ਬਸਪਾ ਆਗੂਆਂ ਤੇ ਵਰਕਰਾਂ ਨੇ ਸੁਖਬੀਰ ਖਿਲਾਫ ਜੰਮ ਕੇ ਕੀਤੀ ਨਾਅਰੇਬਾਜ਼ੀ
ਜਲੰਧਰ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਲੰਧਰ ‘ਚ ਐਲਾਨ ਕੀਤਾ ਹੈ ਕਿ ਜੇਕਰ ਉਨ੍ਹਾਂ ਦੀ ਪਾਰਟੀ ਪੰਜਾਬ ‘ਚ ਸੱਤਾ ਵਿੱਚ ਆਉਂਦੀ ਹੈ ਤਾਂ ਦਲਿਤ ਆਗੂ ਨੂੰ ਉਪ ਮੁੱਖ ਮੰਤਰੀ ਬਣਾਇਆ ਜਾਵੇਗਾ। ਉਨ੍ਹਾਂ ਜਲੰਧਰ ਵਿਚ ਡਾ. ਭੀਮ ਰਾਓ ਅੰਬੇਦਕਰ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਦੋਆਬਾ ਖੇਤਰ ਵਿੱਚ ਡਾ. ਭੀਮ ਰਾਓ ਅੰਬੇਦਕਰ ਦੇ ਨਾਮ ‘ਤੇ ਇੱਕ ਵੱਡੀ ਯੂਨੀਵਰਸਿਟੀ ਬਣਾਈ ਜਾਵੇਗੀ। ਇਸ ਦੇ ਚੱਲਦਿਆਂ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਸੁਖਬੀਰ ਬਾਦਲ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਬਸਪਾ ਆਗੂਆਂ ਨੇ ਕਿਹਾ ਕਿ ਜਿਹੜੇ ਖੇਤੀ ਸਬੰਧੀ ਕਾਲੇ ਕਾਨੂੰਨ ਕੇਂਦਰ ਦੀ ਭਾਜਪਾ ਸਰਕਾਰ ਨੇ ਪਾਸ ਕੀਤੇ ਹਨ ਉਨ੍ਹਾਂ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਹਿਮਤੀ ਰਹੀ ਹੈ।

