-2 C
Toronto
Sunday, December 7, 2025
spot_img
Homeਪੰਜਾਬਕੇਜਰੀਵਾਲ ਨੇ ਕਿਸਾਨਾਂ ਦਾ ਸਹਾਰਾ ਲੈ ਕੇ ਪੰਜਾਬ 'ਚ ਵਜਾਇਆ ਚੋਣ ਬਿਗੁਲ

ਕੇਜਰੀਵਾਲ ਨੇ ਕਿਸਾਨਾਂ ਦਾ ਸਹਾਰਾ ਲੈ ਕੇ ਪੰਜਾਬ ‘ਚ ਵਜਾਇਆ ਚੋਣ ਬਿਗੁਲ

ਪੰਜਾਬ ‘ਚ ਤੀਜੇ ਸਿਆਸੀ ਬਦਲ ਦਾ ਸੱਦਾ ੲ ਮੋਦੀ ਤੇ ਕੈਪਟਨ ਸਰਕਾਰਾਂ ਦੀ ਕੀਤੀ ਤਿੱਖੀ ਆਲੋਚਨਾ
ਬਾਘਾਪੁਰਾਣਾ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੋਗਾ ਦੇ ਕਸਬਾ ਬਾਘਾਪੁਰਾਣਾ ਵਿਚ ਕਿਸਾਨ ਮਹਾਪੰਚਾਇਤ ਨੂੰ ਸੰਬੋਧਨ ਕਰਦਿਆਂ ਸੂਬੇ ‘ਚ ਤੀਜੇ ਸਿਆਸੀ ਬਦਲ ਦਾ ਸੱਦਾ ਦਿੱਤਾ। ਇਸ ਮੌਕੇ ਵਾਅਦਿਆਂ ਦੀ ਝੜੀ ਲਗਾਉਂਦਿਆਂ ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਬਣਨ ‘ਤੇ ਸੂਬੇ ਦੇ ਲੋਕਾਂ ਨੂੰ ਦਿੱਲੀ ਦੀ ਤਰਜ਼ ਉੱਤੇ ਸਹੂਲਤਾਂ ਦਿੱਤੀਆਂ ਜਾਣਗੀਆਂ। ਇਸ ਦੌਰਾਨ ਕਿਸਾਨ ਸੰਘਰਸ਼ ‘ਚ ਸ਼ਹੀਦ ਹੋਏ ਕਿਸਾਨਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ ਗਈ। ਆਪਣੇ ਸੰਬੋਧਨ ‘ਚ ਕੇਜਰੀਵਾਲ ਨੇ ਕਿਹਾ, ”ਸਾਡਾ ਕਿਸਾਨ ਦੇਸ਼ਧ੍ਰੋਹੀ ਨਹੀਂ ਹੋ ਸਕਦਾ ਹੈ। ਦੇਸ਼ ਦਾ ਕਿਸਾਨ ਬਹੁਤ ਮੁਸ਼ਕਲ ਵਿਚ ਹੈ।”
ਉਨ੍ਹਾਂ ਕਿਹਾ ਕਿ ਜਦੋਂ ਵੀ ਦੇਸ਼ ਅੰਦਰ ਕੋਈ ਲਹਿਰ ਪੈਦਾ ਹੋਈ ਹੈ ਤਾਂ ਉਸ ਦੀ ਅਗਵਾਈ ਪੰਜਾਬ ਦੇ ਲੋਕਾਂ ਨੇ ਕੀਤੀ ਹੈ। ਕਿਸਾਨਾਂ ਦੀ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਜਾਇਜ਼ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਕਾਲੇ ਕਾਨੂੰਨਾਂ ਖ਼ਿਲਾਫ਼ ਵੀ ਪੰਜਾਬ ਤੋਂ ਹੀ ਆਵਾਜ਼ ਉੱਠੀ ਹੈ ਅਤੇ ਅੱਜ ਇਹ ਸੰਘਰਸ਼ ਪੂਰੇ ਦੇਸ਼ ‘ਚ ਫੈਲ ਗਿਆ ਹੈ। ‘ਇਹ ਸੰਘਰਸ਼ ਹੁਣ ਇਕੱਲੇ ਕਿਸਾਨਾਂ ਦਾ ਨਹੀਂ ਸਗੋਂ ਹਰ ਵਰਗ ਦਾ ਬਣ ਚੁੱਕਾ ਹੈ।’ ਕਿਸਾਨਾਂ ਨਾਲ ਹੋਣ ਦਾ ਦਾਅਵਾ ਕਰਦਿਆਂ ਉਨ੍ਹਾਂ ਆਖਿਆ ਕਿ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਜੇਲ੍ਹਾਂ ਵਿੱਚ ਡੱਕਣ ਲਈ 9 ਸਟੇਡੀਅਮਾਂ ਨੂੰ ਆਰਜ਼ੀ ਜੇਲ੍ਹ ਬਣਾਉਣ ਦੀ ਮਨਜ਼ੂਰੀ ਮੰਗੀ ਸੀ। ਮੋਦੀ ਸਰਕਾਰ ਕੋਲ ਸਟੇਡੀਅਮ ਨੂੰ ਜੇਲ੍ਹ ਬਣਾਉਣ ਦਾ ਅਧਿਕਾਰ ਨਾ ਹੋਣ ਕਾਰਨ ਅਤੇ ਮੇਰੀ ਸਰਕਾਰ ਵੱਲੋਂ ਇਨਕਾਰ ਕਰਨ ਉੱਤੇ ਮੋਦੀ ਸਰਕਾਰ ਹੁਣ ਮੇਰੇ ਤੋਂ ਖਫ਼ਾ ਹੈ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਪੂੰਜੀਪਤੀ ਦੋਸਤਾਂ ਨੂੰ ਫਾਇਦਾ ਪਹੁੰਚਾਉਣ ਲਈ ਇਹ ਕਾਨੂੰਨ ਪਾਸ ਕਰਵਾਏ ਹਨ। ਇਨ੍ਹਾਂ ਕਾਨੂੰਨਾਂ ਦੇ ਲਾਗੂ ਹੋਣ ਮਗਰੋਂ ਕਿਸਾਨਾਂ ਦੀ ਬਚੀ ਹੋਈ ਖੇਤੀ ਕੇਂਦਰ ਸਰਕਾਰ ਤਿੰਨ-ਚਾਰ ਪੂੰਜੀਪਤੀ ਸਾਥੀਆਂ ਦੇ ਹੱਥਾਂ ਵਿਚ ਸੌਂਪਣਾ ਚਾਹੁੰਦੀ ਹੈ। ਰਵਾਇਤੀ ਪਾਰਟੀਆਂ ‘ਤੇ ਪਿਛਲੇ 70 ਸਾਲ ਤੋਂ ਕਿਸਾਨਾਂ ਨਾਲ ਧੋਖਾ ਕਰਨ ਦਾ ਦਾਅਵਾ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਵੱਲੋਂ ਸ਼ੁਰੂ ਕੀਤਾ ਗਿਆ ਅੰਦੋਲਨ ਜ਼ਰੂਰ ਸਫਲ ਹੋਵੇਗਾ।
ਉਨ੍ਹਾਂ ਮੰਚ ਤੋਂ ਨਵਾਂ ਪੰਜਾਬ ਬਣਾਉਣ ਅਤੇ ਸੂਬੇ ਨੂੰ ਖੁਸ਼ਹਾਲ ਬਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਹੀ ਇਕ ਪਾਰਟੀ ਹੈ ਜੋ ਕੀਤੇ ਹੋਏ ਵਾਅਦੇ ਪੂਰੀ ਕਰਦੀ ਹੈ ਅਤੇ ਪੰਜਾਬ ਵਿੱਚ ਵੀ ਉਹ ਸਾਰੇ ਵਾਅਦੇ ਪੂਰੇ ਕਰੇਗੀ। ਉਨ੍ਹਾਂ ਇੱਕ ਚੈੱਨਲ ਵੱਲੋਂ ਕੀਤੇ ਗਏ ਸਰਵੇ ਦਾ ਵੀ ਜ਼ਿਕਰ ਕਰਦਿਆਂ ਦੱਸਿਆ ਕਿ ਸੂਬੇ ‘ਚ ਅਗਲੀ ਸਰਕਾਰ ‘ਆਪ’ ਦੀ ਹੀ ਬਣੇਗੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੀਆਂ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਨਾ ਕੀਤੇ ਜਾਣ ਦੇ ਦੋਸ਼ ਲਗਾਉਂਦਿਆਂ ਉਨ੍ਹਾਂ ਕਿਹਾ ਕਿ ਹੁਣ ਪੰਜਾਬੀਆਂ ਕੋਲ ਕਾਂਗਰਸ ਸਰਕਾਰ ਤੋਂ ਬਦਲਾ ਲੈਣ ਦਾ ਸਮਾਂ ਆ ਗਿਆ ਹੈ। ਕੈਪਟਨ ਸਰਕਾਰ ਵੱਲੋਂ ਨੌਜਵਾਨਾਂ ਨੂੰ ਨੌਕਰੀ ਅਤੇ ਬੇਰੁਜ਼ਗਾਰੀ ਭੱਤਾ ਨਾ ਦੇਣ ਦੇ ਵਾਅਦਿਆਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਚੋਣਾਂ ਦੌਰਾਨ ਕਾਂਗਰਸ ਵੱਲੋਂ ਨੌਜਵਾਨਾਂ ਨੂੰ ਦਿੱਤੇ ਗਏ ਕਾਰਡ ਮੰਚ ਤੋਂ ਲਹਿਰਾਉਂਦੇ ਹੋਏ ਸੱਦਾ ਦਿੱਤਾ ਕਿ ਉਹ ਇਹ ਕਾਰਡ ਸੁੱਟ ਨਾ ਦੇਣ ਅਤੇ ਸੰਭਾਲ ਕੇ ਰੱਖਣ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਉਕਤ ਕਾਰਡ ਦਿੱਤੇ ਗਏ ਸਨ, ‘ਆਪ’ ਦੀ ਸਰਕਾਰ ਬਣਨ ‘ਤੇ ਉਨ੍ਹਾਂ ਸਾਰਿਆਂ ਨੂੰ ਨੌਕਰੀ ਦਿੱਤੀ ਜਾਵੇਗੀ ਜਾਂ ਫਿਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ।
ਉਨ੍ਹਾਂ ਆਖਿਆ ਕਿ ਪੰਜਾਬ ਵਿੱਚ ਸਰਕਾਰ ਬਣਨ ‘ਤੇ ਆਮ ਲੋਕਾਂ ਨੂੰ ਮੁਫ਼ਤ ‘ਚ ਬਿਜਲੀ ਦਿੱਤੀ ਜਾਵੇਗੀ। ਉਨ੍ਹਾਂ ਦਿੱਲੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਥੋਂ ਦੇ 73 ਪ੍ਰਤੀਸ਼ਤ ਲੋਕਾਂ ਨੂੰ ਬਿਜਲੀ ਦਾ ਬਿੱਲ ਦੇਣਾ ਨਹੀਂ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੀ ਇਹੀ ਮਾਡਲ ਲਾਗੂ ਕੀਤਾ ਜਾਵੇਗਾ।

ਕਿਸਾਨ ਤੇ ਸਾਡੀਆਂ ਨਸਲਾਂ ਖਤਰੇ ‘ਚ : ਭਗਵੰਤ ਮਾਨ
ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਰੈਲੀ ਵਿੱਚ ਪੁੱਜੇ ਲੋਕਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅੱਜ ਪੰਜਾਬ ਦੇ ਚੁੱਲ੍ਹਿਆਂ ਵਿੱਚ ਬਲਦੀ ਅੱਗ, ਕਿਸਾਨ ਤੇ ਸਾਡੀਆਂ ਨਸਲਾਂ ਖ਼ਤਰੇ ਵਿੱਚ ਹਨ। ਉਨ੍ਹਾਂ ਬਾਦਲ ਪਰਿਵਾਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਜਦੋਂ ਵੀ ਇਨ੍ਹਾਂ ਉਤੇ ਕੋਈ ਸੰਕਟ ਆਇਆ, ਉਹ ਧਰਮ ਨੂੰ ਵਰਤਦੇ ਰਹੇ ਹਨ। ਉਨ੍ਹਾਂ ਕੈਪਟਨ ਸਰਕਾਰ ਨੂੰ ਕਰਾਰੇ ਹੱਥੀਂ ਲੈਂਦਿਆਂ ਕਿਹਾ ਕਿ ਅਜੇ ਤੱਕ ਬਰਗਾੜੀ ਮਾਮਲੇ ਵਿੱਚ ਇਨਸਾਫ ਨਹੀਂ ਮਿਲਿਆ। ਉਧਰ ਵਿਧਾਨ ਸਭਾ ਵਿੱਚ ਵਿਰੋਧੀ ਦਲ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੀਆਂ ਅਸੈਂਬਲੀ ਚੋਣਾਂ ਮੌਕੇ ਲੋਕਾਂ ਨਾਲ ਕਈ ਵਾਅਦੇ ਕੀਤੇ ਸਨ, ਜਿਨ੍ਹਾਂ ‘ਚੋਂ ਕੋਈ ਵਫ਼ਾ ਨਹੀਂ ਹੋਇਆ। ਹੁਣ ਜਦੋਂ ਚੋਣਾਂ ਨਜ਼ਦੀਕ ਹਨ ਤਾਂ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੂੰ ਲੈ ਆਏ, ਜਿਨ੍ਹਾਂ ਪਹਿਲਾਂ ਲੋਕਾਂ ਨਾਲ ਝੂਠੇ ਵਾਅਦੇ ਕਰਵਾਏ ਸਨ। ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਿਸਾਨ ਅੰਦੋਲਨ ਨਾਲ ਪਹਿਲੇ ਦਿਨ ਤੋਂ ਡਟ ਕੇ ਖੜ੍ਹੇ ਹਨ, ਜਦੋਂ ਕਿ ਪੰਜਾਬ ਦੇ ਉਨ੍ਹਾਂ ਦੇ ਹਮਰੁਤਬਾ ਨੇ ਈਡੀ ਨੋਟਿਸ ਤੋਂ ਡਰਦਿਆਂ ਪੰਜਾਬ ਦੇ ਕਿਸਾਨਾਂ ਨੂੰ ਕੇਂਦਰ ਸਰਕਾਰ ਕੋਲ ਵੇਚ ਦਿੱਤਾ। ਇਸ ਮੌਕੇ ਪੰਜਾਬ ਦੇ ਸਾਰੇ ‘ਆਪ’ ਵਿਧਾਇਕ ਸਰਵਜੀਤ ਸਿੰਘ ਮਾਣੂੰਕੇ, ਕੁਲਤਾਰ ਸਿੰਘ ਸੰਧਵਾਂ, ਅਮਨ ਅਰੋੜਾ, ਮੀਤ ਹੇਅਰ, ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ, ਪ੍ਰੋ. ਬਲਜਿੰਦਰ ਕੌਰ, ਰੁਪਿੰਦਰ ਕੌਰ ਰੂਬੀ, ਜੈ ਕਿਸ਼ਨ ਸਿੰਘ ਰੋੜੀ, ਅਮਰਜੀਤ ਸਿੰਘ ਸੰਦੋਆ, ਪ੍ਰਿੰਸੀਪਲ ਬੁੱਧਰਾਮ, ਜਗਤਾਰ ਸਿੰਘ ਜੱਗਾ, ਯੂਥ ਵਿੰਗ ਦੀ ਸਹਿ ਪ੍ਰਧਾਨ ਅਨਮੋਨ ਗਗਨ ਮਾਨ, ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਸੂਬਾ ਖਜ਼ਾਨਚੀ ਨੀਨਾ ਮਿੱਤਲ, ਸਾਬਕਾ ਲੋਕ ਸਭਾ ਮੈਂਬਰ ਪ੍ਰੋ. ਸਾਧੂ ਸਿੰਘ, ਸੀਨੀਅਰ ਆਗੂ ਡਾ. ਬਲਬੀਰ ਸਿੰਘ, ਸੂਬਾ ਸਕੱਤਰ ਅਮਨਦੀਪ ਸਿੰਘ ਮੋਹੀ ਹਾਜ਼ਰ ਸਨ।

RELATED ARTICLES
POPULAR POSTS