ਚੰਡੀਗੜ੍ਹ/ਬਿਊਰੋ ਨਿਊਜ਼ : ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਬਣਾਈ ਗਈ ਤਿੰਨ ਮੈਂਬਰੀ ਏਕਤਾ ਕਮੇਟੀ ਦੀ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਤੇ ਪਰਮਿੰਦਰ ਸਿੰਘ ਢੀਂਡਸਾ ਨਾਲ ਹੋਈ। ਇਸ ਮੀਟਿੰਗ ਤੋਂ ਬਾਅਦ ਅਕਾਲੀ ਦਲ ਟਕਸਾਲੀ ਅਤੇ ਡੈਮੋਕ੍ਰੈਟਿਕ ਵਿਚਾਲੇ ਏਕਤਾ ਦੇ ਆਸਾਰ ਬਣਦੇ ਦਿਸ ਰਹੇ ਹਨ। ਏਕਤਾ ਕਮੇਟੀ ਦੇ ਚੇਅਰਮੈਨ ਜਥੇਦਾਰ ਉਜਾਗਰ ਸਿੰਘ ਬਡਾਲੀ, ਕਰਨੈਲ ਸਿੰਘ ਪੀਰ ਮੁਹੰਮਦ ਅਤੇ ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਢੀਂਡਸਾ ਨੂੰ ਜਥੇਦਾਰ ਬ੍ਰਹਮਪੁਰਾ ਦੀਆਂ ਏਕਤਾ ਸਬੰਧੀ ਭਾਵਨਾਵਾਂ ਤੋਂ ਜਾਣੂ ਕਰਵਾਇਆ ਗਿਆ। ਇਸ ਬਾਰੇ ਪੀਰ ਮੁਹੰਮਦ ਨੇ ਕਿਹਾ ਕਿ ਜਥੇਦਾਰ ਬ੍ਰਹਮਪੁਰਾ ਵੱਲੋਂ ਏਕਤਾ ਲਈ ਸ਼ੁਰੂ ਕੀਤੇ ਗਏ ਯਤਨਾਂ ਦਾ ਢੀਂਡਸਾ ਨੇ ਹਾਂ ਪੱਖੀ ਹੁੰਗਾਰਾ ਭਰਿਆ ਤੇ ਕਿਹਾ ਕਿ ਪੰਥ ਅਤੇ ਪੰਜਾਬ ਦੇ ਵਡੇਰੇ ਹਿੱਤਾਂ ਲਈ ਪੰਜਾਬ ਨੂੰ ਬਾਦਲਾਂ, ਕਾਂਗਰਸ ਅਤੇ ਭਾਜਪਾ ਤੋਂ ਨਿਜਾਤ ਦਿਵਾਉਣ ਦੀ ਜ਼ਰੂਰਤ ਹੈ। ਢੀਂਡਸਾ ਨੇ ਕਿਹਾ ਕਿ ਇਸੇ ਹਫਤੇ ਪਾਰਟੀ ਦੇ ਹੋਰਨਾਂ ਸੀਨੀਅਰ ਸਾਥੀਆਂ ਨਾਲ ਵਿਚਾਰ-ਵਟਾਂਦਰਾ ਕਰਕੇ ਏਕਤਾ ਕਮੇਟੀ ਨੂੰ ਸਾਰੀ ਸਥਿਤੀ ਤੋਂ ਜਾਣੂ ਕਰਵਾਇਆ ਜਾਵੇਗਾ। ਪੀਰ ਮੁਹੰਮਦ ਨੇ ਕਿਹਾ ਕਿ ਇਸ ਸਮੇਂ ਪੰਥ ਵਿਰੋਧੀ ਤੇ ਪੰਜਾਬ ਵਿਰੋਧੀ ਸ਼ਕਤੀਆਂ ਦਾ ਸਿੱਖ ਜਜ਼ਬੇ ਤੇ ਪੰਜਾਬੀ ਸੋਚ ਨੂੰ ਢਾਹ ਲਾਉਣ ‘ਤੇ ਜ਼ੋਰ ਲੱਗਿਆ ਹੋਇਆ ਹੈ। ਅਜਿਹੇ ਹਾਲਾਤ ਵਿੱਚ ਪੰਜਾਬ ਹਿਤੈਸ਼ੀ ਲੋਕ ਸੂਬੇ ਵਿੱਚ ਤੀਸਰਾ ਬਦਲ ਚਾਹੁੰਦੇ ਹਨ।