ਕੈਪਟਨ ਸਰਕਾਰ ‘ਤੇ ਕਿਸਾਨਾਂ ਨੂੰ ਖੱਜਲ ਕਰਨ ਦਾ ਦੋਸ਼
ਚੰਡੀਗੜ੍ਹ/ਬਿਊਰੋ ਨਿਊਜ਼ : ਮੰਡੀਆਂ ਵਿੱਚ ਕਣਕ ਦੇ ਮਾੜੇ ਖਰੀਦ ਪ੍ਰਬੰਧਾਂ ਵਿਰੁੱਧ ਮੰਗਲਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਪਾਰਟੀ ਆਗੂਆਂ ਨੇ ਸਿਵਲ ਸਪਲਾਈ ਤੇ ਖੁਰਾਕ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਦਾ ਘਿਰਾਓ ਕੀਤਾ। ਪੁਲਿਸ ਨੇ ‘ਆਪ’ ਆਗੂਆਂ ਨੂੰ ਧਰਨੇ ਤੋਂ ਉਠਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਕੈਬਨਿਟ ਮੰਤਰੀ ਦੀ ਰਿਹਾਇਸ਼ ਅੱਗੇ ਡਟੇ ਰਹੇ। ਇਸ ਦੌਰਾਨ ਉਨ੍ਹਾਂ ਕਿਸਾਨਾਂ ਦੀਆਂ ਸਮੱਸਿਆਵਾਂ ਤੁਰੰਤ ਹੱਲ ਕਰਨ ਦੀ ਮੰਗ ਕੀਤੀ।
ਸੰਧਵਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਅਤੇ ਬਾਰਦਾਨੇ ਦੇ ਪੁਖ਼ਤਾ ਪ੍ਰਬੰਧ ਕਰਨ ‘ਚ ਫੇਲ੍ਹ ਰਹੇ ਹਨ। ਕੈਪਟਨ ਸਰਕਾਰ ਦੇ ਮਾੜੇ ਪ੍ਰਬੰਧਾਂ ਕਰਕੇ ਕਿਸਾਨ ਮੰਡੀਆਂ ਵਿੱਚ ਖੱਜਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਖੁਸ਼ ਕਰਨ ਲਈ ਜਾਣਬੁੱਝ ਕੇ ਕਿਸਾਨਾਂ ਨੂੰ ਤੰਗ ਕੀਤਾ ਜਾ ਰਿਹਾ ਹੈ। ਬਾਰਦਾਨੇ ਦੀ ਘਾਟ ਅਤੇ ਸੂਬਾ ਸਰਕਾਰ ਦੀ ਲਾਪ੍ਰਵਾਹੀ ਕਰਕੇ ਮੰਡੀਆਂ ‘ਚ ਕਣਕ ਖ਼ਰਾਬ ਹੋ ਰਹੀ ਹੈ।
‘ਆਪ’ ਵਿਧਾਇਕ ਨੇ ਕਿਹਾ ਕਿ ਹਰ ਸਾਲ ਖ਼ਰੀਦ ਸੀਜ਼ਨ ਦੌਰਾਨ ਬਾਰਦਾਨੇ ਦੀ ਸਮੱਸਿਆ ਪੈਦਾ ਹੁੰਦੀ ਹੈ ਪਰ ਸਰਕਾਰ ਨੇ ਇਸ ਦਾ ਹੁਣ ਤਕ ਕੋਈ ਪ੍ਰਬੰਧ ਨਹੀਂ ਕੀਤਾ। ਸੂਬੇ ਵਿੱਚ ਕਿਸਾਨ ਆਪਣੀ ਫ਼ਸਲ ਵੇਚਣ ਲਈ ਕਈ ਦਿਨਾਂ ਤੋਂ ਮੰਡੀਆਂ ‘ਚ ਜੱਦੋਜਹਿਦ ਕਰ ਰਹੇ ਹਨ ਪਰ ਸਰਕਾਰ ਸੁੱਤੀ ਪਈ ਹੈ। ਪੰਜਾਬ ਦੇ ਕਿਸਾਨ ਪਹਿਲਾਂ ਹੀ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਹਨ ਅਤੇ ਹੁਣ ਕਣਕ ਵੇਚਣ ਲਈ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਉਨ੍ਹਾਂ ਮੰਡੀਆਂ ਵਿੱਚ ਖਰੀਦ ਪ੍ਰਬੰਧ ਠੀਕ ਕਰਨ ਦੀ ਮੰਗ ਕੀਤੀ ਤਾਂ ਜੋ ਕਿਸਾਨਾਂ ਨੂੰ ਕਿਸੇ ਤਰ੍ਹਾਂ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਕਿਸਾਨ ਵਿੰਗ ਦੇ ਸੂਬਾ ਸੰਯੁਕਤ ਸਕੱਤਰ ਗੁਰਭੇਜ ਬਰਾੜ, ਮਹਿੰਦਰ ਸਿੰਘ ਸਿੱਧੂ, ਚੇਤਨ ਸਿੰਘ ਅਤੇ ਹੋਰ ਆਗੂ ਤੇ ਵਰਕਰ ਹਾਜ਼ਰ ਸਨ।
ਪੰਜਾਬ ਵਿੱਚ ਬਾਰਦਾਨੇ ਦੀ ਕਮੀ ਨਹੀਂ : ਆਸ਼ੂ
ਚੰਡੀਗੜ੍ਹ : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਬਾਰਦਾਨੇ ਬਾਰੇ ਕਿਹਾ ਕਿ ਕਰੋਨਾ ਅਤੇ ਪੱਛਮੀ ਬੰਗਾਲ ਵਿੱਚ ਚੋਣਾਂ ਕਾਰਨ ਬਹੁਤ ਸਾਰੀਆਂ ਜੂਟ ਮਿੱਲਾਂ ਬੰਦ ਹਨ, ਜਿਸ ਕਾਰਨ ਦੇਸ਼ ਭਰ ਵਿੱਚ ਬਾਰਦਾਨੇ ਦੀ ਕਿੱਲਤ ਹੈ। ਉਨ੍ਹਾਂ ਇਹ ਮੁੱਦਾ ਭਾਰਤ ਦੇ ਜੂਟ ਕਮਿਸ਼ਨਰ ਕੋਲ ਵੀ ਚੁੱਕਿਆ ਸੀ ਪਰ ਉਹ ਪੰਜਾਬ ਦੀ ਮਦਦ ਕਰਨ ਵਿੱਚ ਅਸਫਲ ਰਹੇ। ਉਨ੍ਹਾਂ ਕਿਹਾ ਕਿ ਸ਼ੁਰੂ ਵਿਚ ਬਾਰਦਾਨੇ ਦੀ ਘਾਟ ਸੀ ਪਰ ਹੁਣ ਮਸਲਾ ਹੱਲ ਹੋ ਗਿਆ ਹੈ।
Check Also
ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ’ਤੇ ਸਾਧਿਆ ਨਿਸ਼ਾਨਾ
ਕਿਹਾ : ਕੁਝ ਲੋਕਾਂ ਦਾ ਧੰਦਾ ਹੈ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕਰਨਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸੀ ਆਗੂ ਰਾਜਾ ਵੜਿੰਗ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਆਲੋਚਨਾ ਕੀਤੀ ਹੈ। ਜਾਖੜ ਨੇ ਰਾਜਾ ਵੜਿੰਗ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਕੁਝ ਲੋਕਾਂ ਦਾ ਧੰਦਾ ਬਣ ਚੁੱਕਾ ਹੈ ਕਿ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕੀਤਾ ਜਾਵੇ। ਜਾਖੜ ਨੇ ਕਿਹਾ ਕਿ ਇਹ ਨੇਤਾ ਸ਼ਰਾਬ ਅਤੇ ਨਸ਼ੇ ਵਾਲਿਆਂ ਕੋਲੋਂ ਵੀ ਚੰਦਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਅਤੇ ਹਰਿਆਣਾ ਦੇ ਚੀਫ ਜਸਟਿਸ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖਾਂਗਾ ਕਿ ਚੀਫ ਜਸਟਿਸ ਸਣੇ ਦੇਸ਼ ਦੀ ਕਿਸੇ ਵੀ ਏਜੰਸੀ ਦੇ ਅਧਿਕਾਰੀਆਂ ਦੀ ਨਿਗਰਾਨੀ ਵਿਚ ਸਾਰੇ ਆਗੂਆਂ ਦੀ ਜਾਂਚ ਹੋਣੀ ਚਾਹੀਦੀ ਹੈ। ਜਾਖੜ ਨੇ ਸਵਾਲ ਚੁੱਕਿਆ ਕਿ ਜਿਹੜੇ ਆਗੂ ਛੋਟੀਆਂ ਜਿਹੀਆਂ ਦੁਕਾਨਾਂ ਚਲਾਉਂਦੇ ਸਨ, ਉਹ ਅੱਜ ਵੱਡੀਆਂ ਵੱਡੀਆਂ ਕੋਠੀਆਂ ਕਿਸ ਤਰ੍ਹਾਂ ਬਣਾ ਰਹੇ ਹਨ।