Breaking News
Home / ਪੰਜਾਬ / ਮਨੋਹਰ ਲਾਲ ਖੱਟਰ ਦਾ ਘਿਰਾਓ ਕਰਨ ਵਾਲੇ 9 ਅਕਾਲੀ ਵਿਧਾਇਕਾਂ ਖਿਲਾਫ ਕੇਸ

ਮਨੋਹਰ ਲਾਲ ਖੱਟਰ ਦਾ ਘਿਰਾਓ ਕਰਨ ਵਾਲੇ 9 ਅਕਾਲੀ ਵਿਧਾਇਕਾਂ ਖਿਲਾਫ ਕੇਸ

ਐੱਫਆਈਆਰ ‘ਚ ਝਗੜਾ, ਕੁੱਟਮਾਰ ਤੇ ਹਮਲਾ ਕਰਨ ਦੀ ਕੋਸ਼ਿਸ਼ ਨਾਲ ਸਬੰਧਤ ਧਾਰਾਵਾਂ ਸ਼ਾਮਲ
ਚੰਡੀਗੜ੍ਹ : ਵਿਧਾਨ ਸਭਾ ਦੇ ਬਾਹਰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਘਿਰਾਓ ਕਰਨ ਦੇ ਮਾਮਲੇ ਵਿਚ ਪੰਜਾਬ ਦੇ 9 ਅਕਾਲੀ ਵਿਧਾਇਕਾਂ ਸਮੇਤ 10 ਵਿਅਕਤੀਆਂ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਚੰਡੀਗੜ੍ਹ ਦੇ ਸੈਕਟਰ 3 ਦੀ ਥਾਣਾ ਪੁਲਿਸ ਨੇ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ, ਬਿਕਰਮ ਸਿੰਘ ਮਜੀਠੀਆ, ਬਲਦੇਵ ਸਿੰਘ ਖਹਿਰਾ, ਸੁਖਵਿੰਦਰ ਕੁਮਾਰ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਕੰਵਰਜੀਤ ਬਰਕੰਦੀ, ਮਨਪ੍ਰੀਤ ਸਿੰਘ ਇਆਲੀ, ਗੁਰਪ੍ਰਤਾਪ ਸਿੰਘ ਵਡਾਲਾ, ਨਰਿੰਦਰ ਕੁਮਾਰ ਅਤੇ ਇਕ ਅਣਪਛਾਤੇ ਵਿਅਕਤੀ ‘ਤੇ ਆਈਪੀਸੀ ਦੀਆਂ ਧਰਾਵਾਂ ਤਹਿਤ ਕਾਰਵਾਈ ਕੀਤੀ ਗਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਾਰਵਾਈ ਦੀ ਜਾਣਕਾਰੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੂੰ ਦੇ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਬਜਟ ਇਜਲਾਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਅਖੀਰਲੇ ਦਿਨ 10 ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਵੱਲੋਂ ਹਰਿਆਣਾ ਵਿਧਾਨ ਸਭਾ ਦੀ ਪਾਰਕਿੰਗ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਕਥਿਤ ਘਿਰਾਓ ਕਰਨ ਅਤੇ ਕਾਲੀ ਝੰਡੀਆਂ ਵਿਖਾਉਣ ‘ਤੇ ਚੰਡੀਗੜ੍ਹ ਪੁਲੀਸ ਨੇ ਬਿਕਰਮ ਸਿੰਘ ਮਜੀਠੀਆ ਸਣੇ 9 ਅਕਾਲੀ ਵਿਧਾਇਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਸੰਦੀਪ ਨਾਂਦਲ ਦਾ ਕਹਿਣਾ ਸੀ ਕਿ 10 ਮਾਰਚ ਨੂੰ ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਤੋਂ ਬਾਅਦ ਸ਼ਾਮ 5.50 ਵਜੇ ਦੇ ਕਰੀਬ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿਧਾਨ ਸਭਾ ਦੀ ਪਾਰਕਿੰਗ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸੀ। ਉਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ 9 ਵਿਧਾਇਕਾਂ ਅਤੇ ਅਣਪਛਾਤੇ ਵਿਅਕਤੀਆਂ ਨੇ ਖੱਟਰ ਦਾ ਘਿਰਾਓ ਕਰਕੇ ਕਾਲੀ ਝੰਡੀਆਂ ਦਿਖਾਈਆਂ। ਜ਼ਿਕਰਯੋਗ ਹੈ ਕਿ ਉਕਤ ਮਾਮਲੇ ਸਬੰਧੀ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਡੀਜੀਪੀ ਹਰਿਆਣਾ ਸਣੇ ਹੋਰਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮਾਮਲੇ ਦੀ ਜਾਂਚ ਕਰਨ ਦੇ ਆਦੇਸ਼ ਦਿੱਤੇ ਸਨ। ਹਰਿਆਣਾ ਵਿਧਾਨ ਸਭਾ ਨੇ ਮੁੱਖ ਮੰਤਰੀ ਨਾਲ ਵਾਪਰੀ ਇਸ ਘਟਨਾ ਲਈ ਸਦਨ ਵਿੱਚ ਨਿੰਦਾ ਮਤਾ ਵੀ ਪਾਸ ਕੀਤਾ ਸੀ।
ਅਸੀਂ ਤਾਂ ਮਰਿਆਦਾ ‘ਚ ਰਹਿ ਕੇ ਕੀਤਾ ਸੀ ਪ੍ਰਦਰਸ਼ਨ : ਮਜੀਠੀਆ
ਅੰਮ੍ਰਿਤਸਰ : ਅਕਾਲੀ ਦਲ ਦੇ ਵਿਧਾਇਕਾਂ ਖਿਲਾਫ ਐਫ ਆਈ ਆਰ ਦਰਜ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਸੀਂ ਮਰਿਆਦਾ ਵਿਚ ਰਹਿ ਕੇ ਹੀ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਕੀਤਾ ਸੀ ਜੋ ਲੋਕਤੰਤਰ ਦਾ ਅਧਿਕਾਰ ਹੈ। ਮਜੀਠੀਆ ਨੇ ਕਿਹਾ ਕਿ ਸਾਡੇ ‘ਤੇ ਜਿਹੜੀ ਮਰਜ਼ੀ ਧਾਰਾ ਲਗਵਾ ਦੇਣ ਸਾਨੂੰ ਕੋਈ ਫ਼ਰਕ ਨਹੀਂ ਪੈਂਦਾ। ਉਨ੍ਹਾਂ ਕਿਹਾ ਕਿ ਅਸੀ ਕੇਵਲ ਕਿਸਾਨਾਂ ਦੇ ਹੱਕ ਵਿਚ ਸ਼ਾਂਤਮਈ ਪ੍ਰਦਰਸ਼ਨ ਕਰਨ ਗਏ ਸੀ। ਇਸੇ ਦੌਰਾਨ ਉਨ੍ਹਾਂ ਕਿਹਾ ਕਿ 4 ਸਾਲ ਪਹਿਲਾਂ 16 ਮਾਰਚ 2016 ਨੂੰ ਕਾਂਗਰਸ ਪੰਜਾਬ ਦੀ ਸੱਤਾ ਵਿਚ ਆਈ। ਉਨ੍ਹਾਂ ਕਿਹਾ ਕਿ ਅੱਜ ਕਾਂਗਰਸ ਸਰਕਾਰ ਲੋਕਾਂ ਦੇ ਸਾਹਮਣੇ ਆਉਣ ਦੀ ਬਜਾਏ ਅਖਬਾਰਾਂ ਵਿੱਚ ਇਸ਼ਤਿਹਾਰ ਦੇ ਕੇ ਆਪਣੀ ਪ੍ਰਾਪਤੀਆਂ ਬਾਰੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਆਪਣੇ ਝੂਠੇ ਵਾਅਦਿਆਂ ਨਾਲ ਪੰਜਾਬ ਨੂੰ ਰੋਲ ਕੇ ਰੱਖ ਦਿੱਤਾ ਹੈ।

Check Also

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਦੇ ਪਾਸਪੋਰਟ ਦਫਤਰ ਖਿਲਾਫ ਕੀਤੀ ਸ਼ਿਕਾਇਤ

ਸਰਕਾਰ ਦੇ ਨਿਯਮਾਂ ਦੀ ਅਣਦੇਖੀ ਹੋਣ ਦੇ ਵੀ ਸੰਤ ਸੀਚੇਵਾਲ ਨੇ ਲਗਾਏ ਆਰੋਪ ਜਲੰਧਰ/ਬਿਊਰੋ ਨਿਊਜ਼ …