ਯੂਥ ਅਕਾਲੀ ਦਲ ਦੇ ਆਗੂਆਂ ਨੂੰ ਕਿਸਾਨਾਂ ਨੇ ਦਿਖਾਈਆਂ ਕਾਲੀਆਂ ਝੰਡੀਆਂ ਤੇ ਬੀਬੀਆਂ ਨੇ ਲਗਾਏ ‘ਫਿੱਟੇ ਮੂੰਹ’ ਦੇ ਨਾਅਰੇ
ਗੁਰੂਸਰ ਸੁਧਾਰ : ਭਾਰਤੀ ਜਨਤਾ ਪਾਰਟੀ ਤੋਂ ਬਾਅਦ ਹੁਣ ਮਿਸ਼ਨ-2022 ਨੂੰ ਲੈ ਕੇ ਤੁਰੀਆਂ ਬਾਕੀ ਸਿਆਸੀ ਪਾਰਟੀਆਂ ਨੂੰ ਵੀ ਹਰਿਆਣਾ ਵਾਂਗ ਪੰਜਾਬ ‘ਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ। ਇਸ ਦੀ ਸ਼ੁਰੂਆਤ ਉਸ ਸਮੇਂ ਹੋਈ, ਜਦੋਂ ਯੂਥ ਅਕਾਲੀ ਦਲ ਦੀ ਰਾਏਕੋਟ ਨੇੜੇ ਇੱਕ ਮੈਰਿਜ ਪੈਲੇਸ ਵਿੱਚ ਬੁਲਾਈ ਜ਼ਿਲ੍ਹਾ ਪੱਧਰੀ ਕਾਨਫ਼ਰੰਸ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਅਤੇ ਵਰਕਰਾਂ ਨੂੰ ਪਿੰਡ ਹਲਵਾਰਾ ਵਿੱਚ ਕਿਸਾਨਾਂ ਨੇ ਕਾਲੀਆਂ ਝੰਡੀਆਂ ਅਤੇ ਔਰਤਾਂ ਨੇ ਚੂੜੀਆਂ ਦਿਖਾਈਆਂ ਤੇ ‘ਫਿੱਟੇ ਮੂੰਹ’ ਦੇ ਨਾਅਰੇ ਲਾਏ।
ਸੂਤਰਾਂ ਅਨੁਸਾਰ ਇਸ ਵਿਰੋਧ ਨੂੰ ਦੇਖਦਿਆਂ ਹਲਕਾ ਦਾਖਾ ਦੇ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਸਮੇਤ ਪ੍ਰਮੁੱਖ ਆਗੂਆਂ ਨੇ ਰਸਤਾ ਬਦਲ ਕੇ ਕਾਨਫ਼ਰੰਸ ਵਿੱਚ ਸ਼ਮੂਲੀਅਤ ਕੀਤੀ, ਜਦਕਿ ਕਈਆਂ ਨੇ ਕਿਸਾਨਾਂ ਦੇ ਵਿਰੋਧ ਨੂੰ ਦੇਖਦਿਆਂ ਆਪਣੇ ਚਿਹਰੇ ਢੱਕ ਲਏ ਸਨ। ਯੂਥ ਅਕਾਲੀ ਦਲ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ਧਾਲੀਵਾਲ ਅਤੇ ਉਨ੍ਹਾਂ ਦੀ ਟੀਮ ਵੱਲੋਂ ਪਿਛਲੇ ਇੱਕ ਹਫ਼ਤੇ ਤੋਂ ਇਸ ਕਾਨਫ਼ਰੰਸ ਵਿੱਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਹੋਰ ਪ੍ਰਮੁੱਖ ਆਗੂਆਂ ਦੇ ਪੁੱਜਣ ਬਾਰੇ ਪ੍ਰਚਾਰ ਕੀਤਾ ਜਾ ਰਿਹਾ ਸੀ। ਭਾਰਤੀ ਕਿਸਾਨ ਯੂਨੀਅਨ ਦੀ ਪ੍ਰਧਾਨ ਦਲਜੀਤ ਕੌਰ ਰੱਤੋਵਾਲ, ਕਿਸਾਨ ਆਗੂ ਕੁਲਦੀਪ ਸਿੰਘ, ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਆਗੂ ਜਤਿੰਦਰ ਸਿੰਘ, ਕਿਸਾਨ ਆਗੂ ਬਲਵਿੰਦਰ ਸਿੰਘ, ਗੁਰਦੇਵ ਸਿੰਘ, ਮਨਜੀਤ ਸਿੰਘ, ਰਾਜਾ ਝੱਜ ਦੀ ਅਗਵਾਈ ਹੇਠ ਕਿਸਾਨਾਂ ਤੇ ਬੀਬੀਆਂ ਨੇ ਯੂਥ ਅਕਾਲੀ ਦਲ ਦੇ ਆਗੂਆਂ ਨੂੰ ਕਾਲੀਆਂ ਝੰਡੀਆਂ ਤੇ ਚੂੜੀਆਂ ਦਿਖਾਈਆਂ।