Breaking News
Home / ਪੰਜਾਬ / ਪੰਜਾਬ ਸਰਕਾਰ ਦਾ ਬਜਟ ਸੈਸ਼ਨ

ਪੰਜਾਬ ਸਰਕਾਰ ਦਾ ਬਜਟ ਸੈਸ਼ਨ

ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਰਾਜਪਾਲ ‘ਗੋ ਬੈਕ’ ਦੇ ਲੱਗੇ ਨਾਅਰੇ
ਰਾਜਪਾਲ ਦੇ ਭਾਸ਼ਣ ਦੀਆਂ ਪਾੜੀਆਂ ਗਈਆਂ ਕਾਪੀਆਂ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਰਾਜਪਾਲ ਵੀਪੀ ਸਿੰਘ ਬਦਨੌਰ ਦੇ ਭਾਸ਼ਣ ਨਾਲ ਸੋਮਵਾਰ ਤੋਂ ਸ਼ੁਰੂ ਹੋ ਚੁੱਕਾ ਹੈ। ਪਹਿਲੇ ਦਿਨ ਵਿਰੋਧੀ ਧਿਰਾਂ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਅਤੇ ਲੋਕ ਇਨਸਾਫ ਪਾਰਟੀ ਦੇ ਵਿਧਾਇਕਾਂ ਨੇ ਜੰਮ ਕੇ ਪੰਜਾਬ ਸਰਕਾਰ ਖਿਲਾਫ ਹੰਗਾਮਾ ਕੀਤਾ। ਇਸ ਦੌਰਾਨ ਰਾਜਪਾਲ ਦੇ ਭਾਸ਼ਣ ਦੀਆਂ ਕਾਪੀਆਂ ਵੀ ਵਿਰੋਧੀ ਧਿਰਾਂ ਵਲੋਂ ਪਾੜ ਦਿੱਤੀਆਂ ਗਈਆਂ। ਜ਼ਿਕਰਯੋਗ ਹੈ ਕਿ ਜਦੋਂ ਰਾਜਪਾਲ ਨੇ ਭਾਸ਼ਣ ਸ਼ੁਰੂ ਕੀਤਾ ਤਾਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਕੇਂਦਰੀ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਜ਼ੋਰਦਾਰ ਹੰਗਾਮਾ ਕੀਤਾ। ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ ਪਾਰਟੀ ਦੇ ਵਿਧਾਇਕਾਂ ਨੇ ਬੇਲ ‘ਚ ਪਹੁੰਚ ਕੇ ਰਾਜਪਾਲ ਦੇ ਭਾਸ਼ਣ ਦਾ ਉਦੋਂ ਤੱਕ ਵਿਰੋਧ ਕੀਤਾ, ਜਦੋਂ ਤੱਕ ਰਾ  ਜਪਾਲ ਦਾ ਭਾਸ਼ਣ ਖਤਮ ਨਹੀਂ ਹੋ ਗਿਆ। ਉਸ ਤੋਂ ਬਾਅਦ ਤਿੰਨੇ ਵਿਰੋਧੀ ਪਾਰਟੀਆਂ ਦੇ ਵਿਧਾਇਕਾਂ ਨੇ ਸਦਨ ਵਿਚੋਂ ਬਾਹਰ ਆ ਕੇ ਰਾਜਪਾਲ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਵਿਧਾਨ ਸਭਾ ਦੇ ਗਲਿਆਰੇ ਵਿਚ ਵਿਛਾਏ ਗਏ ਰੈਡ ਕਾਰਪੇਟ ਨੂੰ ਅਕਾਲੀ ਦਲ ਦੇ ਵਿਧਾਇਕਾਂ ਨੇ ਹਟਾ ਦਿੱਤਾ ਅਤੇ ਰਾਜਪਾਲ ‘ਗੋ ਬੈਕ’ ਦੇ ਨਾਅਰੇ ਵੀ ਲਗਾਏ। ਉਨ੍ਹਾਂ ਕਿਹਾ ਕਿ ਰਾਜਪਾਲ ਕਿਸਾਨਾਂ ਦੇ ਮਾਮਲੇ ਵਿਚ ਜਾਣ ਬੁੱਝ ਕੇ ਚੁੱਪ ਸਾਧੀ ਬੈਠੇ ਹਨ ਅਤੇ ਕਾਂਗਰਸ ਉਨ੍ਹਾਂ ਲਈ ਰੈਡ ਕਾਰਪੇਟ ਵਿਛਾ ਕੇ ਉਨ੍ਹਾਂ ਦਾ ਸਨਮਾਨ ਕਰ ਰਹੀ ਹੈ, ਜਦਕਿ ਕਿ ਰਾਜਪਾਲ ਤਾਂ ਵਿਰੋਧ ਹੋਣਾ ਚਾਹੀਦਾ ਹੈ। ਅਕਾਲੀ ਵਿਧਾਇਕਾਂ ਨੇ ਕਿਹਾ ਕਿ ਇਸ ਲਈ ਹੀ ਅਸੀਂ ਰੈਡ ਕਾਰਪੇਟ ਹਟਾਇਆ ਹੈ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਸਾਈਕਲ ‘ਤੇ ਵਿਧਾਨ ਸਭਾ ਪਹੁੰਚੇ ਸਨ। ਵਿਰੋਧੀ ਵਿਧਾਇਕਾਂ ਦਾ ਵੱਡਾ ਗਿਲਾ ਇਹੋ ਸੀ ਕਿ ਵਿਧਾਨ ਸਭਾ ਦੇ ਪਿਛਲੇ ਵਿਸ਼ੇਸ਼ ਸੈਸ਼ਨ ‘ਚ ਪਾਸ ਕੀਤੇ ਖੇਤੀ ਸੋਧ ਬਿੱਲਾਂ ਨੂੰ ਰਾਜਪਾਲ ਨੇ ਸਹਿਮਤੀ ਦੇਣ ਮਗਰੋਂ ਰਾਸ਼ਟਰਪਤੀ ਕੋਲ ਨਹੀਂ ਭੇਜਿਆ। ਅਜਿਹਾ ਕਰਕੇ ਕਿਸਾਨਾਂ ਦਾ ਅਪਮਾਨ ਅਤੇ ਸਦਨ ਦੀ ਤੌਹੀਨ ਕੀਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਨਾਅਰੇਬਾਜ਼ੀ ਦੌਰਾਨ ਰਾਜਪਾਲ ਲਈ ‘ਗੱਦਾਰ’ ਵਰਗੇ ਲਫਜ਼ ਵਰਤੇ ਜਦਕਿ ‘ਆਪ’ ਵਿਧਾਇਕਾਂ ਨੇ ਰਾਜਪਾਲ ਨੂੰ ਤਖ਼ਤੀਆਂ ਦਿਖਾਈਆਂ। ‘ਆਪ’ ਵਿਧਾਇਕ ਕੁਲਤਾਰ ਸੰਧਵਾਂ ਤਾਂ ਆਪਣੀ ਸੀਟ ‘ਤੇ ਹੀ ਖੜ੍ਹੇ ਹੋ ਕੇ ਵਿਰੋਧ ਕੀਤਾ। ਇਸੇ ਦੌਰਾਨ ਰਾਜਪਾਲ ਨੇ ਖੁਲਾਸਾ ਕੀਤਾ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਤਿੰਨ ਸੋਧ ਕਾਨੂੰਨ ਰਾਸ਼ਟਰਪਤੀ ਦੀ ਸਹਿਮਤੀ ਲਈ ਵਿਚਾਰ ਅਧੀਨ ਹਨ। ਰਾਜਪਾਲ ਨੇ ਕਿਸਾਨਾਂ-ਮਜ਼ਦੂਰਾਂ ਲਈ ਕੀਤੇ ਕੰਮਾਂ ਦੇ ਹਵਾਲੇ ਨਾਲ ਕਿਹਾ ਕਿ ਸਰਕਾਰ ਨੇ 5.64 ਲੱਖ ਛੋਟੇ ਤੇ ਸੀਮਾਂਤ ਕਿਸਾਨਾਂ ਦੇ 4625 ਕਰੋੜ ਦੀ ਰਾਹਤ ਨਾਲ ਦੋ ਲੱਖ ਤੱਕ ਦੀ ਕਰਜ਼ਾ ਰਾਹਤ ਦਿੱਤੀ ਹੈ ਅਤੇ ਅਗਲੇ ਮਾਲੀ ਵਰ੍ਹੇ ਦੌਰਾਨ 1.13 ਲੱਖ ਕਿਸਾਨਾਂ ਨੂੰ ਰਾਹਤ ਸਕੀਮ ਦਾ ਲਾਭ ਦੇਣ ਲਈ ਵਚਨਬੱਧ ਹੈ।
ਹਾਏ ਮਹਿੰਗਾਈ…ਹੁਣਯਾਦਆਈ…ਕਾਂਗਰਸ, ਸ਼੍ਰੋਮਣੀ ਅਕਾਲੀ ਦਲਅਤੇ ‘ਆਪ’ਦਾ ਪ੍ਰਦਰਸ਼ਨ-ਮੁੱਦਾ ਇਕਮਹਿੰਗਾਈ
ਵਿਧਾਨ ਸਭਾ ਘੇਰਨ ਜਾਂਦੇ ਅਕਾਲੀਆਂ ‘ਤੇ ਪਾਣੀ ਦੀਆਂ ਬੁਛਾਰਾਂ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ‘ਪੰਜਾਬ ਮੰਗਦਾ ਜਵਾਬ’ ਬੈਨਰ ਹੇਠ ਰੈਲੀ ਕਰਕੇ ਪ੍ਰਦਰਸ਼ਨ ਕੀਤਾ। ਇਸ ਮੌਕੇ ਸੁਖਬੀਰ ਬਾਦਲ ਨੇ ਕੈਪਟਨ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਨੇ ਜਿਹੜੇ ਵਾਅਦੇ ਕੀਤੇ ਸੀ, ਉਸ ਵਿੱਚੋਂ ਕੋਈ ਵੀ ਪੂਰਾ ਨਹੀਂ ਕੀਤਾ ਗਿਆ। ਰੈਲੀ ਮਗਰੋਂ ਜਦੋਂ ਅਕਾਲੀ ਆਗੂ ਘਿਰਾਓ ਲਈ ਵਿਧਾਨ ਸਭਾ ਵੱਲ ਵਧਣ ਲੱਗੇ ਤਾਂ ਚੰਡੀਗੜ੍ਹ ਪੁਲਿਸ ਨੇ ਖਦੇੜਨ ਲਈ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਕੀਤੀ। ਚੰਡੀਗੜ੍ਹ ਪੁਲੀਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਸਮੇਤ ਕਈ ਅਕਾਲੀ ਆਗੂਆਂ ਨੂੰ ਕੁਝ ਸਮੇਂ ਲਈ ਹਿਰਾਸਤ ਵਿੱਚ ਵੀ ਲਿਆ। ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਸੈਕਟਰ-25 ਦੇ ਮੈਦਾਨ ਵਿੱਚ ਰੈਲੀ ਕੀਤੀ ਗਈ, ਜਿਸ ‘ਚ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਖਿਲਾਫ ਪੰਜਾਬ ‘ਚ 12 ਮਾਰਚ ਤੋਂ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ।

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …