ਕੇਂਦਰ ਸਰਕਾਰ ਕਿਸਾਨਾਂ ਨੂੰ ਉਕਸਾਉਣ ਲੱਗੀ : ਗੁਰਨਾਮ ਸਿੰਘ ਚੜੂਨੀ
ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਹਰਿਆਣਾ ਦੇ ਰੋਹਤਕ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਸਮਾਗਮ ਦਾ ਵਿਰੋਧ ਕਰ ਰਹੇ ਕਿਸਾਨਾਂ ‘ਤੇ ਲਾਠੀਚਾਰਜ ਕਰਨ ਦੇ ਵਿਰੋਧ ਵਿੱਚ ਕਿਸਾਨ ਆਗੂਆਂ ਨੇ ਸੂਬੇ ਦੇ ਟੌਲ ਪਲਾਜ਼ਿਆਂ ਅਤੇ ਮੁੱਖ ਸੜਕਾਂ ‘ਤੇ ਧਰਨੇ ਦੇ ਕੇ ਸੜਕਾਂ ਜਾਮ ਰੱਖੀਆਂ। ਕਿਸਾਨਾਂ ਨੇ ਹਰਿਆਣਾ ਪੁਲਿਸ ਦੀ ਕਾਰਗੁਜ਼ਾਰੀ ਦੀ ਨਿੰਦਾ ਕਰਦਿਆਂ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਇਸੇ ਦੌਰਾਨ ਰੋਹਤਕ ਦੇ ਟੌਲ ਪਲਾਜ਼ਾ ‘ਤੇ ਕਿਸਾਨ ਪੰਚਾਇਤ ਰੱਖੀ ਗਈ ਜਿਸ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਪਹੁੰਚੇ। ਉਨ੍ਹਾਂ ਕਿਹਾ ਕਿ ਦੇਸ਼ ਦਾ ਕਿਸਾਨ ਖੇਤੀ ਕਾਨੂੰਨਾਂ ਖ਼ਿਲਾਫ਼ ਸ਼ਾਂਤਮਈ ਸੰਘਰਸ਼ ਕਰ ਰਿਹਾ ਹੈ ਪਰ ਕੇਂਦਰ ਸਰਕਾਰ ਕਿਸਾਨਾਂ ਨੂੰ ਉਕਸਾ ਰਹੀ ਹੈ।
ਚੜੂਨੀ ਨੇ ਕਿਹਾ ਕਿ ਦੇਸ਼ ਦਾ ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅੰਦੋਲਨ ਕਰ ਰਿਹਾ ਹੈ। ਕਿਸਾਨਾਂ ਨੇ ਗੱਠਜੋੜ ਸਰਕਾਰ ਦੇ ਆਗੂਆਂ ਦਾ ਵਿਰੋਧ ਕਰਦਿਆਂ ਉਨ੍ਹਾਂ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਬਾਵਜੂਦ ਸੂਬਾ ਸਰਕਾਰ ਦੇ ਆਗੂ ਜਾਣ-ਬੁੱਝ ਕੇ ਲੋਕਾਂ ‘ਚ ਜਾਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਗੱਠਜੋੜ ਸਰਕਾਰ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਜਦੋਂ ਤੱਕ ਦੇਸ਼ ‘ਚ ਕਿਸਾਨ ਅੰਦੋਲਨ ਚੱਲ ਰਿਹਾ ਹੈ ਕਿ ਭਾਜਪਾ-ਜੇਜੇਪੀ ਦੇ ਸਾਰੇ ਆਗੂਆਂ ਦੇ ਸਮਾਗਮ ਰੱਦ ਕੀਤੇ ਜਾਣ। ਉਨ੍ਹਾਂ ਕਿਸਾਨ ਆਗੂਆਂ ਨੂੰ ਵੀ ਅੰਦੋਲਨ ਨੂੰ ਸ਼ਾਂਤਮਈ ਚਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਭਾਜਪਾ ਕਿਸਾਨਾਂ ਨੂੰ ਉਕਸਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਰੋਹਤਕ ਦੇ ਐੱਸਪੀ ਕਹਿ ਰਹੇ ਹਨ ਕਿ ਪੁਲਿਸ ਨੇ ਲਾਠੀਚਾਰਜ ਨਹੀਂ ਕੀਤਾ। ਰੋਹਤਕ ‘ਚ ਲਾਠੀਚਾਰਜ ਹੋਇਆ ਹੈ ਤੇ ਕਿਸਾਨਾਂ ਦੇ ਸੱਟਾਂ ਲੱਗੀਆਂ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ‘ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ।