ਪੰਜਾਬ ਤੇ ਹਰਿਆਣਾ ਸੰਪੂਰਨ ਬੰਦ – ਸੜਕਾਂ ਰਹੀਆਂ ਸੁੰਨੀਆਂ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਸੰਘਰਸ਼ ਲਗਾਤਾਰ ਜ਼ੋਰ ਫੜਦਾ ਜਾ ਰਿਹਾ ਹੈ। ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਅੱਜ ਚਾਰ ਮਹੀਨੇ ਹੋ ਗਏ ਹਨ ਅਤੇ ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਸਵੇਰੇ 6 ਤੋਂ ਸ਼ਾਮ 6 ਵਜੇ ਤੱਕ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ। ਇਸ ਬੰਦ ਨੂੰ ਭਾਰਤ ਭਰ ਵਿਚ ਭਰਪੂਰ ਹੁੰਗਾਰਾ ਮਿਲਿਆ ਅਤੇ ਪੰਜਾਬ ਤੇ ਹਰਿਆਣਾ ਸੰਪੂਰਨ ਤੌਰ ‘ਤੇ ਬੰਦ ਰਹੇ। ਪੰਜਾਬ ਦੇ ਹਰ ਛੋਟੇ ਵੱਡੇ ਸ਼ਹਿਰ ਵਿਚ ਕਿਸਾਨਾਂ ਦੀ ਹਮਾਇਤ ਕਰਦਿਆਂ ਦੁਕਾਨਦਾਰਾਂ ਨੇ ਵੀ ਦੁਕਾਨਾਂ ਬੰਦ ਹੀ ਰੱਖੀਆਂ। ਸੜਕੀ ਅਤੇ ਰੇਲ ਆਵਾਜਾਈ ਵੀ ਬੰਦ ਰਹੀ ਅਤੇ ਸੜਕਾਂ ਇਸ ਤਰ੍ਹਾਂ ਸੁੰਨੀਆਂ ਰਹੀਆਂ ਕਿ ਸਿਰਫ ਐਂਬੂਲੈਂਸ ਗੱਡੀ ਕਿਤੇ-ਕਿਤੇ ਲੰਘਦੀ ਨਜ਼ਰ ਆਈ। ਪੰਜਾਬ ਅਤੇ ਹਰਿਆਣਾ ਵਿਚ ਕਿਸਾਨਾਂ ਨੇ ਹਰ ਹਾਈਵੇ ‘ਤੇ ਧਰਨੇ ਲਗਾਏ ਹੋਏ ਸਨ ਅਤੇ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਹੋ ਰਹੀ ਸੀ। ਸਾਰੀਆਂ ਟਰੇਡ ਯੂਨੀਅਨਾਂ, ਵਿਦਿਆਰਥੀ ਸੰਗਠਨਾਂ ਸਣੇ ਹੋਰ ਕਈ ਜਥੇਬੰਦੀਆਂ ਨੇ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਕਿਸਾਨਾਂ ਦੀ ਹਮਾਇਤ ਕੀਤੀ। ਧਿਆਨ ਰਹੇ ਕਿ ਜਿਹੜੀਆਂ ਵੀ ਸੰਗਤਾਂ ਹੋਲਾ ਮਹੱਲਾ ਮਨਾਉਣ ਲਈ ਸ੍ਰੀ ਆਨੰਦਪੁਰ ਸਾਹਿਬ ਜਾ ਰਹੀਆਂ ਸਨ, ਉਨ੍ਹਾਂ ਨੂੰ ਕਿਸਾਨ ਧਰਨਿਆਂ ‘ਤੇ ਨਹੀਂ ਰੋਕਿਆ ਗਿਆ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …