ਕੈਪਟਨ ਅਮਰਿੰਦਰ ਨੇ ਕੇਂਦਰ ਕੋਲੋਂ ਮੰਗੇ 937 ਕਰੋੜ ਰੁਪਏ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵਰਚੂਅਲ ਮੀਟਿੰਗ ਕੀਤੀ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਆਯੋਜਨ ਸਬੰਧੀ ਹੋਈ ਇਸ ਉਚ ਪੱਧਰੀ ਮੀਟਿੰਗ ਵਿਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਨੇ ਵੀ ਹਿੱਸਾ ਲਿਆ। ਇਸ ਦੌਰਾਨ ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਲਈ 937 ਕਰੋੜ ਰੁਪਏ ਮਨਜੂਰ ਕੀਤੇ ਜਾਣ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਨੂੰ ਸਮਾਰਟ ਸਿਟੀ ਬਣਾਏ ਜਾਣ ਦੀ ਵੀ ਮੰਗ ਕੀਤੀ। ਧਿਆਨ ਰਹੇ ਕਿ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ 15 ਅਪ੍ਰੈਲ ਤੋਂ ਬਾਅਦ ਸ਼ੁਰੂ ਹੋ ਜਾਣਗੇ ਅਤੇ ਮੁੱਖ ਸਮਾਗਮ ਇਕ ਮਈ ਨੂੰ ਹੋਵੇਗਾ। ਇਸੇ ਦੌਰਾਨ ਕੇਂਦਰ ਸਰਕਾਰ ਨੇ ਇਕ ਉਚੀ ਪੱਧਰੀ ਕਮੇਟੀ ਦਾ ਗਠਨ ਵੀ ਕੀਤਾ ਹੈ।