ਕੈਪਟਨ ਨੇ ਕਿਹਾ – ਪੰਜਾਬ ‘ਚ ਕਿਸੇ ਕੋਲੋਂ ਵੀ ਬੰਧੂਆ ਮਜ਼ਦੂਰੀ ਨਹੀਂ ਕਰਵਾਈ ਜਾਂਦੀ
ਚੰਡੀਗੜ੍ਹ/ਬਿਊਰੋ ਨਿਊਜ਼
ਬੰਧੂਆ ਮਜ਼ਦੂਰੀ ਮਾਮਲੇ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ‘ਤੇ ਪਲਟਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰਾਲਾ ਦੀ ਤਰਫੋਂ ਜਿਹੜਾ ਪੱਤਰ ਭੇਜਿਆ ਗਿਆ ਸੀ, ਉਸਦੀ ਜਾਂਚ ਕਰਵਾਈ ਗਈ ਹੈ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਨਾ ਤਾਂ ਕਿਸੇ ਕੋਲੋਂ ਬੰਧੂਆ ਮਜ਼ਦੂਰੀ ਕਰਵਾਈ ਜਾ ਰਹੀ ਸੀ ਤੇ ਨਾ ਹੀ ਕਿਸੇ ਨੂੰ ਨਸ਼ੀਲੇ ਪਦਾਰਥ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਕੇਂਦਰ ਦੀ ਮੋਦੀ ਸਰਕਾਰ ‘ਤੇ ਆਰੋਪ ਲਾਏ ਕਿ ਪੰਜਾਬ ਸਰਕਾਰ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰਾਲਾ ਦੇ 17 ਮਾਰਚ ਦੇ ਪੱਤਰ ਨੂੰ ਝੂਠ ਦਾ ਪੁਲੰਦਾ ਦੱਸਦਿਆਂ ਇਸ ਨੂੰ ਖ਼ਾਰਜ ਕੀਤਾ। ਮੁੱਖ ਮੰਤਰੀ ਦਾ ਕਹਿਣਾ ਹੈ ਕਿ ਗ੍ਰਹਿ ਮੰਤਰਾਲਾ ਦਾ ਪੱਤਰ ਅਬੋਹਰ ਬਾਰੇ ਗੱਲ ਕਰਦਾ ਹੈ ਜਦਕਿ ਅਬੋਹਰ ਜਾਂ ਫ਼ਾਜ਼ਿਲਕਾ ਜ਼ਿਲ੍ਹਿਆਂ ਵਿੱਚੋਂ ਕੋਈ ਮਾਮਲਾ ਉਜਾਗਰ ਨਹੀਂ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਮਾਮਲਾ ਮੀਡੀਆ ਸਾਹਮਣੇ ਲਿਆਉਣ ਤੋਂ ਪਹਿਲਾਂ ਗ੍ਰਹਿ ਮੰਤਰਾਲੇ ਨੂੰ ਇਸਦੀ ਜਾਂਚ ਕਰ ਲੈਣੀ ਚਾਹੀਦੀ ਹੈ।