Breaking News
Home / Special Story / ਪੰਜਾਬ ਸਰਕਾਰ ਦਾ ਬਜਟ ਬਨਾਮ 2022 ਦੀਆਂ ਵਿਧਾਨ ਸਭਾ ਚੋਣਾਂ

ਪੰਜਾਬ ਸਰਕਾਰ ਦਾ ਬਜਟ ਬਨਾਮ 2022 ਦੀਆਂ ਵਿਧਾਨ ਸਭਾ ਚੋਣਾਂ

ਕੈਪਟਨ ਅਮਰਿੰਦਰ ਸਰਕਾਰ ਵਲੋਂ ਚੁਣਾਵੀ ਬਜਟ ਪੇਸ਼
ਸਰਕਾਰੀ ਬੱਸਾਂ ‘ਚ ਬੀਬੀਆਂ ਅਤੇ ਵਿਦਿਆਰਥੀਆਂ ਨੂੰ ਮੁਫ਼ਤ ਬੱਸ ਸਫਰ ਦੀ ਸਹੂਲਤ
ਮਨਪ੍ਰੀਤ ਨੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਅੰਦੋਲਨ ਨੂੰ ਸਮਰਪਿਤ ਕੀਤਾ ਬਜਟ
ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ 8 ਮਾਰਚ ਨੂੰ ਮਹਿਲਾ ਦਿਵਸ ਮੌਕੇ ਵਿਧਾਨ ਸਭਾ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਮੌਜੂਦਾ ਕਾਰਜਕਾਲ ਦਾ ਆਖਰੀ ਬਜਟ ਪੇਸ਼ ਕੀਤਾ। ਅਗਲੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ‘ਚ ਰੱਖਦਿਆਂ ਬਜਟ ਵਿੱਚ ਮਹਿਲਾਵਾਂ ਅਤੇ ਵਿਦਿਆਰਥੀਆਂ ਨੂੰ ਸਰਕਾਰੀ ਬੱਸਾਂ ‘ਚ ਮੁਫ਼ਤ ਸਫ਼ਰ ਦੀ ਸਹੂਲਤ ਦਿੱਤੀ ਗਈ ਹੈ। ਇਸੇ ਤਰ੍ਹਾਂ ਬੁਢਾਪਾ ਪੈਨਸ਼ਨ ‘ਚ ਵਾਧਾ ਅਤੇ ਕਪੂਰਥਲਾ ਤੇ ਹੁਸ਼ਿਆਰਪੁਰ ‘ਚ ਹਸਪਤਾਲ ਖੋਲ੍ਹਣ ਜਿਹੇ ਕਈ ਐਲਾਨ ਕੀਤੇ ਗਏ ਹਨ। ਬਜਟ ਵਿਚ ਕਿਸਾਨੀ ਕਰਜ਼ਿਆਂ ‘ਤੇ ਲੀਕ ਤੇ ਮੁਫ਼ਤ ਬਿਜਲੀ ਸਹੂਲਤ ਲਈ ਸਬਸਿਡੀ ਜਾਰੀ ਰੱਖਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਬੁਢਾਪਾ ਪੈਨਸ਼ਨ ਵੀ ਵਧਾ ਕੇ 1500 ਰੁਪਏ ਕਰ ਦਿੱਤੀ ਗਈ ਹੈ ਇਸੇ ਤਰ੍ਹਾਂ ਲੜਕੀਆਂ ਦੇ ਵਿਆਹ ਮੌਕੇ ਅਸ਼ੀਰਵਾਦ ਸਕੀਮ ਤਹਿਤ ਮਿਲਣ ਵਾਲੀ ਰਾਸ਼ੀ ਨੂੰ 21 ਹਜ਼ਾਰ ਤੋਂ ਵਧਾ ਕੇ 51 ਹਜ਼ਾਰ ਰੁਪਏ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦਾ 1,68,015 ਕਰੋੜ ਰੁਪਏ ਦਾ ਆਖਰੀ ਬਜਟ ਪੇਸ਼ ਕੀਤਾ। ਬਜਟ ‘ਚ ਖੇਤੀਬਾੜੀ, ਸ਼ਹਿਰੀ ਵਿਕਾਸ, ਜਲ ਸਰੋਤਾਂ, ਸਿਹਤ, ਮੁਲਾਜ਼ਮਾਂ ਅਤੇ ਹੋਰ ਖੇਤਰਾਂ ‘ਤੇ ਧਿਆਨ ਦਿੱਤਾ ਗਿਆ ਹੈ। ਮਹਿਲਾਵਾਂ ਦੇ ਸਰਕਾਰੀ ਬੱਸਾਂ ‘ਚ ਸਫ਼ਰ ਕਰਨ ‘ਤੇ ਕੋਈ ਟਿਕਟ ਨਹੀਂ ਲੱਗੇਗੀ। ਬਜਟ ‘ਚ ਕੋਈ ਵੀ ਨਵਾਂ ਟੈਕਸ ਨਹੀਂ ਲਾਇਆ ਗਿਆ ਹੈ। ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਸੂਬੇ ਦਾ ਬਜਟ ਸਮਰਪਿਤ ਕਰਦਿਆਂ ਕਿਸਾਨਾਂ ਦੀ ਭਲਾਈ ਲਈ 17051 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਹੈ। ‘ਫਸਲੀ ਕਰਜ਼ਾ ਮੁਆਫੀ ਸਕੀਮ’ ਤਹਿਤ ਵਰ੍ਹੇ 2021-22 ਦੌਰਾਨ ਅਗਲੇ ਪੜਾਅ ਤਹਿਤ 1.13 ਲੱਖ ਕਿਸਾਨਾਂ ਦਾ 1186 ਕਰੋੜ ਰੁਪਏ ਦਾ ਕਰਜ਼ਾ ਅਤੇ ਬੇਜ਼ਮੀਨੇ ਖੇਤ ਮਜ਼ਦੂਰਾਂ ਦਾ 526 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰਨ ਲਈ ਕੁੱਲ 1712 ਕਰੋੜ ਰੁਪਏ ਬਜਟ ਵਿਚ ਰੱਖੇ ਗਏ ਹਨ। ਮਨਪ੍ਰੀਤ ਬਾਦਲ ਨੇ ਸਰਕਾਰੀ ਮੁਲਾਜ਼ਮਾਂ ਲਈ ਛੇਵੇਂ ਪੇਅ ਕਮਿਸ਼ਨ ਦੀਆਂ ਸਿਫਾਰਿਸ਼ਾਂ ਪਹਿਲੀ ਜੁਲਾਈ ਤੋਂ ਲਾਗੂ ਕਰਨ ਅਤੇ ਕਿਸਾਨਾਂ ਲਈ 3780 ਕਰੋੜ ਰੁਪਏ ਦੀ ਯੋਜਨਾ ‘ਕਾਮਯਾਬ ਕਿਸਾਨ ਖੁਸ਼ਹਾਲ ਪੰਜਾਬ’ ਦਾ ਐਲਾਨ ਕੀਤਾ ਹੈ। ਸਾਲ 2021-22 ਲਈ ਇਸ ਸਕੀਮ ਤਹਿਤ 1104 ਕਰੋੜ ਦਾ ਬਜਟ ‘ਚ ਪ੍ਰਬੰਧ ਕੀਤਾ ਗਿਆ ਹੈ। ਇਸ ਨਵੀਂ ਸਕੀਮ ਤਹਿਤ ਫਾਜ਼ਿਲਕਾ ਦੇ ਪਿੰਡ ਗੋਬਿੰਦਗੜ੍ਹ ‘ਚ 10 ਕਰੋੜ ਦੀ ਲਾਗਤ ਨਾਲ ਸਬਜ਼ੀਆਂ ਦਾ ਅਤਿ ਆਧੁਨਿਕ ਕੇਂਦਰ, 80 ਕਰੋੜ ਦੀ ਲਾਗਤ ਨਾਲ ਹਰ ਜ਼ਿਲ੍ਹੇ ਵਿਚ ਘੱਟੋ ਘੱਟ ਇੱਕ ਬਾਗਬਾਨੀ ਮਿਲਖ, ਦਰਿਆਵਾਂ ਦੇ ਗੰਦੇ ਪਾਣੀ ਨੂੰ ਸ਼ੁੱਧ ਕਰਕੇ ਵਰਤੋਂ ਕਰਨ ਲਈ 150 ਕਰੋੜ ਰੁਪਏ ਰੱਖੇ ਗਏ ਹਨ। ਖੇਤੀ ਵਿਭਿੰਨਤਾ ਲਈ 200 ਕਰੋੜ ਰੁਪਏ, ਫਸਲੀ ਰਹਿੰਦ ਖੂੰਹਦ ਪ੍ਰਬੰਧਨ ਲਈ 40 ਕਰੋੜ ਰੁਪਏ ਰੱਖੇ ਗਏ ਹਨ। ਇਸੇ ਤਰ੍ਹਾਂ ਕਿਸਾਨਾਂ ਨੂੰ ਮੁਫਤ ਬਿਜਲੀ ਦੇਣ ਲਈ ਬਜਟ ਵਿਚ 4,650 ਕਰੋੜ ਦਾ ਪ੍ਰਬੰਧ ਕੀਤਾ ਗਿਆ ਹੈ। ਗੰਨਾ ਉਤਪਾਦਕਾਂ ਦੀ ਮਦਦ ਲਈ 300 ਕਰੋੜ ਅਤੇ ਗੁਰਦਾਸਪੁਰ ਤੇ ਬਟਾਲਾ ਖੰਡ ਮਿੱਲਾਂ ਦੇ ਵਿਸਥਾਰ ਲਈ 60 ਕਰੋੜ ਰੁਪਏ ਰੱਖੇ ਗਏ ਹਨ। ਇਸੇ ਤਰ੍ਹਾਂ ਹੀ ਨਹਿਰਾਂ ਨਾਲ ਸਬੰਧਤ 29 ਨਵੀਆਂ ਯੋਜਨਾਵਾਂ ਲਈ 452 ਕਰੋੜ ਦਾ ਉਪਬੰਧ ਕੀਤਾ ਗਿਆ ਹੈ। ਵਿੱਤ ਮੰਤਰੀ ਨੇ ਸਦਨ ‘ਚ 8622.31 ਕਰੋੜ ਰੁਪਏ ਦੇ ਮਾਲੀ ਘਾਟੇ ਵਾਲਾ ਬਜਟ ਪੇਸ਼ ਕੀਤਾ। ਆਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀ ਦੇ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਸਮੇਂ ਦਿੱਤੀ ਜਾਣ ਵਾਲੀ ਸਹਾਇਤਾ ਦੀ ਰਾਸ਼ੀ 21 ਹਜ਼ਾਰ ਰੁਪਏ ਤੋਂ ਵਧਾ ਕੇ 51 ਹਜ਼ਾਰ ਰੁਪਏ ਕਰ ਦਿੱਤੀ ਗਈ ਹੈ ਜਿਸ ਲਈ 250 ਕਰੋੜ ਰੁਪਏ ਰੱਖੇ ਗਏ ਹਨ। ਬੁਢਾਪਾ ਪੈਨਸ਼ਨ ਅਤੇ ਆਸ਼ੀਰਵਾਦ ਸਕੀਮ ਦੀ ਨਵੀਂ ਐਲਾਨੀ ਰਾਸ਼ੀ ਪਹਿਲੀ ਜੁਲਾਈ ਤੋਂ ਲਾਗੂ ਹੋਵੇਗੀ। ਬਜਟ ਅਨੁਸਾਰ ਸਰਕਾਰੀ ਕਾਲਜਾਂ ਵਿਚ ਪੜ੍ਹਦੇ ਵਿਦਿਆਰਥੀਆਂ ਅਤੇ ਪੰਜਾਬ ਦੀਆਂ ਸਾਰੀਆਂ ਮਹਿਲਾ ਮੁਸਾਫ਼ਰਾਂ ਨੂੰ ਸਰਕਾਰੀ ਬੱਸਾਂ ਵਿਚ ਮੁਫਤ ਸਫਰ ਦੀ ਸਹੂਲਤ ਦਿੱਤੀ ਗਈ ਹੈ ਜਿਸ ਵਾਸਤੇ 170 ਕਰੋੜ ਰੁਪਏ ਬਜਟ ਵਿਚ ਰੱਖੇ ਗਏ ਹਨ। ਸਮਾਰਟ ਫੋਨ ਸਕੀਮ ਤਹਿਤ ਬਜਟ ਵਿਚ 100 ਕਰੋੜ ਰੁਪਏ ਰੱਖੇ ਗਏ ਹਨ। ਇਸ ਤੋਂ ਇਲਾਵਾ ਪੰਜਾਬੀ ਸਾਹਿਤ ਰਤਨ ਪੁਰਸਕਾਰ ਦੀ ਰਕਮ 10 ਲੱਖ ਰੁਪਏ ਤੋਂ 20 ਲੱਖ ਅਤੇ ਸ਼੍ਰੋਮਣੀ ਪੁਰਸਕਾਰ ਦੀ ਰਾਸ਼ੀ 5 ਲੱਖ ਤੋਂ 10 ਲੱਖ ਰੁਪਏ ਕਰ ਦਿੱਤੀ ਗਈ ਹੈ।
ਕਿਸਾਨਾਂ ਨੂੰ ਮਾਯੂਸੀ ‘ਚੋਂ ਕੱਢਣ ਦਾ ਕੀਤਾ ਯਤਨ : ਮਨਪ੍ਰੀਤ
ਚੰਡੀਗੜ੍ਹ : ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਵਿੱਤੀ ਵਸੀਲੇ ਹੱਥ ਵਿੱਚ ਲਏ ਜਾਣ ਕਰਕੇ ਹੁਣ ਪੰਜਾਬ ਸਰਕਾਰ ਕੋਲ ਆਮਦਨ ਦੇ ਨਵੇਂ ਵਸੀਲੇ ਪੈਦਾ ਕਰਨ ਦੀ ਗੁੰਜਾਇਸ਼ ਨਹੀਂ ਰਹੀ। ਉਨ੍ਹਾਂ ਕਿਹਾ ਕਿ ਸਨਅਤੀ ਵਿਕਾਸ ਅਤੇ ਨਵੇਂ ਨਿਵੇਸ਼ ਨਾਲ ਹੀ ਪੰਜਾਬ ਸਿਰ ਵਧ ਰਹੇ ਕਰਜ਼ੇ ਦਾ ਹੱਲ ਹੋਣਾ ਹੈ ਤੇ ਕੋਵਿਡ ਮਹਾਮਾਰੀ ਦੇ ਬਾਵਜੂਦ ਉਨ੍ਹਾਂ ਨੇ ਪੰਜਾਬ ਦੀ ਵਿੱਤੀ ਹਾਲਤ ਨੂੰ ਸਥਿਰ ਰੱਖਿਆ ਹੈ। ਉਨ੍ਹਾਂ ਕਿਹਾ ਕਿ ਬਜਟ ਦਾ ਇੱਕੋ ਏਜੰਡਾ ਕਿਸਾਨਾਂ ਨੂੰ ਮਾਯੂਸੀ ਵਿੱਚੋਂ ਕੱਢਣਾ ਹੈ। ਮਹਿੰਗੀ ਬਿਜਲੀ ਸਬੰਧੀ ਮਨਪ੍ਰੀਤ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਬਿਜਲੀ ‘ਤੇ 14 ਹਜ਼ਾਰ ਕਰੋੜ ਦੀ ਸਬਸਿਡੀ ਦੇ ਰਹੀ ਹੈ ਅਤੇ ਪੰਜਾਬ ਨੂੰ ਕੋਲਾ ਮਹਿੰਗਾ ਪੈਂਦਾ ਹੈ, ਜਿਸ ਕਰਕੇ ਹੋਰ ਸਬਸਿਡੀ ਦੇਣ ਦੀ ਪਹੁੰਚ ਸਰਕਾਰ ਕੋਲ ਨਹੀਂ ਹੈ। ਤੇਲ ਕੀਮਤਾਂ ਬਾਰੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਸ ਬਾਰੇ ਕਦਮ ਚੁੱਕ ਸਕਦੀ ਹੈ ਪਰ ਸੂਬੇ ਵੈਟ ਘਟਾਉਣ ਦੀ ਪਹੁੰਚ ਵਿੱਚ ਨਹੀਂ ਹਨ। ਉਨ੍ਹਾਂ ਦੱਸਿਆ ਕਿ ਸਿੱਖਿਆ ਦੇ ਬਜਟ ਵਿੱਚ 12 ਫ਼ੀਸਦੀ ਇਜ਼ਾਫ਼ਾ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਦੀ ਖੇਤੀ ਨੀਤੀ ਤਿਆਰ ਹੋ ਚੁੱਕੀ ਹੈ, ਜੋ ਅਗਲੇ ਮੌਨਸੂਨ ਸੈਸ਼ਨ ਵਿੱਚ ਆਏਗੀ।
ਬਜਟ ਕਿਸਾਨ ਤੇ ਗਰੀਬ ਪੱਖੀ : ਅਮਰਿੰਦਰ
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਦਾ ਬਜਟ ਕਿਸਾਨ ਤੇ ਗਰੀਬ ਪੱਖੀ ਹੈ ਅਤੇ ਇਹ ਬਜਟ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਯਕੀਨੀ ਬਣਾਏਗਾ। ਮੁੱਖ ਮੰਤਰੀ ਨੇ ਕਿਹਾ ਕਿ ਐਫਸੀਆਈ ਵੱਲੋਂ ਕਿਸਾਨਾਂ ਨੂੰ ਈ-ਭੁਗਤਾਨ ਰਾਹੀਂ ਸਿੱਧੀ ਅਦਾਇਗੀ ਕਰਨ ਵਾਸਤੇ ਜ਼ਮੀਨੀ ਰਿਕਾਰਡ ਮੰਗਣਾ ਸਥਿਤੀ ਬਦਤਰ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਨੂੰ ਖੇਤੀ ਕਾਨੂੰਨਾਂ ਖਿਲਾਫ ਸੂਬੇ ਦੇ ਸੋਧ ਬਿੱਲਾਂ ਬਾਰੇ ਤੁਰੰਤ ਫੈਸਲਾ ਲੈ ਕੇ ਇਸ ਨੂੰ ਅੱਗੇ ਰਾਸ਼ਟਰਪਤੀ ਕੋਲ ਭੇਜਣਾ ਚਾਹੀਦਾ ਹੈ। ਵਿਧਾਨ ਸਭਾ ਚੋਣਾਂ ਆਪਣੀ (ਕੈਪਟਨ ਅਮਰਿੰਦਰ ਸਿੰਘ) ਦੀ ਅਗਵਾਈ ਵਿਚ ਲੜਨ ਬਾਰੇ ਪੁੱਛੇ ਜਾਣ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਬਾਰੇ ਫੈਸਲਾ ਕਰਨਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦਾ ਅਖਤਿਆਰ ਹੈ। ਕਾਂਗਰਸ ਨੇ ਪੁਰਾਣੀਆਂ ਸਕੀਮਾਂ ਅਤੇ ਵਾਅਦਿਆਂ ਨੂੰ ਹੀ ਨਵੀਂ ਦਿਖ ਦੇਣ ਦਾ ਯਤਨ ਕੀਤਾ ਹੈ।
ਆਮ ਆਦਮੀ ਪਾਰਟੀ ਨੇ ਬਜਟ ਨੂੰ ਦੱਸਿਆ ਝੂਠ ਦਾ ਥੈਲਾ
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਨੂੰ ਪ੍ਰਸ਼ਾਂਤ ਕਿਸ਼ੋਰ ਦਾ ਨਹੀਂ, ਪੰਜਾਬੀਆਂ ਦਾ ਬਜਟ ਚਾਹੀਦਾ ਹੈ। ਉਨ੍ਹਾਂ ਕਿਹਾ ਸੂਬਾ ਸਰਕਾਰ ਦਾ ਬਜਟ ਪੰਜ ਮਾਰਚ ਨੂੰ ਪੇਸ਼ ਕੀਤਾ ਜਾਣਾ ਸੀ ਪਰ ਪ੍ਰਸ਼ਾਂਤ ਕਿਸ਼ੋਰ ਦੇ ਕਹਿਣ ‘ਤੇ ਬਜਟ 8 ਮਾਰਚ ਨੂੰ ਪੇਸ਼ ਕੀਤਾ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਇਹ ਬਜਟ ਕੈਪਟਨ ਸਰਕਾਰ ਦੇ ਵਿੱਤ ਮੰਤਰੀ ਨੇ ਨਹੀਂ, ਪ੍ਰਸ਼ਾਂਤ ਕਿਸ਼ੋਰ ਨੇ ਬਣਾਇਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਨੇ ਬਾਹਰੀ ਵਿਅਕਤੀ ਤੋਂ ਪੰਜਾਬ ਦਾ ਬਜਟ ਬਣਵਾ ਕੇ ਸਿੱਧ ਕਰ ਦਿੱਤਾ ਹੈ ਕਿ ਉਹ ਸੂਬੇ ਨੂੰ ਚਲਾਉਣ ਵਿੱਚ ਸਮਰਥ ਨਹੀਂ ਹੈ, ਇਸ ਕਰਕੇ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ। ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਪ੍ਰਸ਼ਾਂਤ ਕਿਸ਼ੋਰ ਦਾ ਬਜਟ 2017 ਦੇ ਕੈਪਟਨ ਦੇ ਚੁਣਾਵੀਂ ਚੋਣ ਮਨੋਰਥ ਪੱਤਰ ਦੀ ਤਰ੍ਹਾਂ ਹੀ ਝੂਠ ਦਾ ਇਕ ਥੈਲਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਆਪਣੇ ਝੂਠੇ ਵਾਅਦਿਆਂ ਨੂੰ ਪੂਰਾ ਕਰਨ ਦੇ ਚੱਕਰ ਵਿੱਚ ਸੂਬੇ ‘ਤੇ 84000 ਕਰੋੜ ਰੁਪਏ ਦਾ ਕਰਜ਼ੇ ਦਾ ਬੋਝ ਪਾਇਆ ਹੈ।
ਪੰਜਾਬ ਸਰਕਾਰ ਦਾ ਬਜਟ ਸਿਰਫ ਚੁਣਾਵੀ : ਸੁਖਬੀਰ ਬਾਦਲ
ਕਾਂਗਰਸ ਨੇ ਮਹਿਲਾਵਾਂ, ਖੇਤ ਮਜ਼ਦੂਰਾਂ, ਕਰਮਚਾਰੀਆਂ ਅਤੇ ਬਜ਼ੁਰਗਾਂ ਲਈ ਜੋ ਐਲਾਨ ਕੀਤੇ ਗਏ ਹਨ, ਉਹ ਪਿਛਲੇ ਚਾਰ ਸਾਲਾਂ ਵਿਚ ਕਿਉਂ ਨਹੀਂ ਕੀਤੇ ਗਏ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਸਭ ਵੋਟਰਾਂ ਨੂੰ ਭਰਮਾਉਣ ਲਈ ਹੈ। ਉਨ੍ਹਾਂ ਬਜਟ ਨੂੰ ਚੁਣਾਵੀ ਬਜਟ ਦੱਸਿਆ। ਸੁਖਬੀਰ ਨੇ ਕਿਹਾ ਹੈ ਕਿ ਬਜਟ ਰਾਹੀਂ ਸਰਕਾਰ ਨੇ ਲੋਕਾਂ ਦੀਆਂ ਅੱਖਾਂ ‘ਚ ਘੱਟਾ ਪਾਉਣ ਦਾ ਯਤਨ ਕੀਤਾ ਹੈ। ਵਿੱਤ ਮੰਤਰੀ ਨੇ ਚਾਲਬਾਜ਼ੀ ਤੇ ਪਹਿਲਾਂ ਪੂਰੇ ਨਾ ਕੀਤੇ ਵਾਅਦਿਆਂ ਨੂੰ ਨਵੇਂ ਸਿਰੇ ਤੋਂ ਪੈਕ ਕਰ ਕੇ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਹਰ ਵਾਅਦੇ ਨੂੰ ਪੂਰਾ ਕਰਨ ਤੋਂ ਇਨਕਾਰ ਕਰਨ ਤੋਂ ਬਾਅਦ ਕਾਂਗਰਸ ਸਰਕਾਰ ਆਪਣੇ ਐਲਾਨਾਂ ਨਾਲ ਚੋਣ ਵਰ੍ਹੇ ‘ਚ ਲੋਕਾਂ ਦੀਆਂ ਅੱਖਾਂ ‘ਚ ਘੱਟਾ ਪਾਉਣ ਦਾ ਯਤਨ ਕਰ ਰਹੀ ਹੈ।
ਬਜਟ ਖਿਲਾਫ ਮੁਲਾਜ਼ਮਾਂ ਨੇ ਭੰਨੇ ਘੜੇ
ਪਟਿਆਲਾ : ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਆਪਣੇ ਅੰਤਲੇ ਬਜਟ ਤੋਂ ਅਸੰਤੁਸ਼ਟ ਮੁਲਾਜ਼ਮਾਂ ਨੇ ‘ਪੰਜਾਬ-ਯੂਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ’ ਦੀ ਅਗਵਾਈ ਹੇਠ ਪਟਿਆਲਾ ਵਿਖੇ ਪ੍ਰਬੰਧਕੀ ਕੰਪਲੈਕਸ ਵਿੱਚ ਭੁੱਖ ਹੜਤਾਲ ਅਤੇ ਰੋਸ ਰੈਲੀ ਕੀਤੀ। ਇਸ ਦੌਰਾਨ ਮੁਲਾਜ਼ਮਾਂ ਨੇ ਜੇਲ੍ਹ ਰੋਡ ‘ਤੇ ਆਵਾਜਾਈ ਠੱਪ ਕਰਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀਆਂ ਤਸਵੀਰਾਂ ਲੱਗੇ 51 ਘੜੇ ਭੰਨ੍ਹੇ ਅਤੇ ਬਜਟ ਸਬੰਧੀ ਭਾਸ਼ਣ ਦੀਆਂ ਕਾਪੀਆਂ ਸਾੜੀਆਂ।
ਬਜਟ ਰੋਂਦਾ ਪੰਜਾਬ ਦਾ ਦਸਤਾਵੇਜ਼ : ਤਰੁਣ ਚੁੱਘ
ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਦਾ ਕਹਿਣਾ ਹੈ ਕਿ ਬਜਟ ਰੋਂਦਾ ਪੰਜਾਬ ਦਾ ਦਸਤਾਵੇਜ਼ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਨੇ 5 ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਨੂੰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ, ਪਰ ਅੱਜ ਤੱਕ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ।
ਵਿਰੋਧੀ ਧਿਰਾਂ ਦੇ ਰੌਲੇ-ਰੱਪੇ ਦੌਰਾਨ ਬਜਟ ਇਜਲਾਸ ਸਮਾਪਤ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਬੁੱਧਵਾਰ ਨੂੰ ਵਿਰੋਧੀ ਧਿਰਾਂ ਦੇ ਰੌਲੇ-ਰੱਪੇ ਦਰਮਿਆਨ ਸਮਾਪਤ ਹੋ ਗਿਆ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵਿਰੋਧੀ ਧਿਰਾਂ ਦੀ ਨਾਅਰੇਬਾਜ਼ੀ ਦੌਰਾਨ ਬਜਟ ‘ਤੇ ਬਹਿਸ ਨੂੰ ਸੰਖੇਪ ਕਰਕੇ ਸਮੇਟਿਆ। ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਵੱਲੋਂ ਕੀਤੇ ਹੰਗਾਮੇ ਕਰਕੇ ਵਿੱਤ ਮੰਤਰੀ ਨੂੰ ਬਜਟ ‘ਤੇ ਬਹਿਸ ਦੌਰਾਨ ਦਿੱਕਤ ਆਈ ਤੇ ਉਨ੍ਹਾਂ ਰੌਲੇ-ਰੱਪੇ ਦੌਰਾਨ ਹੀ ਆਪਣਾ ਭਾਸ਼ਣ ਪੂਰਾ ਕੀਤਾ। ਵਿਰੋਧੀ ਧਿਰਾਂ ਦੇ ਹੰਗਾਮੇ ਕਰਕੇ ਮਨਪ੍ਰੀਤ ਬਾਦਲ ਨੂੰ ਚਾਰ ਮਿੰਟ ਲਈ ਭਾਸ਼ਣ ਰੋਕ ਕੇ ਬੈਠਣਾ ਵੀ ਪਿਆ।
ਮਹਿਲਾਵਾਂ ਨੂੰ ਸਰਕਾਰੀ ਬੱਸਾਂ ‘ਚ ਮੁਫਤ ਸਫਰ ਦੀ ਸਹੂਲਤ ਧੋਖਾ ਕਰਾਰ
ਨਿੱਜੀ ਟਰਾਂਸਪੋਰਟਰਾਂ ਦਾ ਕਹਿਣਾ – ਪਿੰਡਾਂ ਵਿਚ ਕੋਈ ਵੀ ਪੰਜਾਬ ਰੋਡਵੇਜ਼ ਦੀ ਬੱਸ ਨਹੀਂ ਜਾਂਦੀ
ਜਲੰਧਰ : ਕਾਂਗਰਸ ਦੀ ਸੂਬਾ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਪੇਸ਼ ਕੀਤੇ ਗਏ ਆਪਣੇ ਆਖਰੀ ਬਜਟ ਵਿੱਚ ਔਰਤਾਂ ਅਤੇ ਵਿਦਿਆਰਥੀਆਂ ਨੂੰ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫਰ ਦੀ ਦਿੱਤੀ ਸਹੂਲਤ ਨੂੰ ਟਰਾਂਸਪੋਰਟਰਾਂ ਨੇ ਹੀ ਵੱਡਾ ਧੋਖਾ ਕਰਾਰ ਦਿੱਤਾ ਹੈ। ਨਿੱਜੀ ਟਰਾਂਸਪੋਰਟਰਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਪਿੰਡਾਂ ਵਿੱਚ ਕੋਈ ਵੀ ਪੰਜਾਬ ਰੋਡਵੇਜ਼ ਦੀ ਬੱਸ ਨਹੀਂ ਜਾ ਰਹੀ ਤੇ ਘਾਟੇ ਵਾਲੇ ਸਾਰੇ ਪੇਂਡੂ ਖੇਤਰਾਂ ਦੇ ਰੂਟ ਸੂਬਾ ਸਰਕਾਰ ਪਹਿਲਾਂ ਹੀ ਛੱਡ ਚੁੱਕੀ ਹੈ। ਮਿਨੀ ਬੱਸ ਬਚਾਓ ਐਕਸ਼ਨ ਕਮੇਟੀ ਦੇ ਕਨਵੀਨਰ ਸੁਰਜੀਤ ਸਿੰਘ ਸੋਇਤਾ ਤੇ ਸਕੱਤਰ ਜਰਨੈਲ ਸਿੰਘ ਗੜ੍ਹਦੀਵਾਲਾ ਨੇ ਬਜਟ ਵਿੱਚ ਪੇਸ਼ ਕੀਤੀ ਗਈ ਇਸ ਤਜਵੀਜ਼ ਦਾ ਮਖੌਲ ਉਡਾਉਂਦਿਆਂ ਕਿਹਾ ਕਿ ਇਹ ਕੌਮਾਂਤਰੀ ਔਰਤ ਦਿਵਸ ਮੌਕੇ ਪੰਜਾਬ ਦੀਆਂ ਔਰਤਾਂ ਨਾਲ ਕੋਝਾ ਮਜ਼ਾਕ ਕੀਤਾ ਗਿਆ ਹੈ।
ਟਰਾਂਸਪੋਰਟਰਾਂ ਨੇ ਮੰਗ ਕੀਤੀ ਕਿ ਪੰਜਾਬ ਦੀਆਂ ਸਾਰੀਆਂ ਸਰਕਾਰੀ ਤੇ ਨਿੱਜੀ ਬੱਸਾਂ ਦਾ ਕਿਰਾਇਆ ਅੱਧਾ ਕੀਤਾ ਜਾਵੇ, ਡੀਜ਼ਲ ‘ਤੇ ਪ੍ਰਤੀ ਲਿਟਰ 20 ਰੁਪਏ ਸਬਸਿਡੀ ਦਿੱਤੀ ਜਾਵੇ ਤੇ ਮੋਟਰ ਵਹੀਕਲ ਟੈਕਸ ਮੁਆਫ ਕੀਤਾ ਜਾਵੇ। ਇਨ੍ਹਾਂ ਆਗੂਆਂ ਨੇ ਕਿਹਾ ਕਿ ਜੇ ਟਰਾਂਸਪੋਰਟ ਵਿਭਾਗ ਵਿਚਲਾ ਭ੍ਰਿਸ਼ਟਾਚਾਰ ਹੀ ਸਰਕਾਰ ਕਾਬੂ ਕਰ ਲਵੇ ਤਾਂ ਟਰਾਂਸਪੋਰਟ ਵਰਗੇ ਖੇਤਰ ਨੂੰ ਬਚਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਮੁੱਚੇ ਪੰਜਾਬ ਵਿੱਚ ਕਿਸੇ ਵੀ ਪਿੰਡ ਨੂੰ ਹੁਣ ਰੋਡਵੇਜ਼ ਦੀ ਬੱਸ ਨਹੀਂ ਜਾ ਰਹੀ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਤਿੰਨ ਹਜ਼ਾਰ ਮਿੰਨੀ ਬੱਸਾਂ ਦੇ ਪਰਮਿਟ ਦੇਣ ਦੇ ਫੈਸਲੇ ਦਾ ਸਵਾਗਤ ਕੀਤਾ ਪਰ ਨਾਲ ਹੀ ਮੰਗ ਕੀਤੀ ਕਿ ਸੁਪਰੀਮ ਕੋਰਟ ਵੱਲੋਂ 2014 ਵਿਚ ਕੀਤਾ ਗਿਆ ਫੈਸਲਾ ਲਾਗੂ ਕੀਤਾ ਜਾਵੇ, ਜਿਸ ਨੂੰ ਸਰਕਾਰ ਲਾਗੂ ਕਰਨ ਤੋਂ ਭੱਜ ਰਹੀ ਹੈ।
ਪੰਜਾਬ ਸਰਕਾਰ ਦੇ ਬਜਟ ਤੋਂ ਕਾਰੋਬਾਰੀ ਨਿਰਾਸ਼
ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ‘ਚ ਸਨਅਤਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤੇ ਜਾਣ ਮਗਰੋਂ ਸਨਅਤਕਾਰ ਸਰਕਾਰ ਤੋਂ ਖਫਾ ਹਨ।
ਉਨ੍ਹਾਂ ਕਿਹਾ ਕਿ ਇਹ ਬਜਟ ਸਿਰਫ਼ ਸਾਲ 2022 ‘ਚ ਹੋਣ ਵਾਲੀਆਂ ਚੋਣਾਂ ਲਈ ਹੀ ਤਿਆਰ ਕੀਤਾ ਗਿਆ ਹੈ। ਇਸ ਲਈ ਇਸ ਨੂੰ ਪੂਰੀ ਤਰ੍ਹਾਂ ‘ਚੁਣਾਵੀ ਬਜਟ’ ਕਿਹਾ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਨਾ ਤਾਂ ਤੇਲ ਦੀ ਕੀਮਤ ‘ਤੇ ਕੋਈ ਟੈਕਸ ਨਹੀਂ ਘਟਾਇਆ ਗਿਆ ਹੈ ਤੇ ਨਾ ਹੀ ਜੀਐੱਸਟੀ ‘ਚ ਕੋਈ ਰਾਹਤ ਦਿੱਤੀ ਗਈ ਹੈ। ਸਨਅਤਕਾਰਾਂ ਨੂੰ ਪਹਿਲਾਂ ਕੇਂਦਰ ਸਰਕਾਰ ਵੱਲੋਂ ਵੀ ਕੁੱਝ ਨਹੀਂ ਮਿਲਿਆ ਤੇ ਹੁਣ ਸੂਬਾ ਸਰਕਾਰ ਨੇ ਵੀ ਬਜਟ ਵਿੱਚ ਕੁੱਝ ਨਹੀਂ ਦਿੱਤਾ। ਸੀਆਈਸੀਯੂ ਦੇ ਪ੍ਰਧਾਨ ਉਪਕਾਰ ਸਿੰਘ ਆਹੂਜਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਬਜਟ ‘ਚ ਸਨਅਤਕਾਰਾਂ ਲਈ ਕੁਝ ਨਹੀਂ ਹੈ। ਸਨਅਤਕਾਰ ਪੂਰੀ ਤਰ੍ਹਾਂ ਨਿਰਾਸ਼ ਹਨ। ਵਿੱਤ ਮੰਤਰੀ ਨੇ ਬਜਟ ‘ਚ ਸਨਅਤ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਹੈ। ਉਹ ਸਰਕਾਰ ਤੋਂ ਸਨਅਤੀ ਢਾਂਚੇ ਦੀ ਮੰਗ ਕਰ ਰਹੇ ਸਨ ਪਰ ਬਜਟ ‘ਚ ਕੁਝ ਨਹੀਂ ਦਿੱਤਾ ਗਿਆ। ਆਲ ਇੰਡਸਟਰੀ ਐਂਡ ਟਰੇਡ ਫੋਰਮ ਦੇ ਕੌਮੀ ਪ੍ਰਧਾਨ ਬਦੀਸ਼ ਜਿੰਦਲ ਨੇ ਕਿਹਾ ਕਿ ਇਸ ਬਜਟ ਤੋਂ ਬੜੀਆਂ ਉਮੀਦਾਂ ਸਨ ਪਰ ਸਨਅਤ ਨੂੰ ਪੂਰੀ ਤਰ੍ਹਾਂ ਅਣਗੌਲਿਆਂ ਕਰ ਦਿੱਤਾ ਗਿਆ। ਬਿਜਲੀ ਦੀ ਕੀਮਤ ‘ਚ ਵੀ ਕੋਈ ਕਮੀ ਨਹੀਂ ਕੀਤੀ ਗਈ।
ਸਰਕਾਰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦਾ ਦਾਅਵਾ ਕਰਦੀ ਹੈ ਪਰ ਅਸਲ ‘ਚ ਵਪਾਰੀਆਂ ਨੂੰ 7 ਤੋਂ ਲੈ ਕੇ 18 ਰੁਪਏ ਤਕ ਬਿਜਲੀ ਮਿਲਦੀ ਹੈ। 5 ਰੁਪਏ ਪ੍ਰਤੀ ਯੂਨਿਟ ‘ਤੇ ਫਿਕਸਡ ਚਾਰਜ ਅਤੇ 23 ਫੀਸਦੀ ਟੈਕਸ ਲਿਆ ਜਾ ਰਿਹਾ ਹੈ। ਤੇਲ ‘ਤੇ ਲੱਗ ਰਹੇ ਸੂਬਾ ਸਰਕਾਰ ਦੇ ਟੈਕਸ ਵਿੱਚ ਕੁੱਝ ਰਾਹਤ ਦੀਆਂ ਉਮੀਦਾਂ ਸਨ ਪਰ ਉਸ ‘ਤੇ ਵੀ ਨਿਰਾਸ਼ਾ ਹੀ ਪੱਲੇ ਪਈ ਹੈ।
ਮਜੀਠੀਆ ਨੇ ਵੀ ਬਜਟ ਨੂੰ ਦੱਸਿਆ ਲੋਕਾਂ ਨਾਲ ਧੋਖਾ
ਵਿਧਾਨ ਸਭਾ ਦੇ ਬਾਹਰ ਬਜਟ ਦੇ ਨਾਮ ‘ਤੇ ਵੰਡੀਆਂ ਟੌਫੀਆਂ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਨੂੰ ਲੋਕਾਂ ਨਾਲ ਧੋਖਾ ਕਰਾਰ ਦਿੱਤਾ ਹੈ। ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਦੌਰਾਨ ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਬਜਟ ਵਿਚ ਸੂਬੇ ਦੇ ਲੋਕਾਂ ਨੂੰ ਧੋਖਾ ਦੇਣ ਦੇ ਪੈਂਤੜੇ ਅਜਮਾਏ ਗਏ ਹਨ।
ਉਨ੍ਹਾਂ ਕਿਹਾ ਕਿ ਬਜਟ ਦੌਰਾਨ ਮਿੱਠੀਆਂ ਗੋਲੀਆਂ ਦੇ ਕੇ ਜਨਤਾ ਨੂੰ ਭਰਮਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਅਤੇ ਪੰਜਾਬ ਸਰਕਾਰ ਦੇ ਬਜਟ ਨੂੰ ਹਰ ਵਰਗ ਨੇ ਨਕਾਰਿਆ ਹੈ। ਇਸ ਤੋਂ ਪਹਿਲਾਂ ਮਜੀਠੀਆ ਨੇ ਬਜਟ ‘ਤੇ ਸੰਕੇਤਕ ਰੂਪ ਨਾਲ ਸਿਆਸੀ ਵਾਰ ਕਰਦੇ ਹੋਏ ਵਿਧਾਨ ਸਭਾ ਦੇ ਬਾਹਰ ਬਜਟ ਦੇ ਨਾਮ ‘ਤੇ ਟੌਫੀਆਂ ਵੀ ਵੰਡੀਆਂ।

Check Also

ਕੇਜਰੀਵਾਲ ਦੀ ਗ੍ਰਿਫ਼ਤਾਰੀ ਵਿਰੁੱਧ ਦੇਸ਼-ਵਿਦੇਸ਼ਾਂ ‘ਚ ਭੁੱਖ ਹੜਤਾਲ

ਭਾਰਤ ਦੀ ਆਜ਼ਾਦੀ ਅਤੇ ਸੰਵਿਧਾਨ ਖ਼ਤਰੇ ‘ਚ : ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ : ਪੰਜਾਬ …