ਪਿਊਸ਼ ਗੋਇਲ ਨੇ ਕਿਹਾ – ਪੈਸਾ ਸਿੱਧਾ ਕਿਸਾਨਾਂ ਦੇ ਖਾਤੇ ਵਿਚ ਹੀ ਜਾਵੇਗਾ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਸਰਕਾਰ ਨੇ ਮੁੜ ਸਪਸ਼ਟ ਕਰ ਦਿੱਤਾ ਹੈ ਕਿ ਕਿਸਾਨਾਂ ਨੂੰ ਕਣਕ ਦੀ ਸਿੱਧੀ ਅਦਾਇਗੀ ਹੀ ਹੋਵੇਗੀ। ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਅੱਜ ਇਕ ਮੀਟਿੰਗ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕਹਿ ਦਿੱਤਾ ਹੈ ਕਿ ਪੈਸਾ ਕਿਸਾਨਾਂ ਦੇ ਖਾਤੇ ਵਿਚ ਹੀ ਜਾਵੇਗਾ। ਇਹ ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਹੈ। ਉਧਰ ਦੂਜੇ ਪਾਸੇ ਪੰਜਾਬ ਸਰਕਾਰ ਜਿਣਸ ਦੀ ਅਦਾਇਗੀ ਪੁਰਾਣੇ ਤਰੀਕੇ ਨਾਲ ਕਰਨ ਲਈ ਵੀ ਡਟੀ ਹੋਈ ਹੈ। ਪੰਜਾਬ ‘ਚ 10 ਅਪਰੈਲ ਤੋਂ ਕਣਕ ਦੀ ਖ਼ਰੀਦ ਸ਼ੁਰੂ ਹੋਣੀ ਹੈ। ਜੇਕਰ ਕੇਂਦਰ ਸਰਕਾਰ ਨੇ ਸੁਰ ਨਰਮ ਨਾ ਕੀਤੇ ਤਾਂ ਪੰਜਾਬ ਸਰਕਾਰ ਕੋਲ ਸਿੱਧੀ ਅਦਾਇਗੀ ਕੀਤੇ ਜਾਣ ਤੋਂ ਬਿਨਾਂ ਕੋਈ ਚਾਰਾ ਨਹੀਂ ਬਚੇਗਾ। ਕੇਂਦਰੀ ਖ਼ੁਰਾਕ ਮੰਤਰੀ ਪਿਊਸ਼ ਗੋਇਲ ਇਸ ਗੱਲ ‘ਤੇ ਅੜੇ ਹੋਏ ਹਨ ਕਿ ਜਦੋਂ ਬਾਕੀ ਸੂਬਿਆਂ ਨੇ ਸਿੱਧੀ ਅਦਾਇਗੀ ਸ਼ੁਰੂ ਕਰ ਦਿੱਤੀ ਹੈ ਤਾਂ ਇਕੱਲੇ ਪੰਜਾਬ ਲਈ ਨਿਯਮ ਨਹੀਂ ਬਦਲਿਆ ਜਾ ਸਕਦਾ।