ਸੁਰਜੇਵਾਲਾ ਨੇ ਕਿਹਾ – ਕਰੋਨਾ ਨੂੰ ਲੈ ਕੇ ਮੋਦੀ ਸਰਕਾਰ ਵਰਤ ਰਹੀ ਹੈ ਲਾਪਰਵਾਹੀ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਕੋਵਿਡ-19 ਮਹਾਮਾਰੀ ਦੀ ਸਥਿਤੀ ਨਾਲ ਨਿਪਟਣ ਵਿੱਚ ਲਾਪ੍ਰਵਾਹੀ ਵਰਤਣ ਦੇ ਦੋਸ਼ ਲਗਾਏ। ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਨੇ ਇਹ ਦਾਅਵਾ ਕੀਤਾ ਕਿ ਦੇਸ਼ ਵਿਚ ਕੋਵਿਡ ਤੋਂ ਬਚਾਅ ਸਬੰਧੀ ਟੀਕੇ ਤੇ ਹੋਰ ਮੈਡੀਕਲ ਸਹੂਲਤਾਂ ਦੀ ਭਾਰੀ ਘਾਟ ਹੈ, ਪਰ ਸਰਕਾਰ ਦੇ ਮੰਤਰੀ ਸਿਰਫ਼ ਵਿਰੋਧੀ ਆਗੂਆਂ ‘ਤੇ ਸ਼ਬਦੀ ਹਮਲੇ ਕਰਨ ‘ਚ ਲੱਗੇ ਹੋਏ ਹਨ। ਮੀਡੀਆ ਨਾਲ ਗੱਲਬਾਤ ਦੌਰਾਨ ਸੁਰਜੇਵਾਲਾ ਨੇ ਕਿਹਾ ਕਿ ਕਰੋਨਾ ਮਹਾਮਾਰੀ ਸਬੰਧੀ ਅੰਕੜੇ ਡਰਾਉਣ ਵਾਲੇ ਹਨ, ਪਰ ਸਰਕਾਰ ਵੱਲੋਂ ਲਾਪ੍ਰਵਾਹੀ ਵਰਤੀ ਜਾ ਰਹੀ ਹੈ। ਇਕ ਸਾਲ ਦਾ ਸਮਾਂ ਮਿਲਣ ਦੇ ਬਾਵਜੂਦ ਕੇਂਦਰ ਸਰਕਾਰ ਨੇ ਇਸ ਮਹਾਮਾਰੀ ਨਾਲ ਨਿਪਟਣ ਲਈ ਲੋੜੀਂਦੇ ਪ੍ਰਬੰਧ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਨੂੰ ਕਹਿਣਾ ਚਾਹੁੰਦੇ ਹਾਂ ਕਿ ਕਰੋਨਾ ਸੰਕਟ ਦੇ ਮੁੱਦੇ ‘ਤੇ ਕੋਈ ਰਾਜਨੀਤੀ ਨਹੀਂ ਹੋਣੀ ਚਾਹੀਦੀ।