ਸੰਗਤ ਨੂੰ ਗੁਰੂ ਸਾਹਿਬ ਦੇ ਫਲਸਫ਼ੇ ਨਾਲ ਜੁੜਨ ਦੀ ਕੀਤੀ ਅਪੀਲ
ਅੰਮ੍ਰਿਤਸਰ/ਬਿਊਰੋ ਨਿਊਜ਼ : ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਸਾਂਝੇ ਤੌਰ ‘ਤੇ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ 400 ਸਾਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਜੈਕਾਰਿਆਂ ਦੀ ਗੂੰਜ ‘ਚ ਮਨਾਇਆ ਗਿਆ। ਸੰਗਤ ਵਲੋਂ ਸਮਾਗਮ ‘ਚ ਫੁੱਲਾਂ ਦੀ ਵਰਖਾ ਕੀਤੀ ਗਈ। ਲਾਹੌਰ ‘ਚ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਅਸਥਾਨ ਵਿਖੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਦੀਵਾਨ ਸਜਾਏ ਗਏ। ਇਸ ਮੌਕੇ ਘੱਟ ਗਿਣਤੀ ਤੇ ਮਨੁੱਖੀ ਅਧਿਕਾਰ ਸੂਬਾਈ ਮੰਤਰੀ ਇਜਾਜ਼ ਆਲਮ ਔਗਸਟਿਨ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉਨ੍ਹਾਂ ਦੇ ਇਲਾਵਾ ਸਾਈਂ ਮੀਆਂ ਮੀਰ ਮੁਅਈਨ-ਉਲ-ਇਸਲਾਮ ਦਰਬਾਰ ਦੇ ਮੌਜੂਦਾ ਸੇਵਾਦਾਰ ਸਾਈਂ ਅਲੀ ਰਜ਼ਾ, ਪਾਕਿਸਤਾਨ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ, ਸਾਬਕਾ ਪ੍ਰਧਾਨ ਬਿਸ਼ਨ ਸਿੰਘ, ਅਮੀਰ ਸਿੰਘ, ਡਾ: ਮਿਮਪਾਲ ਸਿੰਘ, ਈ.ਟੀ.ਪੀ.ਬੀ. ਦੇ ਵਧੀਕ ਸਕੱਤਰ ਤਾਰਿਕ ਵਜ਼ੀਰ ਖ਼ਾਨ, ਮੁਸਰਤ ਜਮਸ਼ੇਰ ਚੀਮਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭੇਜੇ ਜਥੇ ਦੇ ਆਗੂ ਹਰਪਾਲ ਸਿੰਘ ਜੱਲ੍ਹਾ, ਗੁਰਮੀਤ ਸਿੰਘ ਬੂਹ, ਅਮਰਜੀਤ ਸਿੰਘ ਭਲਾਈਪੁਰ, ਬੀਬੀ ਜੋਗਿੰਦਰ ਕੌਰ, ਬਲਵਿੰਦਰ ਸਿੰਘ ਵੇਈਂਪੂਈਂ, ਸੰਤਾ ਸਿੰਘ ਤੇ ਦਰਸ਼ਨ ਸਿੰਘ ਕੈਨੇਡਾ ਸਮੇਤ ਪਾਕਿ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਪਹੁੰਚੀ ਭਾਰਤੀ ਸਿੱਖ ਸੰਗਤ ਤੇ ਸ੍ਰੀ ਪੰਜਾ ਸਾਹਿਬ, ਲਾਹੌਰ ਤੇ ਸ੍ਰੀ ਨਨਕਾਣਾ ਸਾਹਿਬ ਦੀ ਸੰਗਤ ਹਾਜ਼ਰ ਰਹੀ।
ਪ੍ਰਕਾਸ਼ ਪੁਰਬ ਮੌਕੇ ਹਰਪਾਲ ਸਿੰਘ ਜੱਲ੍ਹਾ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਨੌਵੇਂ ਪਾਤਸ਼ਾਹ ਦੇ 400 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਸਾਈਂ ਅਲੀ ਰਜ਼ਾ ਨੇ ਸੰਬੋਧਨ ਦੌਰਾਨ ਸੰਗਤ ਨੂੰ ਨੌਵੇਂ ਪਾਤਸ਼ਾਹ ਦੇ ਫ਼ਲਸਫ਼ੇ ਨਾਲ ਜੁੜਨ ਦੀ ਅਪੀਲ ਕੀਤੀ ਤੇ ਕਿਹਾ ਕਿ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਤੇ ਹੁਣ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੀ ਸ਼ਤਾਬਦੀ ਸਾਡੇ ਸਮਿਆਂ ‘ਚ ਆਉਣੀ ਸਾਡੀ ਖ਼ੁਸ਼ਕਿਸਮਤੀ ਹੈ। ਬਿਸ਼ਨ ਸਿੰਘ ਨੇ ਕਿਹਾ ਕਿ ਸਿੱਖ ਕੌਮ ਨੂੰ ਮਾਣ ਹੈ ਕਿ ਗੁਰੂ ਸਾਹਿਬਾਨ ਵਲੋਂ ਦਰਸਾਈਆਂ ਮਨੁੱਖੀ ਸੁਧਾਰ ਦੀਆਂ ਬਿਹਤਰ ਸਿੱਖਿਆਵਾਂ ਸਿੱਖਾਂ ਕੋਲ ਹਨ। ਸਤਵੰਤ ਸਿੰਘ ਤੇ ਅਮੀਰ ਸਿੰਘ ਨੇ ਨਾਨਕਸ਼ਾਹੀ ਕੈਲੰਡਰ ਨੂੰ ਸਿੱਖ ਕੌਮ ਦੀ ਪਛਾਣ ਦੱਸਦਿਆਂ ਕਿਹਾ ਕਿ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਬੁੱਧੀਜੀਵੀਆਂ ਦੀ ਪ੍ਰਵਾਨਗੀ ਤੇ ਵਿਦਵਾਨਾਂ ਨਾਲ ਵਿਚਾਰ ਚਰਚਾਵਾਂ ਕਰਕੇ ਲਾਗੂ ਕੀਤਾ ਗਿਆ ਸੀ, ਇਸ ਲਈ ਪੀ. ਐਸ.ਜੀ.ਪੀ. ਸੀ. ਵਲੋਂ 400 ਸਾਲਾ ਪ੍ਰਕਾਸ਼ ਪੁਰਬ ਤੇ ਹੋਰ ਦਿਹਾੜੇ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਹੀ ਮਨਾਏ ਜਾਣਗੇ।