ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਸਿੱਧੀ ਅਦਾਇਗੀ ਦੇ ਮੁੱਦੇ ਉਤੇ ਆਪਸੀ ਸਹਿਮਤੀ ਬਣਾਉਣ ਤੱਕ ਕਿਸਾਨਾਂ ਨੂੰ ਅਦਾਇਗੀ ਕੀਤੇ ਜਾਣ ਦੀ ਮੌਜੂਦਾ ਪ੍ਰਣਾਲੀ ਜਾਰੀ ਰੱਖਣ ਦੀ ਮੰਗ ਕੀਤੀ ਹੈ। ਇਹ ਜ਼ਿਕਰ ਕਰਦਿਆਂ ਕਿ ਆੜ੍ਹਤੀ, ਕਿਸਾਨਾਂ ਅਤੇ ਖ਼ਰੀਦ ਏਜੰਸੀਆਂ ਦਰਿਮਆਨ ਵਿਚੋਲੇ ਨਹੀਂ ਹਨ ਸਗੋਂ ਸਰਵਿਸ ਪ੍ਰੋਵਾਈਡਰ ਹਨ, ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਅਨਾਜ ਦੀ ਨਿਰਵਿਘਨ ਖ਼ਰੀਦ ਵਿਚ ਸ਼ਾਮਲ ਕਿਸਾਨਾਂ ਅਤੇ ਸਾਰੀਆਂ ਧਿਰਾਂ ਦੀ ਰੋਜ਼ੀ-ਰੋਟੀ ਖ਼ਤਰੇ ਵਿਚ ਨਾ ਪਵੇ।
ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਕੈਪਟਨ ਨੇ ਉਨ੍ਹਾਂ ਪਾਸੋਂ ਮੌਜੂਦਾ ਪ੍ਰਣਾਲੀ ਨੂੰ ਬਦਲਣ ਨਾਲ ਸਥਿਤੀ ਹੱਥੋਂ ਬਾਹਰ ਨਿਕਲਣ ਤੋਂ ਪਹਿਲਾਂ ਵੱਖ-ਵੱਖ ਧਿਰਾਂ ਦੀਆਂ ਚਿੰਤਾਵਾਂ ਬਾਰੇ ਜਾਣੂ ਕਰਵਾਉਣ ਲਈ ਮੁਲਾਕਾਤ ਦੀ ਵੀ ਮੰਗ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਸੁਰੱਖਿਆ ਢਾਂਚਾ ਦਹਾਕਿਆਂ ਵਿਚ ਖੜ੍ਹਾ ਕੀਤਾ ਗਿਆ ਹੈ ਪਰ ਇਸ ਨੂੰ ਪਲਾਂ ਵਿਚ ਤਾਂ ਤਬਾਹ ਨਹੀਂ ਕੀਤਾ ਜਾ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਰੀਆਂ ਧਿਰਾਂ ਨਾਲ ਸਲਾਹ-ਮਸ਼ਵਰੇ ਦੀ ਪ੍ਰਕਿਰਿਆ ਅਪਣਾਈ ਜਾਵੇ। ਉਨ੍ਹਾਂ ਇਸ ਮਸਲੇ ਉਤੇ ਪ੍ਰਧਾਨ ਮੰਤਰੀ ਦੇ ਦਖ਼ਲ ਦੀ ਮੰਗ ਕਰਦਿਆਂ ਉਨ੍ਹਾਂ ਨੂੰ ਇਸ ਬਾਰੇ ਖੁਰਾਕ ਤੇ ਜਨਤਕ ਵੰਡ ਮੰਤਰਾਲੇ ਅਤੇ ਕੇਂਦਰੀ ਵਿੱਤ ਮੰਤਰਾਲੇ ਨੂੰ ਸਲਾਹ ਦੇਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕਿਸਾਨਾਂ ਅਤੇ ਆੜ੍ਹਤੀਆਂ ਦਰਮਿਆਨ ਇਕ-ਦੂਜੇ ਦੀ ਨਿਰਭਰਤਾ ਵਾਲਾ ਰਿਸ਼ਤਾ ਕਈ ਪੀੜ੍ਹੀਆਂ ਤੋਂ ਬਣਿਆ ਹੋਇਆ ਹੈ।