ਖਿੱਚ-ਧੂਹ ਦੌਰਾਨ ਵਿਧਾਇਕ ਨਾਰੰਗ ਕੇ ਪਾਟੇ ਕੱਪੜੇ – ਮੂੰਹ ਅਤੇ ਕਾਰ ‘ਤੇ ਕਾਲਖ ਮਲੀ
ਮਲੋਟ/ਬਿਊਰੋ ਨਿਊਜ਼ : ਕਿਸਾਨ ਜਥੇਬੰਦੀਆਂ ਨੇ ਮਲੋਟ ਦੇ ਭਾਜਪਾ ਦਫਤਰ ‘ਚ ਮੀਟਿੰਗ ਕਰਨ ਆਏ ਅਬੋਹਰ ਤੋਂ ਭਾਜਪਾ ਵਿਧਾਇਕ ਅਰੁਣ ਨਾਰੰਗ ਦਾ ਸਖਤ ਵਿਰੋਧ ਕੀਤਾ ਅਤੇ ਉਨ੍ਹਾਂ ਦੇ ਚਿਹਰੇ ਅਤੇ ਕਾਰ ‘ਤੇ ਕਾਲਖ਼ ਵੀ ਮਲ ਦਿੱਤੀ। ਸੁਰੱਖਿਆ ਕਰਮੀ ਉਨ੍ਹਾਂ ਨੂੰ ਕਿਸੇ ਤਰ੍ਹਾਂ ਭੀੜ ਵਿਚੋਂ ਸੁਰੱਖਿਅਤ ਕੱਢ ਲਿਆਏ ਪਰ ਜਦ ਉਨ੍ਹਾਂ ਨੂੰ ਕਿਸੇ ਅਗਲੀ ਥਾਂ ਤਬਦੀਲ ਕੀਤਾ ਜਾਣਾ ਸੀ ਤਾਂ ਕਿਸਾਨ ਤੇ ਹੋਰ ਭਰਾਤਰੀ ਜਥੇਬੰਦੀਆਂ ਉਨ੍ਹਾਂ ਦੇ ਮਗਰ ਪੈ ਗਈਆਂ ਅਤੇ ਵਿਰੋਧ ਲਗਾਤਾਰ ਜਾਰੀ ਰਿਹਾ। ਇਸ ਖਿੱਚ-ਧੂਹ ‘ਚ ਵਿਧਾਇਕ ਨਾਰੰਗ ਦੇ ਸਾਰੇ ਕੱਪੜੇ ਵੀ ਪਾਟ ਗਏ। ਇਸ ਦੌਰਾਨ ਸੁਰੱਖਿਆ ਕਰਮੀਆਂ ਨੇ ਭਾਰੀ ਮੁਸ਼ੱਕਤ ਨਾਲ ਉਨ੍ਹਾਂ ਨੂੰ ਉਥੋਂ ਕੱਢ ਕੇ ਇਕ ਹੋਰ ਨੇੜਲੇ ਵਰਕਰ ਦੀ ਦੁਕਾਨ ਵਿੱਚ ਸੁਰੱਖਿਅਤ ਕੀਤਾ।
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਬਲਾਕ ਪ੍ਰਧਾਨ ਲਖਨਪਾਲ ਸ਼ਰਮਾ ਅਤੇ ਹੋਰ ਆਗੂਆਂ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਚਿਤਾਵਨੀ ਦਿੱਤੀ ਹੋਈ ਸੀ ਕਿ ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਖਿਝਾਉਣ ਲਈ ਵਿਧਾਇਕ ਨਾਰੰਗ ਮਲੋਟ ਆਏ। ਉਨ੍ਹਾਂ ਕਿਹਾ ਕਿ ਦਿੱਲੀ ਸੰਘਰਸ਼ ਵਿਚ ਇਕ ਤੋਂ ਬਾਅਦ ਇਕ ਕਿਸਾਨ ਦੀ ਮੌਤ ਹੋ ਰਹੀ ਹੈ ਅਤੇ ਕਰਜ਼ੇ ਦੇ ਬੋਝ ਕਾਰਨ ਕਿਸਾਨ ਫਾਹੇ ਲੈ ਰਹੇ ਹਨ ਤੇ ਭਾਜਪਾ ਆਗੂਆਂ ਨੂੰ ਸਭਾਵਾਂ ਕਰਨ ਦੀ ਪਈ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ, ਉਹ ਭਾਜਪਾ ਦਾ ਵਿਰੋਧ ਜਾਰੀ ਰੱਖਣਗੇ। ਵਿਧਾਇਕ ਅਰੁਣ ਨਾਰੰਗ ਨੇ ਦੱਸਿਆ ਕਿ ਉਸ ਨੂੰ ਕੁਝ ਵਿਅਕਤੀਆਂ ਨੇ ਘਸੁੰਨ ਮਾਰੇ। ਉਨ੍ਹਾਂ ਆਰੋਪ ਲਾਇਆ ਕਿ ਲੋਕਾਂ ਨੇ ਉਸ ਨੂੰ ਘੇਰ ਕੇ ਕੁੱਟਿਆ ਤੇ ਉਸ ਦੇ ਕੱਪੜੇ ਪਾੜ ਦਿੱਤੇ। ਉੱਧਰ ਵਿਧਾਇਕ ਨੂੰ ਬਚਾਉਂਦਿਆਂ ਫਰੀਦਕੋਟ ਦਾ ਐੱਸਪੀ ਵੀ ਜ਼ਖ਼ਮੀ ਹੋ ਗਿਆ ਤੇ ਉਨ੍ਹਾਂ ਨੂੰ ਸਥਾਨਕ ਸਿਵਲ ਹਸਪਤਾਲ ਦਾਖਲ ਕਰਵਾਉਣਾ ਪਿਆ।
ਸੰਯੁਕਤ ਕਿਸਾਨ ਮੋਰਚੇ ਵੱਲੋਂ ਘਟਨਾ ਦੀ ਨਿੰਦਾ
ਨਵੀਂ ਦਿੱਲੀ :ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਕਿਹਾ ਕਿ ਕਿਸਾਨਾਂ ਵੱਲੋਂ ਭਾਜਪਾ ਵਿਧਾਇਕ ਖਿਲਾਫ ਰੋਸ ਮੁਜ਼ਾਹਰਾ ਕੀਤਾ ਗਿਆ ਹੈ ਪਰ ਕੁਝ ਕਾਰਨਾਂ ਕਰਕੇ ਇਹ ਰੋਸ ਮੁਜ਼ਾਹਰਾ ਹਿੰਸਕ ਰੂਪ ਧਾਰ ਗਿਆ ਤੇ ਵਿਧਾਇਕ ਨਾਲ ਬਦਸਲੂਕੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਲੋਕ ਨੁਮਾਇੰਦਿਆਂ ਨਾਲ ਅਜਿਹਾ ਵਿਹਾਰ ਕੀਤਾ ਜਾਣਾ ਚਿੰਤਾ ਦਾ ਵਿਸ਼ਾ ਹੈ ਤੇ ਅਜਿਹੇ ਵਿਹਾਰ ਨੂੰ ਉਤਸ਼ਾਹਿਤ ਨਹੀਂ ਕੀਤਾ ਜਾਣਾ ਚਾਹੀਦਾ। ਅਸੀਂ ਇਸ ਘਟਨਾ ਦੀ ਸਖਤੀ ਨਾਲ ਨਿੰਦਾ ਕਰਦੇ ਹਾਂ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਮੁਜ਼ਾਹਰਾਕਾਰੀਆਂ ਨੂੰ ਅਪੀਲ ਕਰਦਾ ਹੈ ਕਿ ਰੋਸ ਮੁਜ਼ਾਹਰੇ ਸ਼ਾਂਤਮਈ ਤੇ ਜ਼ਾਬਤੇ ‘ਚ ਰਹਿ ਕੇ ਕੀਤੇ ਜਾਣ।
ਸਪੀਕਰ ਰਾਣਾ ਕੇਪੀ, ਜਾਖੜ ਤੇ ਸੁਖਬੀਰਵੱਲੋਂ ਹਮਲੇ ਦੀ ਨਿਖੇਧੀ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਲੋਟ ਵਿੱਚ ਅਬੋਹਰ ਤੋਂ ਭਾਜਪਾ ਵਿਧਾਇਕ ਅਰੁਣ ਨਾਰੰਗ ‘ਤੇ ਹੋਏ ਹਮਲੇ ਦੀ ਸਖਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਜਮਹੂਰੀਅਤ ਵਿੱਚ ਅਜਿਹੀਆਂ ਘਟਨਾਵਾਂ ਲਈ ਕੋਈ ਥਾਂ ਨਹੀਂ ਹੈ। ਇਹ ਕੇਵਲ ਨਾ-ਬਰਦਾਸ਼ਤ ਯੋਗ ਹੀ ਨਹੀਂ ਬਲਕਿ ਬਹੁਤ ਨਿੰਦਣਯੋਗ ਵੀ ਹੈ ਕਿ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ‘ਤੇ ਹਮਲਾ ਕੀਤਾ ਗਿਆ ਹੈ।
ਪੰਜਾਬ ਵਿੱਚ ਹਿੰਸਾ ਬਰਦਾਸ਼ਤ ਨਹੀਂ ਕਰਾਂਗੇ: ਕੈਪਟਨ
ਚੰਡੀਗੜ੍ਹ : ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵੱਲੋਂ ਭਾਜਪਾ ਵਿਧਾਇਕ ਅਰੁਣ ਨਾਰੰਗ ਉੱਤੇ ਕੀਤੇ ਹਮਲੇ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਿਖੇਧੀ ਕਰਦਿਆਂ ਆਖਿਆ ਸੂਬੇ ਦੀ ਸ਼ਾਂਤੀ ਭੰਗ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਜਿਹੀਆਂ ਹਿੰਸਕ ਘਟਨਾਵਾਂ ਵਿੱਚ ਨਾ ਪੈਣ ਦੀ ਸਲਾਹ ਦਿੱਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਅਜਿਹੀ ਸਥਿਤੀ ਨੂੰ ਰੋਕਣ ਲਈ ਖੇਤੀ ਕਾਨੂੰਨਾਂ ਕਾਰਨ ਪੈਦਾ ਹੋਏ ਸੰਕਟ ਦਾ ਜਲਦੀ ਹੱਲ ਕਰਨ। ਕੈਪਟਨ ਅਮਰਿੰਦਰ ਸਿੰਘ ਨੇ ਡੀਜੀਪੀ ਦਿਨਕਰ ਗੁਪਤਾ ਨੂੰ ਮੁਲਜ਼ਮਾਂ ਖਿਲਾਫ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਵਿਧਾਇਕ ਅਤੇ ਪੁਲਿਸ ਅਧਿਕਾਰੀਆਂ ‘ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ ਕੀਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਪਿਛਲੇ 4 ਮਹੀਨਿਆਂ ਤੋਂ ਖੇਤੀ ਕਾਨੂੰਨਾਂ ਖਿਲਾਫ਼ ਸੜਕਾਂ ‘ਤੇ ਹਨ ਅਤੇ ਕੇਂਦਰ ਸਰਕਾਰ ਵੱਲੋਂ ਪਿੱਛੇ ਹਟਣ ਦੇ ਕੋਈ ਸੰਕੇਤ ਨਾ ਮਿਲਣ ਕਾਰਨ ਕਿਸਾਨਾਂ ਵਿਚ ਰੋਸ ਵਧਦਾ ਜਾ ਰਿਹਾ ਸੀ।