ਕੁੰਵਰ ਵਿਜੇ ਨੂੰ ਵਿਧਾਨ ਸਭਾ ਚੋਣ ਲੜਾਉਣ ਦੇ ਚਰਚੇ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਬਹੁਚਰਚਿਤ ਪੁਲਿਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਆਈਜੀ ਰੈਂਕ ਦੇ ਇਸ ਪੁਲਿਸ ਅਧਿਕਾਰੀ ਵੱਲੋਂ ਆਪਣਾ ਅਸਤੀਫਾ ਮੁੱਖ ਸਕੱਤਰ ਨੂੰ ਸੰਬੋਧਨ ਹੁੰਦਿਆਂ ਦਿੱਤਾ ਗਿਆ ਹੈ ਤੇ ਇਸ ਦੀ ਕਾਪੀ ਸੂਬੇ ਦੇ ਵਧੀਕ ਮੁੱਖ ਸਕੱਤਰ (ਗ੍ਰਹਿ) ਅਤੇ ਡੀਜੀਪੀ ਨੂੰ ਭੇਜੀ ਗਈ ਹੈ। ਪੰਜਾਬ ਕਾਡਰ ਨਾਲ ਸਬੰਧਤ 1998 ਬੈਚ ਦਾ ਇਹ ਪੁਲਿਸ ਅਧਿਕਾਰੀ ਅਕਸਰ ਸੁਰਖੀਆਂ ਵਿੱਚ ਰਿਹਾ ਹੈ। ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਦਿੱਤੇ ਅਸਤੀਫੇ ਤੋਂ ਬਾਅਦ ਪ੍ਰਸ਼ਾਸਕੀ ਤੇ ਰਾਜਸੀ ਹਲਕਿਆਂ ਅੰਦਰ ਹਲਚਲ ਦੇਖੀ ਜਾ ਰਹੀ ਹੈ। ਸੂਤਰਾਂ ਦਾ ਇਹ ਵੀ ਦੱਸਣਾ ਹੈ ਕਿ ਇਸ ਪੁਲਿਸ ਅਧਿਕਾਰੀ ਨੇ ਕੁਝ ਦਿਨ ਪਹਿਲਾਂ ਹੀ ਰਾਜ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਸੀ, ਜਿਸ ਦੌਰਾਨ ਬੇਅਦਬੀ ਕਾਂਡ ਦੇ ਮਾਮਲੇ ‘ਤੇ ਚਰਚਾ ਵੀ ਹੋਈ ਸੀ। ਗ੍ਰਹਿ ਵਿਭਾਗ ਦੇ ਸੂਤਰਾਂ ਦਾ ਦੱਸਣਾ ਹੈ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਕੋਟਕਪੂਰਾ ਕਾਂਡ ਦੇ ਮਾਮਲੇ ਵਿੱਚ ਸਰਕਾਰੀ ਧਿਰ ਦੇ ਵਕੀਲਾਂ ਵੱਲੋਂ ਕਾਨੂੰਨੀ ਲੜਾਈ ਠੋਸ ਤਰੀਕੇ ਨਾਲ ਨਾ ਲੜੇ ਜਾਣ ਤੋਂ ਨਿਰਾਸ਼ ਸੀ। ਸਿਆਸੀ ਹਲਕਿਆਂ ਅੰਦਰ ਇਹ ਵੀ ਚਰਚਾ ਹੈ ਕਿ ਇਹ ਪੁਲਿਸ ਅਧਿਕਾਰੀ ਅਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਅੰਮ੍ਰਿਤਸਰ ਸ਼ਹਿਰ ਦੇ ਕਿਸੇ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਸਕਦਾ ਹੈ। ਪੰਜਾਬ ਅੰਦਰ ਇਨ੍ਹਾਂ ਦਿਨਾਂ ਦੌਰਾਨ ਬੇਅਦਬੀ ਕਾਂਡ ਅਤੇ ਕੋਟਕਪੂਰਾ ਗੋਲੀ ਕਾਂਡ ਦੇ ਮੁੱਦੇ ‘ਤੇ ਰਾਜਨੀਤੀ ਗਰਮਾਈ ਹੋਈ ਹੈ।
ਚੇਤੇ ਰਹੇ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪਿਛਲੇ ਦਿਨੀਂ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਰਿਪੋਰਟ ਨੂੰ ਰੱਦ ਕਰਦਿਆਂ ਪੰਜਾਬ ਸਰਕਾਰ ਨੂੰ ਇਸ ਪੁਲਿਸ ਅਧਿਕਾਰੀ ਨੂੰ ਜਾਂਚ ਦੇ ਅਮਲ ਤੋਂ ਦੂਰ ਰੱਖਣ ਦੇ ਹੁਕਮ ਦਿੱਤੇ ਸਨ। ਪੰਜਾਬ ਸਰਕਾਰ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ ਦੇ ਚਰਚਿਤ ਮੈਂਬਰ ਵਜੋਂ ਜਾਣੇ ਜਾਂਦੇ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਤੋਂ ਪੁੱਛਗਿੱਛ ਕੀਤੀ ਸੀ। ਇਸੇ ਤਰ੍ਹਾਂ ਮੁਅੱਤਲੀ ਅਧੀਨ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਸਮੇਤ ਹੋਰਨਾਂ ਕਈ ਪੁਲਿਸ ਅਫਸਰਾਂ ਨੂੰ ਗ੍ਰਿਫਤਾਰ ਵੀ ਕੀਤਾ ਸੀ। ਉਮਰਾਨੰਗਲ ਨੂੰ ਤਾਂ ਪੰਜਾਬ ਪੁਲਿਸ ਦੇ ਹੈੱਡਕੁਆਰਟਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਸਾਲ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ ‘ਤੇ ਚੋਣ ਕਮਿਸ਼ਨ ਨੇ ਇਸ ਪੁਲਿਸ ਅਧਿਕਾਰੀ ਨੂੰ ਵਿਸ਼ੇਸ਼ ਜਾਂਚ ਟੀਮ ਤੋਂ ਲਾਂਭੇ ਕਰਨ ਦੇ ਹੁਕਮ ਦਿੱਤੇ ਸਨ।
ਕੁੰਵਰ ਵਿਜੇ ਪ੍ਰਤਾਪ ਆਪਣੇ ਫੈਸਲੇ ‘ਤੇ ਅਟੱਲ
ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸਤੀਫ਼ਾ ਨਾਮਨਜ਼ੂਰ ਕਰਨ ਦੇ ਬਾਵਜੂਦ ਕੁੰਵਰ ਵਿਜੈ ਪ੍ਰਤਾਪ ਆਪਣੇ ਫ਼ੈਸਲੇ ‘ਤੇ ਬਜ਼ਿੱਦ ਹਨ। ਉਨ੍ਹਾਂ ਆਪਣੇ ਫੇਸਬੁੱਕ ‘ਤੇ ਇਕ ਪੋਸਟ ਪਾਈ ਹੈ ਜਿਸ ਵਿਚ ਲਿਖਿਆ ਹੈ ਉਹ ਅੱਗੇ ਵੀ ਸਮਾਜ ਸੇਵਾ ਕਰਦੇ ਰਹਿਣਗੇ ਪਰ ਆਈਪੀਐੱਸ ਦੇ ਤੌਰ ‘ਤੇ ਨਹੀਂ। ਜ਼ਿਕਰਯੋਗ ਹੈ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਕੋਟਕਪੂਰਾ ਬਹਿਬਲ ਕਲਾਂ ਗੋਲ਼ੀਕਾਂਡ ਮਾਮਲੇ ਦੀ ਜਾਂਚ ਲਈ ਬਣਾਈ ਗਈ ਐੱਸਆਈਟੀ ਦੇ ਮੁਖੀ ਹਨ, ਜਿਸ ਨੂੰ ਪਿਛਲੇ ਦਿਨੀਂ ਹਾਈਕੋਰਟ ਨੇ ਭੰਗ ਕਰਨ ਦੇ ਹੁਕਮ ਦਿੱਤੇ ਸਨ।
ਕੈਪਟਨ ਅਮਰਿੰਦਰ ਵਲੋਂ ਕੁੰਵਰ ਵਿਜੇ ਦਾ ਅਸਤੀਫ਼ਾ ਰੱਦ
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਈਪੀਐੱਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਦਿੱਤਾ ਅਸਤੀਫ਼ਾ ਰੱਦ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਆਪਣੀ ਇਸ ਪੇਸ਼ਕਦਮੀ ਨਾਲ ਸਾਫ਼ ਕਰ ਦਿੱਤਾ ਕਿ ਉਹ ਬੇਅਦਬੀ ਕਾਂਡ ਤੇ ਕੋਟਕਪੂਰਾ ਗੋਲੀ ਕਾਂਡ ਦੀ ਤਫ਼ਤੀਸ਼ ਕਰਨ ਵਾਲੀ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਪਿੱਠ ‘ਤੇ ਖੜ੍ਹੇ ਹਨ। ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀ ਦੀ ਮੁੜ ਪਿੱਠ ਥਾਪੜੀ। ਨਾਰਾਜ਼ ਪੁਲਿਸ ਅਧਿਕਾਰੀ ਨੇ ਵਧੀਕ ਮੁੱਖ ਸਕੱਤਰ (ਗ੍ਰਹਿ) ਤੇ ਡੀਜੀਪੀ ਨੂੰ ਅਸਤੀਫਾ ਪੱਤਰ ਭੇਜ ਕੇ ਸਰਵਿਸ ਤੋਂ ਪਹਿਲਾਂ ਸੇਵਾ ਮੁਕਤੀ ਮੰਗੀ ਸੀ। ਮੁੱਖ ਮੰਤਰੀ ਨੇ ਅਸਤੀਫ਼ੇ ਨਾਲ ਅਸਹਿਮਤੀ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਪੁਲਿਸ ਅਧਿਕਾਰੀ ਤੇ ਉਸਦੀ ਟੀਮ ਨੇ ਕੋਟਕਪੂਰਾ ਮਾਮਲੇ ਦੀ ਤੇਜ਼ੀ ਨਾਲ ਜਾਂਚ ਕਰਨ ਵਿੱਚ ਸ਼ਾਨਦਾਰ ਕੰਮ ਕੀਤਾ ਹੈ ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਪਿਛਲੇ ਚਾਰ ਸਾਲਾਂ ਤੋਂ ਜਾਂਚ ਵਿੱਚ ਅੜਿੱਕੇ ਡਾਹੁਣ ਦੀਆਂ ਕੋਸ਼ਿਸ਼ ਕਰਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਯੋਗ ਅਧਿਕਾਰੀ ਦੀ ਅਗਵਾਈ ਅਤੇ ਨਿਗਰਾਨੀ ਹੇਠ ਜਾਂਚ ਤਰਕਪੂਰਨ ਸਿੱਟੇ ‘ਤੇ ਲਿਆਂਦੀ ਜਾਵੇਗੀ।