Breaking News
Home / ਪੰਜਾਬ / ਸੰਯੁਕਤ ਕਿਸਾਨ ਮੋਰਚਾ 5 ਅਪ੍ਰੈਲ ਨੂੰ ਮਨਾਏਗਾ ‘ਐਫਸੀਆਈ ਬਚਾਓ ਦਿਵਸ’

ਸੰਯੁਕਤ ਕਿਸਾਨ ਮੋਰਚਾ 5 ਅਪ੍ਰੈਲ ਨੂੰ ਮਨਾਏਗਾ ‘ਐਫਸੀਆਈ ਬਚਾਓ ਦਿਵਸ’

ਕਿਸਾਨ ਆਗੂਆਂ ਨੇ ਕਾਰਪੋਰੇਟ ਘਰਾਣਿਆਂ ਦਾ ਵਿਰੋਧ ਤੇਜ਼ ਕਰਨ ਦਾ ਦਿੱਤਾ ਸੱਦਾ
ਚੰਡੀਗੜ੍ਹ: ਪੰਜਾਬ ਵਿੱਚ ਪਿਛਲੇ ਕਰੀਬ ਛੇ ਮਹੀਨਿਆਂ ਤੋਂ 32 ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਵਿਰੁੱਧ ਭਖਾਏ ਅੰਦੋਲਨ ਦੌਰਾਨ ਕਿਸਾਨਾਂ ਨੇ ਹਾਕਮ ਪਾਰਟੀ ਤੇ ਕਾਰਪੋਰੇਟ ਘਰਾਣਿਆਂ ਦਾ ਵਿਰੋਧ ਤੇਜ਼ ਕਰਨ ਅਤੇ ਖੇਤੀ ਕਾਨੂੰਨਾਂ ਦੀ ਵਾਪਸੀ ਤਕ ਸੰਘਰਸ਼ ਨੂੰ ਤਿੱਖਾ ਕਰਨ ਦਾ ਸੱਦਾ ਦਿੱਤਾ। ਸੂਬੇ ਦੀਆਂ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਚੱਲ ਰਹੇ ਧਰਨਿਆਂ ਦੌਰਾਨ ਬੁਲਾਰਿਆਂ ਨੇ ਕਿਸਾਨਾਂ ਨੂੰ ਛੇ ਮਹੀਨਿਆਂ ਤੋਂ ਸ਼ਾਂਤਮਈ ਢੰਗ ਨਾਲ ਹਾਕਮਾਂ ਦੀਆਂ ਚਾਲਾਂ ਨੂੰ ਫੇਲ੍ਹ ਕਰਨ ਦੀ ਰਣਨੀਤੀ ਭਵਿੱਖ ‘ਚ ਵੀ ਅਪਣਾ ਕੇ ਕਿਸਾਨ ਅੰਦੋਲਨ ਨੂੰ ਤਿੱਖਾ ਕਰਨ ਦਾ ਸੱਦਾ ਦਿੱਤਾ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਨੇ 5 ਅਪਰੈਲ ਨੂੰ ‘ਐੱਫਸੀਆਈ ਬਚਾਓ ਦਿਵਸ’ ਮਨਾਉਣ ਦਾ ਫ਼ੈਸਲਾ ਲਿਆ, ਜਿਸ ਤਹਿਤ ਦੇਸ਼ ਭਰ ਦੇ ਐੱਫਸੀਆਈ ਦਫ਼ਤਰਾਂ ਨੂੰ ਸਵੇਰੇ 11 ਤੋਂ ਸ਼ਾਮ 5 ਵਜੇ ਤਕ ਘੇਰਿਆ ਜਾਵੇਗਾ।
ਕਿਸਾਨ ਆਗੂ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਜਗਮੋਹਨ ਸਿੰਘ, ਸੁਖਦੇਵ ਸਿੰਘ ਕੋਕਰੀ ਕਲਾਂ, ਪ੍ਰੇਮ ਸਿੰਘ ਭੰਗੂ, ਸਤਨਾਮ ਸਿੰਘ ਪੰਨੂ ਨੇ ਦੱਸਿਆ ਕਿ ਪੰਜਾਬ ਦੇ ਮੋਰਚਿਆਂ ‘ਤੇ ਕਿਸਾਨਾਂ ਦਾ ਇਕੱਠ ਪਹਿਲਾਂ ਵਾਂਗ ਜਾਰੀ ਹੈ ਤੇ ਕਿਸਾਨਾਂ ਵੱਲੋਂ ਕਣਕ ਦੀ ਸੰਭਾਲ ਦੇ ਨਾਲ-ਨਾਲ ਕਿਸਾਨੀ ਅੰਦੋਲਨ ਨੂੰ ਭਖਦਾ ਰੱਖਣ ਦੀ ਵਿਉਂਤਬੰਦੀ ਕਰ ਲਈ ਗਈ ਹੈ।
ਸੰਯੁਕਤ ਕਿਸਾਨ ਮੋਰਚੇ ਨੇ ਅੰਦੋਲਨ ‘ਤੇ ਚਰਚਾ ਅਤੇ ਭਵਿੱਖ ਦੀ ਰਣਨੀਤੀ ਸਬੰਧੀ ਸੁਝਾਅ ਇਕੱਠੇ ਕਰਨ ਲਈ 3 ਅਪਰੈਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿੱਚ ਸਮਾਜਿਕ ਜਥੇਬੰਦੀਆਂ ਦੀ ਮੀਟਿੰਗ ਸੱਦੀ ਹੈ।
ਸੰਘਰਸ਼ ਨੂੰ ਹੋਰ ਤਿੱਖਾ ਕਰਨ ਦੀ ਲੋੜ: ਕਾਦੀਆਂ
ਲੁਧਿਆਣਾ : ਦਿੱਲੀ ਦੇ ਬਾਰਡਰਾਂ ‘ਤੇ ਕਿਸਾਨ ਸ਼ਾਂਤਮਈ ਢੰਗ ਨਾਲ ਅੰਦੋਲਨ ਕਰ ਰਹੇ ਹਨ। ਸਰਕਾਰ ਨਾਲ ਕਈ ਵਾਰ ਮੀਟਿੰਗਾਂ ਹੋਣ ਦੇ ਬਾਵਜੂਦ ਇਸ ਮੁੱਦੇ ‘ਤੇ ਕੋਈ ਸਿੱਟਾ ਨਹੀਂ ਨਿਕਲਿਆ ਤੇ ਹੁਣ ਕਈ ਦਿਨਾਂ ਤੋਂ ਕਿਸਾਨਾਂ ਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਾਲੇ ਗੱਲਬਾਤ ਬੰਦ ਹੈ। ਇਸ ਦੌਰਾਨ ਹੁਣ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਜੇਕਰ ਹੁਣ ਸਰਕਾਰ ਤੱਕ ਜਲਦੀ ਗੱਲ ਪਹੁੰਚਾਉਣੀ ਹੈ ਤਾਂ ਅੰਦੋਲਨ ਨੂੰ ਹੋਰ ਤਿੱਖਾ ਕਰਨਾ ਪਵੇਗਾ, ਜਿਸ ਲਈ ਉਹ ਸੰਯੁਕਤ ਕਿਸਾਨ ਮੋਰਚੇ ਨਾਲ ਮਿਲ ਕੇ ਸਖ਼ਤ ਫ਼ੈਸਲੇ ਲੈਣ ਦੀ ਗੱਲ ਕਰਨਗੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕੇਂਦਰ ਸਰਕਾਰ ਨੂੰ ਦੂਜੀ ਵੱਡੀ ਸੱਟ ਚੋਣਾਂ ਵਾਲੇ ਰਾਜਾਂ ਵਿੱਚ ਜਾ ਕੇ ਉਨ੍ਹਾਂ ਦਾ ਵਿਰੋਧ ਕਰ ਕੇ ਮਾਰੀ ਜਾ ਸਕਦੀ ਹੈ।

 

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …