ਕੈਪਟਨ ਅਮਰਿੰਦਰ ਨੇ ਵੀ ਬੋਰਡ ਦੀਆਂ ਪ੍ਰੀਖਿਆਵਾਂ ਰੱਦ ਕਰਨ ਲਈ ਕੇਂਦਰ ਸਰਕਾਰ ਨੂੰ ਲਿਖੀ ਚਿੱਠੀ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਸਰਕਾਰ ਨੇ ਦੇਸ਼ ਭਰ ਵਿੱਚ ਕਰੋਨਾ ਵਾਇਰਸ ਮਹਾਮਾਰੀ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਸੀਬੀਐੱਸਈ ਦੀਆਂ ਦਸਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ ਜਦਕਿ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਅਤੇ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਦੀ ਹਾਜ਼ਰੀ ‘ਚ ਹੋਈ ਇਕ ਮੀਟਿੰਗ ਵਿੱਚ ਇਹ ਫ਼ੈਸਲਾ ਲਿਆ ਗਿਆ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਦਸਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨੂੰ ਚਿੱਠੀ ਲਿਖ ਕੇ ਕਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਕਾਰਨ ਵਿਗੜ ਰਹੇ ਹਾਲਾਤ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਅਜਿਹੇ ਮਾਹੌਲ ਦੌਰਾਨ ਦਸਵੀਂ ਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫ਼ੈਸਲਾ ਲੈਣਾ ਹੀ ਠੀਕ ਰਹੇਗਾ।