ਅੰਮ੍ਰਿਤਸਰ/ਬਿਊਰੋ ਨਿਊਜ਼
ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਹੋਲਾ ਮਹੱਲਾ ਮਨਾ ਰਹੀਆਂ ਸਿੱਖ ਸੰਗਤਾਂ ਦੀ ਪੁਲਿਸ ਨਾਲ ਹੋਈ ਝੜਪ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਮੰਦਭਾਗਾ ਦੱਸਿਆ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਘਟਨਾ ਤੋਂ ਬਾਅਦ ਸਿੱਖ ਸ਼ਰਧਾਲੂਆਂ ਖਿਲਾਫ ਕੀਤੀ ਜਾ ਰਹੀ ਕਾਰਵਾਈ ਸਬੰਧੀ ਸ਼੍ਰ੍ਰੋਮਣੀ ਕਮੇਟੀ ਦਾ ਇਕ ਪੰਜ ਮੈਂਬਰੀ ਵਫ਼ਦ ਜਲਦ ਹੀ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨਾਲ ਮੁਲਾਕਾਤ ਕਰੇਗਾ। ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਜਾਰੀ ਬਿਆਨ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਹੋਲਾ ਮਹੱਲਾ ਸਿੱਖ ਕੌਮ ਲਈ ਇਕ ਅਹਿਮ ਦਿਹਾੜਾ ਹੈ, ਜਿਸ ਨੂੰ ਸਿੱਖ ਸੰਗਤਾਂ ਹਰ ਸਾਲ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਉਂਦੀਆਂ ਹਨ। ਅਜਿਹੇ ਮੌਕੇ ਪ੍ਰਸ਼ਾਸਨ ਵਲੋਂ ਪ੍ਰਵਾਨਗੀ ਨਾ ਦੇਣ ਕਾਰਨ ਸਿੱਖ ਸੰਗਤਾਂ ਦੇ ਮਨਾਂ ਵਿਚ ਉੱਠੇ ਰੋਸ ਕਾਰਨ ਨਾਂਦੇੜ ਸਾਹਿਬ ਵਿਖੇ ਇਹ ਮੰਦਭਾਗੀ ਘਟਨਾ ਵਾਪਰੀ ਹੈ।