11 ਨੌਜਵਾਨਾਂ ‘ਤੇ ਹੋਈ ਫੁੱਲਾਂ ਦੀ ਵਰਖਾ
ਮੋਗਾ/ਬਿਊਰੋ ਨਿਊਜ਼ : ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਦੌਰਾਨ ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਪਿੰਡ ਤਤਾਰੀਏ ਵਾਲਾ ਦੇ 11 ਨੌਜਵਾਨ ਕਿਸਾਨਾਂ ਦੀ ਤਿਹਾੜ ਜੇਲ੍ਹ ‘ਚੋਂ ਤਕਰੀਬਨ 35 ਦਿਨ ਬਾਅਦ ਰਿਹਾਅ ਹੋਣ ਮਗਰੋਂ ਮੋਗਾ ਪੁੱਜਣ ‘ਤੇ ਉਨ੍ਹਾਂ ਦਾ ਇਲਾਕੇ ਦੇ ਲੋਕਾਂ ਨੇ ਭਰਵਾਂ ਸਵਾਗਤ ਕੀਤਾ। ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਰਜਿੰਦਰ ਸਿਘ ਮੱਖਣ ਬਰਾੜ ਦੀ ਅਗਵਾਈ ਹੇਠ ਸ਼ਹਿਰ ਦੀ ਹੱਦ ‘ਤੇ ਪਿੰਡ ਤਤਾਰੀਏ ਵਾਲਾ ਦੇ ਅੰਮ੍ਰਿਤਪਾਲ ਸਿੰਘ ਸਣੇ 11 ਨੌਜਵਾਨਾਂ ‘ਤੇ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਸਿਰੋਪਾਓ ਪਾ ਕੇ ਸਵਾਗਤ ਕੀਤਾ ਗਿਆ। ਕਿਸਾਨਾਂ ਨੂੰ ਖੁੱਲ੍ਹੀ ਜੀਪ ਵਿੱਚ ਵੱਖ ਵੱਖ ਪਿੰਡਾਂ ਵਿੱਚੋਂ ਕਾਫ਼ਲੇ ਦੇ ਰੂਪ ‘ਚ ਪਿੰਡ ਤਤਾਰੀਏ ਵਾਲਾ ਲਿਜਾਇਆ ਗਿਆ, ਜਿੱਥੇ ਪਰਿਵਾਰਕ ਮੈਂਬਰਾਂ ਸਮੇਤ ਪਿੰਡ ਵਾਸੀਆਂ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ। ਅੰਮ੍ਰਿਤਪਾਲ ਸਿੰਘ ਅਤੇ ਹੋਰਾਂ ਨੇ ਦੱਸਿਆ ਕਿ ਉਹ 26 ਜਨਵਰੀ ਨੂੰ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਲਈ ਦਿੱਲੀ ਗਏ ਸਨ। ਉੱਥੇ ਉਹ ਰਸਤਾ ਭੁੱਲ ਗਏ। ਰਸਤਾ ਪੁੱਛਣ ‘ਤੇ ਦਿੱਲੀ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਤਿਹਾੜ ਜੇਲ੍ਹ ਭੇਜ ਦਿੱਤਾ। ਉਨ੍ਹਾਂ ਨੂੰ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਜਥੇਦਾਰ ਤੋਤਾ ਸਿੰਘ ਤੇ ਲੀਗਲ ਟੀਮ ਦੀ ਕੋਸ਼ਿਸ਼ ਸਦਕਾ ਜ਼ਮਾਨਤ ਮਿਲੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਗ੍ਰਿਫ਼ਤਾਰੀਆਂ ਮੋਦੀ ਸਰਕਾਰ ਦੇ ਕੱਫ਼ਨ ਵਿੱਚ ਕਿੱਲ ਸਾਬਤ ਹੋਣਗੀਆਂ।
Check Also
ਪੰਜਾਬ ਦੀਆਂ ਜ਼ਿਮਨੀ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਜਾਰੀ
ਗਿੱਦੜਬਾਹਾ ਤੇ ਚੱਬੇਵਾਲ ਤੋਂ ‘ਆਪ’, ਬਰਨਾਲਾ ਤੇ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਤੋਂ ਅੱਗੇ …