19.4 C
Toronto
Friday, September 19, 2025
spot_img
Homeਪੰਜਾਬਐਫਸੀਆਈ ਨੂੰ ਖਤਮ ਕਰਨਾ ਚਾਹੁੰਦੀ ਹੈ ਮੋਦੀ ਸਰਕਾਰ

ਐਫਸੀਆਈ ਨੂੰ ਖਤਮ ਕਰਨਾ ਚਾਹੁੰਦੀ ਹੈ ਮੋਦੀ ਸਰਕਾਰ

ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਪਹੁੰਚੋ : ਡੱਲੇਵਾਲ
ਬਨੂੜ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ-ਏਕਤਾ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਐਲਾਨ ਕੀਤਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਉਪਰੰਤ ਦੇਸ਼ ਦੇ ਕਿਸਾਨ ਖੇਤੀਬਾੜੀ ਅਤੇ ਜਨਤਕ ਖੇਤਰਾਂ ਨੂੰ ਬਚਾਉਣ ਲਈ ਭਾਰਤ ਨੂੰ ਗੈਟ ਦੀ ਮੈਂਬਰੀ ਤੋਂ ਬਾਹਰ ਲਿਆਉਣ ਲਈ ਸੰਘਰਸ਼ ਵਿੱਢਣਗੇ। ਉਹ ਪਿੰਡ ਜਾਂਸਲਾ ਵਿੱਚ ਕਿਸਾਨ ਇਕੱਤਰਤਾ ਵਿੱਚ ਜੁੜੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਡੱਲੇਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਨਰਿੰਦਰ ਤੋਮਰ ਉੱਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਅਤੇ ਭਾਰਤ ਦੇ ਸਮੁੱਚੇ ਕੁਦਰਤੀ ਸੋਮੇ ਕਾਰਪੋਰੇਟਾਂ ਦੇ ਹਵਾਲੇ ਕਰਨਾ ਚਾਹੁੰਦੀ ਹੈ ਤੇ ਕਿਸਾਨ ਕਿਸੇ ਵੀ ਕੀਮਤ ਉੱਤੇ ਅਜਿਹਾ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਕੇਂਦਰ ਐੱਫਸੀਆਈ ਨੂੰ ਖ਼ਤਮ ਕਰਕੇ ਸਰਕਾਰੀ ਮੰਡੀ ਨੂੰ ਖ਼ਤਮ ਕਰਨ ਲਈ ਪ੍ਰਾਈਵੇਟ ਮੰਡੀ ਲਿਆਉਣਾ ਚਾਹੁੰਦੀ ਹੈ ਤੇ ਇਹ ਸਭ ਕੁੱਝ ਐੱਮਐੱਸਪੀ ਨੂੰ ਖ਼ਤਮ ਕਰਨ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟਾਂ, ਵਿਸ਼ਵ ਬੈਂਕ ਅਤੇ ਗੈਟ ਦੇ ਦਬਾਅ ਅਧੀਨ ਕੰਮ ਕਰ ਰਹੀ ਹੈ ਅਤੇ ਭਾਰਤ ਨੂੰ ਗੈਟ ਤੋਂ ਬਾਹਰ ਕਰਨ ਲਈ ਦੇਸ਼ ਭਰ ਵਿੱਚ ਕਿਸਾਨ ਤੇ ਹੋਰ ਜਨ ਸਮੂਹ ਇਕਜੁੱਟ ਹੋ ਰਹੇ ਹਨ। ਉਨ੍ਹਾਂ ਲੋਕਾਂ ਨੂੰ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦਿੱਲੀ ਪਹੁੰਚਣ ਦਾ ਸੱਦਾ ਦਿੱਤਾ। ਉਨ੍ਹਾਂ ਪਿਛਲੇ ਸੌ ਦਿਨਾਂ ਦੇ ਸੰਘਰਸ਼ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਨੌਜਵਾਨਾਂ ਨੂੰ ਕਿਸਾਨ ਸੰਘਰਸ਼ ਦੀ ਲਾਮਬੰਦੀ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਸੂਫ਼ੀ ਗਾਇਕ ਕੰਵਰ ਗਰੇਵਾਲ ਨੇ ਸੰਘਰਸ਼ ਦੀ ਸਫ਼ਲਤਾ ਲਈ ਵੱਡੇ ਉਪਰਾਲਿਆਂ ਦੀ ਲੋੜ ‘ਤੇ ਜ਼ੋਰ ਦਿੱਤਾ। ਜਗਜੀਤ ਸਿੰਘ ਡੱਲੇਵਾਲ ਨੇ ਇਸ ਮੌਕੇ ਐਲਾਨ ਕੀਤਾ ਕਿ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ-ਏਕਤਾ ਪੰਜਾਬ ਵਿੱਚ ਹੋਣ ਵਾਲੀ ਕਿਸੇ ਵੀ ਚੋਣ ਵਿੱਚ ਹਿੱਸਾ ਨਹੀਂ ਲਵੇਗੀ। ਉਨ੍ਹਾਂ ਕਿਹਾ ਕਿ ਨਾ ਹੀ ਉਨ੍ਹਾਂ ਦੀ ਯੂਨੀਅਨ ਕਿਸੇ ਵਿਅਕਤੀ ਨੂੰ ਕਿਸੇ ਪਾਰਟੀ ਦੇ ਹੱਕ ਵਿੱਚ ਵੋਟ ਪਾਉਣ ਲਈ ਕਹੇਗੀ ਪਰ ਭਾਜਪਾ ਦਾ ਡਟ ਕੇ ਵਿਰੋਧ ਕਰੇਗੀ।
ਪੱਛਮੀ ਬੰਗਾਲ ਤੇ ਆਸਾਮ ਜਾਵੇਗਾ ਸੰਯੁਕਤ ਕਿਸਾਨ ਮੋਰਚੇ ਦਾ ਵਫ਼ਦ
ਸੰਯੁਕਤ ਕਿਸਾਨ ਮੋਰਚੇ ਵਲੋਂ ਜਾਰੀ ਬਿਆਨ ਮੁਤਾਬਿਕ ਮੋਰਚੇ ਦੇ ਆਗੂਆਂ ਦਾ ਇਕ ਵਫ਼ਦ ਪੱਛਮੀ ਬੰਗਾਲ ਅਤੇ ਆਸਾਮ ਜਾਵੇਗਾ। ਇਹ ਵਫ਼ਦ ਉੱਥੇ ਵੋਟਰਾਂ ਨੂੰ ਭਾਜਪਾ ਦੀਆਂ ਕਿਸਾਨੀ ਨੀਤੀਆਂ ਦਾ ਵਾਸਤਾ ਦੇ ਕੇ ਵੋਟ ਨਾ ਪਾਉਣ ਦੀ ਅਪੀਲ ਕਰੇਗਾ। ਜਾਣਕਾਰੀ ਅਨੁਸਾਰ ਇਹ 3 ਦਿਨਾਂ ਦਾ ਇਹ ਪ੍ਰੋਗਰਾਮ 12 ਮਾਰਚ ਨੂੰ ਸ਼ੁਰੂ ਹੋਵੇਗਾ।

RELATED ARTICLES
POPULAR POSTS