ਕਿਹਾ – ਅਸੀਂ ਤੁਹਾਡਾ ਹਮੇਸ਼ਾ ਦਿਆਂਗੇ ਸਾਥ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਨਾਜ ਦੀ ਖਰੀਦ ਦੀ ਸਿੱਧੀ ਅਦਾਇਗੀ ਸਬੰਧੀ ਆੜ੍ਹਤੀਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਉਨ੍ਹਾਂ ਦਾ ਹਮੇਸ਼ਾ ਸਾਥ ਦੇਵੇਗੀ। ਧਿਆਨ ਰਹੇ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਨੂੰ ਸਿੱਧੀ ਅਦਾਇਗੀ ਦੇਣ ਦੇ ਫੈਸਲੇ ‘ਤੇ ਅੜੀ ਹੋਈ ਹੈ। ਸੂਬੇ ਦੇ ਆੜ੍ਹਤੀਆਂ ਨਾਲ ਵਰਚੂਅਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਮੇਰੇ ਦਰਵਾਜੇ ਤੁਹਾਡੇ ਲਈ ਹਮੇਸ਼ਾ ਖੁੱਲ੍ਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਰਹੇਗੀ ਅਤੇ ਕੇਂਦਰ ਸਰਕਾਰ ਦੇ ਕਦਮ ਖਿਲਾਫ਼ ਲੜਾਈ ਲੜੇਗੀ। ਉਨ੍ਹਾਂ ਨੇ ਐਲਾਨ ਕੀਤਾ ਕਿ ਪੰਜਾਬ ਵਿਚ ਆੜ੍ਹਤੀਏ ਖਰੀਦ ਪ੍ਰਣਾਲੀ ਦਾ ਅਨਿੱਖੜਵਾਂ ਅੰਗ ਬਣੇ ਰਹਿਣਗੇ। ਮੁੱਖ ਮੰਤਰੀ ਨੇ ਸਬੰਧਤ ਵਿਭਾਗ ਨੂੰ ਆੜ੍ਹਤੀਆਂ ਦੇ ਸੂਬਾ ਸਰਕਾਰ ਵੱਲ ਬਕਾਇਆ 131 ਕਰੋੜ ਰੁਪਏ ਜਾਰੀ ਕਰਨ ਦੇ ਨਿਰਦੇਸ਼ ਵੀ ਦਿੱਤੇ।