ਸਰਕਾਰੀ ਬੱਸਾਂ ‘ਚ ਭਲਕੇ ਤੋਂ ਕਰਨਗੀਆਂ ਮੁਫਤ ਸਫਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿੱਚ ਭਲਕੇ ਪਹਿਲੀ ਅਪਰੈਲ ਤੋਂ ਸਾਰੀਆਂ ਸਰਕਾਰੀ ਬੱਸਾਂ ਵਿੱਚ ਬੀਬੀਆਂ ਮੁਫਤ ਸਫਰ ਕਰ ਸਕਣਗੀਆਂ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਇਸ ਫੈਸਲੇ ‘ਤੇ ਅੱਜ ਮੰਤਰੀ ਮੰਡਲ ਨੇ ਪੱਕੀ ਮੋਹਰ ਲਗਾ ਦਿੱਤੀ ਹੈ। ਮੁੱਖ ਮੰਤਰੀ ਨੇ ਲੰਘੀ 5 ਮਾਰਚ ਨੂੰ ਵਿਧਾਨ ਸਭਾ ਵਿੱਚ ਬੀਬੀਆਂ ਨੂੰ ਮੁਫਤ ਸਫਰ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਸੀ। ਇਸ ਸਕੀਮ ਦਾ ਫਾਇਦਾ ਸੂਬੇ ਭਰ ਵਿੱਚ 1 ਕਰੋੜ 31 ਲੱਖ ਮਹਿਲਾਵਾਂ ਤੇ ਲੜਕੀਆਂ ਨੂੰ ਹੋਵੇਗਾ। ਇਹ ਸਕੀਮ ਸਰਕਾਰੀ ਏ.ਸੀ. ਬੱਸਾਂ, ਵੌਲਵੋ ਬੱਸਾਂ ਤੇ ਐਚ.ਵੀ.ਏ.ਸੀ. ਬੱਸਾਂ ਵਿੱਚ ਲਾਗੂ ਨਹੀਂ ਹੋਵੇਗੀ। ਇਸ ਸਕੀਮ ਦਾ ਫਾਇਦਾ ਲੈਣ ਲਈ ਪੰਜਾਬ ਦੀ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ, ਵੋਟਰ ਕਾਰਡ ਜਾਂ ਕੋਈ ਹੋਰ ਸਬੂਤ ਦਾ ਦਸਤਾਵੇਜ਼ ਲੋੜੀਂਦਾ ਹੋਵੇਗਾ। ਕੈਪਟਨ ਅਮਰਿੰਦਰ ਦੇ ਇਸ ਫੈਸਲੇ ਨਾਲ ਪੰਜਾਬ ਦੀਆਂ ਬੀਬੀਆਂ ਵਿਚ ਖੁਸ਼ੀ ਦਾ ਮਾਹੌਲ ਦੇਖਿਆ ਗਿਆ। ਸਿਆਸੀ ਹਲਕਿਆਂ ਵਿਚ ਇਹ ਵੀ ਚਰਚਾ ਛਿੜ ਗਈ ਕਿ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਪੰਜਾਬ ਸਰਕਾਰ ਵਲੋਂ ਅਜਿਹੇ ਫੈਸਲੇ ਲਏ ਜਾ ਰਹੇ ਹਨ। ਇਸੇ ਦੌਰਾਨ ਪ੍ਰਾਈਵੇਟ ਬੱਸ ਮਾਲਕਾਂ ਵਲੋਂ ਵੀ ਹੈਰਾਨੀ ਪ੍ਰਗਟ ਕੀਤੀ ਜਾ ਰਹੀ ਹੈ।

