ਸੰਸਦ ਮੈਂਬਰ ਨਾਇਬ ਸਿੰਘ ਸੈਣੀ ਨੂੰ ਦਿਖਾਏ ਕਾਲੇ ਝੰਡੇ
ਚੰਡੀਗੜ੍ਹ : ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨੇ ਕੁਰੂਕਸ਼ੇਤਰ ਦੇ ਸੰਸਦ ਮੈਂਬਰ ਨਾਇਬ ਸੈਣੀ ਨੂੰ ਕਾਲੇ ਝੰਡੇ ਵਿਖਾਏ। ਪੁਲਿਸ ਨੇ ਇਸ ਮੌਕੇ ਕਰੀਬ 70 ਕਿਸਾਨਾਂ ਨੂੰ ਹਿਰਾਸਤ ਵਿੱਚ ਵੀ ਲਿਆ। ਇਸੇ ਤਰ੍ਹਾਂ ਕਿਸਾਨਾਂ ਨੇ ਹਿਸਾਰ ਵਿੱਚ ਸੋਨਾਲੀ ਫੋਗਾਟ ਦਾ ਵੀ ਵਿਰੋਧ ਕੀਤਾ। ਇਸ ਦੌਰਾਨ ਪੁਲਿਸ ਨੇ ਕਿਸਾਨਾਂ ‘ਤੇ ਲਾਠੀਚਾਰਜ ਕੀਤਾ ਤੇ ਦਰਜਨ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ। ਸੰਸਦ ਮੈਂਬਰ ਸੈਣੀ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ ਰੱਖੇ ਸਮਾਗਮ ਵਿੱਚ ਪਹੁੰਚੇ ਸਨ। ਉਨ੍ਹਾਂ ਦੇ ਆਉਣ ਦੀ ਜਾਣਕਾਰੀ ਮਿਲਦੇ ਹੀ ਕਿਸਾਨ ਜਥੇਬੰਦੀਆਂ ਸਮਾਗਮ ਵੱਲ ਜਾਣ ਵਾਲੀਆਂ ਸਾਰੀਆਂ ਸੜਕਾਂ ‘ਤੇ ਕਾਲੇ ਝੰਡੇ ਲੈ ਕੇ ਧਰਨਾ ਮਾਰ ਕੇ ਬੈਠ ਗਈਆਂ। ਸਖ਼ਤ ਸੁਰੱਖਿਆ ਪ੍ਰਬੰਧ ਹੋਣ ਦੇ ਬਾਵਜੂਦ ਕਿਸਾਨਾਂ ਨੇ ਸਮਾਗਮ ਵਾਲੀ ਥਾਂ ਦੇ ਨਜ਼ਦੀਕ ਪਹੁੰਚ ਕੇ ਸੰਸਦ ਮੈਂਬਰ ਨਾਇਬ ਸੈਣੀ ਨੂੰ ਕਾਲੇ ਝੰਡੇ ਵਿਖਾਏ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਡੀਐੱਸਪੀ ਰਵਿੰਦਰ ਤੋਮਰ ਨੇ ਕਿਹਾ ਕਿ ਕਿਸਾਨਾਂ ਨੇ ਧਰਨੇ ਵਾਲੀ ਥਾਂ ਤੋਂ ਅੱਗੇ ਆ ਕੇ ਨਿਯਮਾਂ ਦੀ ਉਲੰਘਣਾ ਕੀਤੀ ਹੈ। ਇਸ ਲਈ 70 ਦੇ ਕਰੀਬ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੱਤ ਅਪਰੈਲ ਨੂੰ ਵੀ ਸੈਣੀ ਦਾ ਸ਼ਾਹਬਾਦ ਵਿੱਚ ਵਿਰੋਧ ਹੋਇਆ ਸੀ। ਉਨ੍ਹਾਂ ਦੀ ਗੱਡੀ ਦਾ ਪਿਛਲਾ ਸ਼ੀਸ਼ਾ ਵੀ ਟੁੱਟ ਗਿਆ ਸੀ।
ਕਿਸਾਨਾਂ ਦੇ ਗੁੱਸੇ ਨੂੰ ਦੇਖਦਿਆਂ ਭਾਜਪਾ ਆਗੂ ਨੇ ਦਿੱਤਾ ਅਸਤੀਫਾ
ਬਰਨਾਲਾ : ਬਰਨਾਲਾ ਜ਼ਿਲ੍ਹੇ ਵਿਚ ਪੈਂਦੇ ਕਸਬਾ ਧਨੌਲਾ ਵਿੱਚ ਭਾਜਪਾ ਦੇ ਜ਼ਿਲ੍ਹਾ ਸਕੱਤਰ ਪਰਮਿੰਦਰ ਸਿੰਘ ਖੁਰਮੀ ਦੇ ਘਰ ਭਾਰਤੀ ਜਨਤਾ ਪਾਰਟੀ ਦੇ ਸੂਬਾ ਕਾਰਜਕਾਰਨੀ ਮੈਂਬਰ ਗੁਰਤੇਜ ਸਿੰਘ ਢਿੱਲੋਂ ਦੇ ਆਉਣ ਦੀ ਭਿਣਕ ਪੈਣ ‘ਤੇ ਵੱਡੀ ਗਿਣਤੀ ਕਿਸਾਨਾਂ ਨੇ ਖੁਰਮੀ ਦੇ ਘਰ ਦਾ ਘਿਰਾਓ ਕਰ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਕਿਸਾਨਾਂ ਨੇ ਰੋਸ ਵਜੋਂ ਧਨੌਲਾ ਮੁੱਖ ਮਾਰਗ ਵੀ ਜਾਮ ਕਰ ਦਿੱਤਾ। ਜ਼ਿਕਰਯੋਗ ਹੈ ਕਿ ਸੂਬਾ ਕਾਰਜਕਾਰਨੀ ਮੈਂਬਰ ਗੁਰਤੇਜ ਸਿੰਘ ਢਿੱਲੋਂ ਧਨੌਲਾ ਵਿੱਚ ਰਹਿੰਦੇ ਭਾਜਪਾ ਦੇ ਜ਼ਿਲ੍ਹਾ ਸਕੱਤਰ ਪਰਮਿੰਦਰ ਸਿੰਘ ਖੁਰਮੀ ਦੇ ਗ੍ਰਹਿ ਵਿਖੇ ਕੁਝ ਸਮੇਂ ਲਈ ਰੁਕ ਗਏ। ਇਸ ਦੀ ਭਿਣਕ ਪੈਂਦਿਆਂ ਹੀ ਕਿਸਾਨ ਯੂਨੀਅਨ ਦੇ ਕੁਝ ਆਗੂ ਪਰਮਿੰਦਰ ਸਿੰਘ ਖੁਰਮੀ ਦੇ ਘਰ ਦੇ ਬਾਹਰ ਪਹੁੰਚ ਗਏ। ਕੁਝ ਹੀ ਦੇਰ ਵਿੱਚ ਵੱਡੀ ਗਿਣਤੀ ਕਿਸਾਨ ਮੌਕੇ ‘ਤੇ ਇਕੱਠੇ ਹੋ ਗਏ। ਇਸ ਗੱਲ ਦਾ ਪਤਾ ਲੱਗਦੇ ਹੀ ਪੁਲਿਸ ਫੋਰਸ ਵੀ ਮੌਕੇ ‘ਤੇ ਪਹੁੰਚ ਗਈ। ਇਸ ਦੌਰਾਨ ਰੋਹ ਵਿੱਚ ਆਏ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਦੀ ਜ਼ਮੀਨ ਖੋਹਣ ਦੇ ਕਾਨੂੰਨ ਬਣਾਉਣ ਵਾਲੇ ਭਾਜਪਾ ਆਗੂ ਜ਼ਖ਼ਮਾਂ ‘ਤੇ ਲੂਣ ਛਿੜਕਣ ਲਈ ਇੱਥੇ ਆ ਰਹੇ ਹਨ। ਕਿਸਾਨਾਂ ਦੇ ਇਕੱਠ ਵਿਚ ਪੁੱਜੇ ਭਾਜਪਾ ਆਗੂ ਖੁਰਮੀ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਅਚਾਨਕ ਗੁਰਤੇਜ ਸਿੰਘ ਢਿੱਲੋਂ ਕੁਝ ਸਮੇਂ ਲਈ ਉਨ੍ਹਾਂ ਦੇ ਘਰ ਰੁਕ ਗਏ ਸਨ ਪ੍ਰੰਤੂ ਕਿਸਾਨ ਗੁੱਸੇ ਵਿੱਚ ਆ ਗਏ ਅਤੇ ਪਰਮਿੰਦਰ ਸਿੰਘ ਨਾਲ ਕਾਫੀ ਗਰਮਾ-ਗਰਮੀ ਹੋ ਗਈ। ਕਿਸਾਨਾਂ ਦੇ ਰੋਹ ਨੂੰ ਦੇਖਦਿਆਂ ਭਾਜਪਾ ਆਗੂ ਖੁਰਮੀ ਨੇ ਭਾਜਪਾ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ। ਖੁਰਮੀ ਨੇ ਆਖਿਆ ਕਿ ਉਨ੍ਹਾਂ ਨੇ ਲੋਕਾਂ ਦੇ ਨਾਲ ਰਹਿਣਾ ਹੈ। ਇਸੇ ਗੱਲ ਨੂੰ ਮੁੱਖ ਰੱਖ ਕੇ ਉਨ੍ਹਾਂ ਪਾਰਟੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਫੈਸਲਾ ਲਿਆ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …