਸਰਕਾਰ ਤੋਂ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਅਤੇ ਐੱਮਐੱਸਪੀ ‘ਤੇ ਫ਼ਸਲਾਂ ਦੀ ਖਰੀਦ ਦੀ ਗਾਰੰਟੀ ਵਾਲਾ ਕਾਨੂੰਨ ਲਿਆਉਣ ਦੀ ਮੰਗ ਕੀਤੀ। ਕਿਸਾਨੀ ਸੰਘਰਸ਼ ਵਿੱਚ ਸ਼ਾਮਲ ਸੁਦੇਸ਼ ਨੇ ਕਿਹਾ ਕਿ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਨੂੰ ਦਿੱਲੀ ‘ਚ ਸੰਘਰਸ਼ ਕਰਦਿਆਂ ਤਿੰਨ ਮਹੀਨੇ ਹੋ ਗਏ ਹਨ। ਇਸ ਦੌਰਾਨ 250 ਤੋਂ ਵੱਧ ਕਿਸਾਨ ਸ਼ਹੀਦ ਹੋ ਗਏ ਹਨ ਪਰ ਕੇਂਦਰ ਸਰਕਾਰ ਆਪਣਾ ਅੜੀਅਲ ਵਤੀਰਾ ਛੱਡਣ ਲਈ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਪਿੱਛੇ ਹਟਣ ਵਾਲਾ ਨਹੀਂ ਹੈ। ਖਟਕੜ ਟੌਲ ਪਲਾਜ਼ਾ ‘ਤੇ ਚੱਲ ਰਹੇ ਸੰਘਰਸ਼ ਨੂੰ ਸੰਬੋਧਨ ਕਰਦਿਆਂ ਸਿਕਮ ਬੇਬੀ, ਰਾਜ ਬਾਲਾ, ਡਾ. ਸੰਤੋਸ਼ ਦਹੀਆ ਤੇ ਕਵੀਤਾ ਨੇ ਕੇਂਦਰ ਸਰਕਾਰ ਦੇ ਵਤੀਰੇ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਹਰਿਆਣਾ ਦੀਆਂ ਮਹਿਲਾਵਾਂ ਵੀ ਕੇਂਦਰ ਦੀ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਪਿੱਛੇ ਹਟਣ ਵਾਲੀਆਂ ਨਹੀਂ ਹਨ। ਹਾਲੇ ਤਾਂ ਦੇਸ਼ ਦੇ ਕਿਸਾਨ ਸ਼ਾਂਤਮਈ ਢੰਗ ਨਾਲ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਜੇਕਰ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾ ਨਾ ਮੰਨੀਆਂ ਤਾਂ ਹਰਿਆਣਾ ਦੇ ਕਿਸਾਨ ਆਪਣੇ ਪਰਿਵਾਰ ਅਤੇ ਪਸ਼ੂਆਂ ਸਣੇ ਦਿੱਲੀ ਸੰਘਰਸ਼ ਵਿੱਚ ਸ਼ਾਮਲ ਹੋਣਗੇ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਆਜ਼ਾਦ ਪਲਵਾ ਨੇ ਦੱਸਿਆ ਕਿ ਸੂਬੇ ਵਿੱਚ ਚੱਲ ਰਹੇ ਧਰਨਿਆਂ ਵਿੱਚ ਮਹਿਲਾਵਾਂ ਵੱਡੀ ਗਿਣਤੀ ਵਿੱਚ ਹਿੱਸਾ ਲੈ ਰਹੀਆਂ ਹਨ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …