ਸਾਰੀਆਂ ਸਰਕਾਰੀ ਸਕੀਮਾਂ ‘ਚੋਂ 30 ਫੀਸਦੀ ਫੰਡ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਖਰਚੇ ਜਾਣ ਦਾ ਦਿੱਤਾ ਭਰੋਸਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਵੱਲੋਂ ਆਪਣੀਆਂ ਸਾਰੀਆਂ ਯੋਜਨਾਵਾਂ ਵਿਚ ਘੱਟੋ-ਘੱਟ 30 ਫੀਸਦੀ ਫੰਡ ਸੂਬੇ ਦੀ ਅਨੁਸੂਚਿਤ ਜਾਤੀ ਵਸੋਂ ਦੀ ਭਲਾਈ ਲਈ ਖਰਚ ਕੀਤੇ ਜਾਣਗੇ। ਇਹ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਨੂੰ ਪਹਿਲੇ ਭਾਰਤੀ ਵਜੋਂ ਯਾਦ ਕੀਤਾ ਜਾਣਾ ਚਾਹੀਦਾ ਹੈ, ਜਿਨ੍ਹਾਂ ਨੇ ਦਲਿਤ ਸਮਾਜ ਲਈ ਬਹੁਤ ਕੁਝ ਕੀਤਾ। ਸੂਬਾ ਪੱਧਰੀ ਵਰਚੂਅਲ ਸਮਾਗਮ ਦੌਰਾਨ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੇ 130ਵੇਂ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਮੁੱਖ ਮੰਤਰੀ ਨੇ ਸਾਰੇ ਵਿਭਾਗਾਂ ਵਿਚ ਐਸ.ਸੀ. ਅਸਾਮੀਆਂ ਦਾ ਬੈਕਲਾਗ ਪਹਿਲ ਦੇ ਆਧਾਰ ਉਤੇ ਭਰਨ ਦਾ ਐਲਾਨ ਵੀ ਕੀਤਾ।