7.9 C
Toronto
Wednesday, October 29, 2025
spot_img
HomeUncategorizedਤੋਮਰ ਵੱਲੋਂ ਕਿਸਾਨਾਂ ਨੂੰ ਅੰਦੋਲਨ ਖਤਮ ਕਰਨ ਦੀ ਅਪੀਲ

ਤੋਮਰ ਵੱਲੋਂ ਕਿਸਾਨਾਂ ਨੂੰ ਅੰਦੋਲਨ ਖਤਮ ਕਰਨ ਦੀ ਅਪੀਲ

ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਕਰੋਨਾ ਦੇ ਵਧ ਰਹੇ ਕੇਸਾਂ ਕਾਰਨ ਉਹ ਦਿੱਲੀ ਦੀਆਂ ਹੱਦਾਂ ‘ਤੇ ਅੰਦੋਲਨ ਸਮਾਪਤ ਕਰ ਦੇਣ। ਤੋਮਰ ਨੇ ਕਿਹਾ ਕਿ ਕਿਸਾਨ ਕਈ ਮਹੀਨਿਆਂ ਤੋਂ ਕੇਂਦਰੀ ਖੇਤੀ ਬਿੱਲਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ ਪਰ ਸਰਕਾਰ ਹੁਣ ਵੀ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ ਪਰ ਉਹ ਖੇਤੀ ਕਾਨੂੰਨਾਂ ਦੇ ਮਾਮਲੇ ‘ਤੇ ਸਪਸ਼ਟ ਮਤਾ ਲੈ ਕੇ ਆਉਣ। ਤੋਮਰ ਨੇ ਚਿੰਤਾ ਪ੍ਰਗਟਾਈ ਕਿ ਭਾਰਤ ਵਿਚ ਨਵੇਂ ਕਰੋਨਾ ਕੇਸ ਸਾਹਮਣੇ ਆਏ ਹਨ, ਇਸ ਕਰਕੇ ਅੰਦੋਲਨਕਾਰੀ ਕਿਸਾਨਾਂ ਨੂੰ ਵੀ ਕਰੋਨਾ ਨਿਯਮਾਂ ਦਾ ਪਾਲਣ ਕਰਨਾ ਚਾਹੀਦਾ ਹੈ।
ਅਨਿਲ ਵਿੱਜ ਨੇ ਵੀ ਤੋਮਰ ਨੂੰ ਕਿਸਾਨਾਂ ਨਾਲ ਮੁੜ ਗੱਲਬਾਤ ਲਈ ਲਿਖਿਆ ਪੱਤਰ
ਚੰਡੀਗੜ੍ਹ : ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਕੇਂਦਰੀ ਖੇਤੀ ਮੰਤਰੀ ਨਰੇਂਦਰ ਤੋਮਰ ਨੂੰ ਪੱਤਰ ਲਿਖ ਕੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਵਿਚਕਾਰ ਢਾਈ ਮਹੀਨੇ ਤੋਂ ਬੰਦ ਪਈ ਗੱਲਬਾਤ ਨੂੰ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅਤੇ ਕੇਂਦਰ ਸਰਕਾਰ ਵਿਚਕਾਰ ਪਿਛਲੇ ਲੰਬੇ ਸਮੇਂ ਤੋਂ ਗੱਲਬਾਤ ਨਹੀਂ ਹੋ ਰਹੀ ਹੈ ਜੇਕਰ ਇਹ ਗੱਲਬਾਤ ਮੁੜ ਸ਼ੁਰੂ ਕੀਤੀ ਜਾਂਦੀ ਹੈ ਤਾਂ ਇਸ ਦੇ ਹਾਂ-ਪੱਖੀ ਨਤੀਜੇ ਸਾਹਮਣੇ ਆ ਸਕਦੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਵੀ ਕਰੋਨਾ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ ਵੱਧ ਰਿਹਾ ਹੈ। ਕਰੋਨਾ ਦੇ ਕੇਸਾਂ ‘ਤੇ ਨੱਥ ਪਾਉਣ ਲਈ ਸੂਬਾ ਸਰਕਾਰ ਹਰ ਕਦਮ ਚੁੱਕ ਰਹੀ ਹੈ ਪਰ ਬਾਰਡਰਾਂ ‘ਤੇ ਬੈਠੇ ਕਿਸਾਨਾਂ ਕਰਕੇ ਸੂਬੇ ਵਿੱਚ ਕਰੋਨਾ ਵਾਇਰਸ ਫੈਲਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।
ਹਰਿਆਣਾ ਭਾਜਪਾ ਦੇ ਪ੍ਰਧਾਨ ਓਪੀ ਧਨਖੜ ਨੂੰ ਦਿਖਾਏ ਕਾਲੇ ਝੰਡੇ
ਚੰਡੀਗੜ੍ਹ : ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਸੂਬੇ ‘ਚ ਗਠਜੋੜ ਸਰਕਾਰ ਦੇ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਜਿਨ੍ਹਾਂ ਨੇ ਕੈਥਲ ਵਿੱਚ ਹਰਿਆਣਾ ਭਾਜਪਾ ਦੇ ਪ੍ਰਧਾਨ ਓਪੀ ਧਨਖੜ ਨੂੰ ਕਾਲੇ ਝੰਡੇ ਵਿਖਾਏ। ਪ੍ਰਾਪਤ ਜਾਣਕਾਰੀ ਅਨੁਸਾਰ ਧਨਖੜ ਮਨਾਹੀ ਦੇ ਬਾਵਜੂਦ ਕੈਥਲ ਵਿੱਚ ਡਾ. ਭੀਮ ਰਾਓ ਅੰਬੇਡਕਰ ਦੀ 130ਵੀਂ ਜੈਅੰਤੀ ਸਮਾਗਮ ‘ਚ ਪਹੁੰਚੇ ਸਨ। ਜਾਣਕਾਰੀ ਮਿਲਦੇ ਹੀ ਕਿਸਾਨਾਂ ਨੇ ਧਨਖੜ ਦਾ ਵਿਰੋਧ ਕੀਤਾ ਅਤੇ ਕਾਲੇ ਝੰਡੇ ਵਿਖਾਏ। ਇਸ ਦੌਰਾਨ ਦੋ ਘੰਟੇ ਪੁਲਿਸ ਤੇ ਕਿਸਾਨ ਜਥੇਬੰਦੀਆਂ ਵਿਚਕਾਰ ਟਕਰਾਅ ਵਾਲੀ ਸਥਿਤੀ ਬਣੀ ਰਹੀ।

 

RELATED ARTICLES
POPULAR POSTS