ਪੰਜਾਬ ਵਿਚ ਕਿਸੇ ਵੀ ਤਰ੍ਹਾਂ ਦੇ ਸਿਆਸੀ ਇਕੱਠ ‘ਤੇ ਲਗਾਈ ਪਾਬੰਦੀ – ਸਕੂਲ ਕਾਲਜ ਵੀ 30 ਅਪ੍ਰੈਲ ਤੱਕ ਬੰਦ
ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ‘ਚ 9 ਤੋਂ 19 ਅਪ੍ਰੈਲ ਤੱਕ ਸੰਪੂਰਨ ਲਾਕਡਾਊਨ
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਪੰਜਾਬ ਵਿਚ ਕਿਸੇ ਵੀ ਤਰ੍ਹਾਂ ਦੇ ਸਿਆਸੀ ਇਕੱਠ ‘ਤੇ ਪਾਬੰਦੀ ਲਾਉਣ ਦੇ ਨਿਰਦੇਸ਼ ਦਿੱਤੇ ਹਨ। ਇਹ ਵੀ ਕਿਹਾ ਗਿਆ ਹੈ ਕਿ ਉਲੰਘਣਾ ਕਰਨ ਵਾਲਿਆਂ ਖਿਲਾਫ ਮਹਾਂਮਾਰੀ ਐਕਟ ਤਹਿਤ ਮਾਮਲਾ ਦਰਜ ਹੋਵੇਗਾ। ਪੰਜਾਬ ਵਿਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਚੱਲ ਰਹੇ ਕਰਫਿਊ ਦੀ ਮਿਆਦ ਵੀ 30 ਅਪ੍ਰੈਲ ਤੱਕ ਵਧਾ ਦਿੱਤੀ ਗਈ ਅਤੇ ਸਕੂਲ-ਕਾਲਜ ਵੀ 30 ਅਪ੍ਰੈਲ ਤੱਕ ਬੰਦ ਰੱਖਣ ਲਈ ਕਹਿ ਦਿੱਤਾ ਗਿਆ ਹੈ। ਸਾਰੇ ਸਰਕਾਰੀ ਦਫਤਰਾਂ ਵਿਚ ਮਾਸਕ ਪਹਿਨਣ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ। ਕੈਪਟਨ ਨੇ ਕਿਹਾ ਕਿ 30 ਅਪ੍ਰੈਲ ਤੱਕ ਕਿਸੇ ਵੀ ਸਮਾਜਿਕ, ਸਭਿਆਚਾਰਕ ਜਾਂ ਖੇਡ ਇਕੱਠ ਅਤੇ ਇਸ ਦੇ ਨਾਲ ਜੁੜੇ ਸਮਾਗਮਾਂ ਦੀ ਆਗਿਆ ਨਹੀਂ ਦਿੱਤੀ ਜਾਏਗੀ। ਮੁੱਖ ਮੰਤਰੀ ਨੇ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੂੰ ਵੀ ਰਾਤ ਦੇ ਕਰਫਿਊ ਨੂੰ ਸਖਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸੇ ਦੌਰਾਨ ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਵਿਚ 9 ਅਪ੍ਰੈਲ ਦੀ ਸ਼ਾਮ 6 ਵਜੇ ਤੋਂ 19 ਅਪ੍ਰੈਲ ਤੱਕ ਸੰਪੂਰਨ ਲਾਕਡਾਊਨ ਦਾ ਐਲਾਨ ਕਰ ਦਿੱਤਾ ਗਿਆ। ਛੱਤੀਸਗੜ੍ਹ ਦੀ ਸਰਕਾਰ ਨੇ ਇਹ ਫੈਸਲਾ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਲਿਆ ਹੈ।