Breaking News
Home / ਪੰਜਾਬ / ਕਿਸਾਨਾਂ ਦੀ ਹਮਾਇਤ ‘ਚ ਆਏ ਪੱਛਮੀ ਬੰਗਾਲ ਦੇ ਪੰਜਾਬੀ

ਕਿਸਾਨਾਂ ਦੀ ਹਮਾਇਤ ‘ਚ ਆਏ ਪੱਛਮੀ ਬੰਗਾਲ ਦੇ ਪੰਜਾਬੀ

ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਵਿਸ਼ਾਲ ਰੈਲੀਆਂ ਕਰਨ ਦਾ ਐਲਾਨ
ਫਰੀਦਕੋਟ : ਪੱਛਮੀ ਬੰਗਾਲ ਦੇ ਪੰਜਾਬੀ ਭਾਈਚਾਰੇ ਨੇ ਐਲਾਨ ਕੀਤਾ ਕਿ ਦਿੱਲੀ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਚੱਲ ਰਹੇ ਅੰਦੋਲਨ ਦਾ ਡਟਵਾਂ ਸਾਥ ਦਿੱਤਾ ਜਾਵੇਗਾ। ਪੱਛਮੀ ਬੰਗਾਲ ਦੇ ਮਹਾਂਨਗਰ ਕੋਲਕਾਤਾ ਵਿੱਚ ਰੈਲੀ ਨੂੰ ਸੰਬੋਧਨ ਕਰਨ ਲਈ ਗਏ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਪੰਜਾਬੀ ਭਾਈਚਾਰੇ ਨੇ ਕਿਹਾ ਕਿ ਕਿਸਾਨ ਅੰਦੋਲਨ ਨੂੰ ਦੁਨੀਆਂ ਭਰ ਦੇ ਲੋਕਾਂ ਦਾ ਸਾਥ ਮਿਲ ਰਿਹਾ ਹੈ। ਕੋਲਕਾਤਾ ਵਸਨੀਕ ਮਨਪ੍ਰੀਤ ਸਿੰਘ ਨੇ ਕਿਹਾ ਕਿ ਉਹ ਪਹਿਲਾਂ ਹੀ ਕਿਸਾਨ ਅੰਦੋਲਨ ਦੇ ਸਾਰੇ ਪ੍ਰੋਗਰਾਮਾਂ ਨੂੰ ਪੱਛਮੀ ਬੰਗਾਲ ਵਿੱਚ ਲਾਗੂ ਕਰਵਾਉਣ ਲਈ ਜੱਦੋ-ਜਹਿਦ ਕਰ ਰਹੇ ਹਨ ਪਰ ਹੁਣ ਕਿਸਾਨ ਮੋਰਚੇ ਦੇ ਆਗੂਆਂ ਦੀ ਫੇਰੀ ਨਾਲ ਪੱਛਮੀ ਬੰਗਾਲ ਦੇ ਕਿਸਾਨਾਂ ਨੂੰ ਵੀ ਹੌਂਸਲਾ ਮਿਲਿਆ ਹੈ। ਦਹਾਕਿਆਂ ਤੋਂ ਕੋਲਕਾਤਾ ਰਹਿ ਰਹੇ ਪੰਜਾਬੀ ਪਰਿਵਾਰਾਂ ਨੇ ਕਿਸਾਨ ਆਗੂ ਰਾਜਿੰਦਰ ਸਿੰਘ ਦਾ ਨਿੱਘਾ ਸਵਾਗਤ ਕੀਤਾ ਅਤੇ ਬਾਕੀ ਕਿਸਾਨ ਆਗੂਆਂ ਨੂੰ ਵੀ ਪੱਛਮੀ ਬੰਗਾਲ ਆਉਣ ਦਾ ਸੱਦਾ ਦਿੱਤਾ। ਬਜ਼ੁਰਗ ਬਲਬੀਰ ਸਿੰਘ ਨੇ ਕਿਹਾ ਕਿ ਲਾਲ ਕਿਲੇ ‘ਤੇ ਵਾਪਰੀ ਘਟਨਾ ਕੇਂਦਰ ਸਰਕਾਰ ਦੀ ਸਾਜ਼ਿਸ਼ ਸੀ, ਜਿਸ ਦੀ ਆੜ ‘ਚ ਪੰਜਾਬੀਆਂ ਅਤੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੱਛਮੀ ਬੰਗਾਲ ਦੇ ਪੰਜਾਬੀਆਂ ਨੇ ਕਿਸਾਨ ਮੋਰਚੇ ਨੂੰ ਅਪੀਲ ਕੀਤੀ ਕਿ ਇਸ ਸੰਘਰਸ਼ ਨੂੰ ਸ਼ਾਂਤੀਪੂਰਵਕ ਤਰੀਕੇ ਨਾਲ ਹੀ ਚਲਾਇਆ ਜਾਵੇ। ਇਸ ਮੌਕੇ ਕਿਸਾਨ ਆਗੂ ਰਜਿੰਦਰ ਸਿੰਘ ਕੁਝ ਪੰਜਾਬੀ ਪਰਿਵਾਰਾਂ ਦੀ ਘਰਾਂ ਵਿੱਚ ਵੀ ਗਏ। ਕਿਸਾਨ ਸਾਹਿਲਦੀਪ ਸਿੰਘ ਨੇ ਕਿਹਾ ਕਿ ਪੱਛਮੀ ਬੰਗਾਲ ਦੇ ਪੰਜਾਬੀਆਂ ਨੇ ਐਲਾਨ ਕੀਤਾ ਹੈ ਕਿ ਜੇਕਰ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਪੱਛਮੀ ਬੰਗਾਲ ਵਿੱਚ ਆਉਂਦੇ ਹਨ ਤਾਂ ਉਹ ਇੱਥੇ ਵੱਡੀਆਂ ਰੈਲੀਆਂ ਦਾ ਪ੍ਰਬੰਧ ਕਰਨਗੇ ਅਤੇ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਗੇ। ਪੱਛਮੀ ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਚੁੱਕਾ ਹੈ ਅਤੇ ਕਿਸਾਨ ਮੋਰਚਾ ਪਹਿਲਾਂ ਹੀ ਬੀਜੇਪੀ ਨੂੰ ਹਰਾਉਣ ਦਾ ਸੱਦਾ ਦੇ ਚੁੱਕਾ ਹੈ, ਮੋਰਚੇ ਦੇ ਇਸ ਸੱਦੇ ਦਾ ਬੰਗਾਲ ਦੀ ਪੰਜਾਬੀ ਭਾਈਚਾਰੇ ਨੇ ਗਰਮਜੋਸ਼ੀ ਨਾਲ ਸੁਆਗਤ ਕੀਤਾ ਹੈ।

Check Also

ਚੋਣਾਂ ਨੇੜੇ ਆਉਂਦੀਆਂ ਦੇਖ ਸਿਆਸੀ ਆਗੂਆਂ ਨੇ ਡੇਰਿਆਂ ਦੇ ਚੱਕਰ ਲਗਾਉਣੇ ਕੀਤੇ ਸ਼ੁਰੂ

ਪ੍ਰਤਾਪ ਬਾਜਵਾ, ਪ੍ਰਨੀਤ ਕੌਰ ਤੇ ਕੁਲਦੀਪ ਧਾਲੀਵਾਲ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ …