0.2 C
Toronto
Tuesday, January 13, 2026
spot_img
Homeਪੰਜਾਬਖੇਤੀ ਕਾਨੂੰਨ ਰੱਦ ਹੋਣ ਤੱਕ ਕਿਸਾਨੀ ਸੰਘਰਸ਼ ਰਹੇਗਾ ਜਾਰੀ

ਖੇਤੀ ਕਾਨੂੰਨ ਰੱਦ ਹੋਣ ਤੱਕ ਕਿਸਾਨੀ ਸੰਘਰਸ਼ ਰਹੇਗਾ ਜਾਰੀ

ਅੰਮ੍ਰਿਤਸਰ ਦੇ ਕੁੱਕੜਾਂਵਾਲਾ ਵਿਚ ਕਿਸਾਨ ਮਹਾਪੰਚਾਇਤ ਮੌਕੇ ਹੋਇਆ ਵੱਡਾ ਇਕੱਠ
ਅੰਮ੍ਰਿਤਸਰ/ਬਿਊਰੋ ਨਿਊਜ਼ : ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਕੁੱਕੜਾਂਵਾਲਾ ਦੇ ਸਟੇਡੀਅਮ ਵਿੱਚ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਅਦਾਕਾਰਾ ਸੋਨੀਆ ਮਾਨ ਵੱਲੋਂ ਪਿਤਾ ਬਲਦੇਵ ਸਿੰਘ ਮਾਨ ਦੀ ਬਰਸੀ ਨੂੰ ਸਮਰਪਿਤ ਕਿਸਾਨ ਮਹਾਪੰਚਾਇਤ ਕਰਵਾਈ ਗਈ। ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਜੋਗਿੰਦਰ ਸਿੰਘ ਉਗਰਾਹਾਂ, ਰੁਲਦੂ ਸਿੰਘ ਮਾਨਸਾ, ਉਮਰਾਓ ਸਿੰਘ ਰਾਜਸਥਾਨ, ਕੁਲਵੰਤ ਸਿੰਘ ਸੰਧੂ, ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਪ੍ਰੇਮ ਸਿੰਘ, ਕੁਲਵੰਤ ਸਿੰਘ ਸੰਧੂ, ਗੌਰਵ ਟਿਕੈਤ, ਟੇਕ ਰਾਮ ਕੰਡੇਲਾ, ਆਸਰਾ ਰਾਮ ਤੇ ਜਤਿੰਦਰ ਸਿੰਘ ਛੀਨਾ ਨੇ ਕੇਂਦਰ ਦੇ ਖੇਤੀ ਕਾਨੂੰਨਾਂ ਦੀ ਨਿਖੇਧੀ ਕੀਤੀ। ਆਗੂਆਂ ਨੇ ਕਿਹਾ ਕਿ ਉਹ ਕਿਸਾਨਾਂ-ਮਜ਼ਦੂਰਾਂ ਤੇ ਵਪਾਰੀਆਂ ਨੂੰ ਪੂੰਜੀਪਤੀਆਂ ਤੋਂ ਨਿਜਾਤ ਦਿਵਾ ਕੇ ਹੀ ਰਹਿਣਗੇ। ਸੰਯੁਕਤ ਕਿਸਾਨ ਮੋਰਚੇ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਮਾਝੇ ਦੀ ਧਰਤੀ ‘ਤੇ ਪਹਿਲੀ ਵਾਰ ਇੰਨਾ ਵੱਡਾ ਇਕੱਠ ਦੇਖ ਕੇ ਉਹ ਖ਼ੁਸ਼ ਹਨ।
ਉਗਰਾਹਾਂ ਨੇ ਕਿਹਾ ਕਿ ਸਰਕਾਰਾਂ ਤੋਂ ਝਾਕ ਨਾ ਰੱਖੋ ਤੇ ਆਪਣੀ ਰਾਖੀ ਆਪ ਕਰੋ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਰੱਦ ਹੋਣ ਤਕ ਸੰਘਰਸ਼ ਜਾਰੀ ਰਹੇਗਾ। ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਕਰੋਨਾ ਦੀ ਆੜ ਵਿੱਚ ਕੇਂਦਰ ਸਰਕਾਰ ਕਿਸਾਨੀ ਸੰਘਰਸ਼ ਨੂੰ ਸਾਬੋਤਾਜ਼ ਕਰਨਾ ਚਾਹੁੰਦੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਸਰਕਾਰ ਧਰਨੇ ਨੂੰ ਛੇੜਨ ਦੀ ਕੋਸ਼ਿਸ਼ ਨਾ ਕਰੇ ਨਹੀਂ ਤਾਂ ਇਸ ਦੇ ਮਾੜੇ ਨਤੀਜੇ ਨਿਕਲਣਗੇ। ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਭਤੀਜੇ ਗੌਰਵ ਟਿਕੈਤ ਨੇ ਕਿਹਾ ਕਿ ਮੋਦੀ ਸਰਕਾਰ ਆਪਣੇ ਅੜੀਅਲ ਰਵੱਈਏ ਕਾਰਨ ਖੇਤੀ ਕਾਨੂੰਨ ਵਾਪਸ ਨਹੀਂ ਲੈ ਰਹੀ।
ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਰੋਹ ਅੱਗੇ ਝੁਕਦਿਆਂ ਸਰਕਾਰ ਨੂੰ ਖੇਤੀ ਕਾਨੂੰਨ ਵਾਪਸ ਲੈਣੇ ਹੀ ਪੈਣਗੇ। ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀਆਂ ਸ਼ਹੀਦੀਆਂ ਅਜਾਈਂ ਨਹੀਂ ਜਾਣਗੀਆਂ ਅਤੇ ਕਿਸਾਨ ਜਿੱਤ ਹਾਸਲ ਕਰ ਕੇ ਹੀ ਘਰਾਂ ਨੂੰ ਮੁੜਨਗੇ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਜਿੱਤੇ ਤਾਂ ਸਾਡੇ ਗਲਾਂ ‘ਚ ਹਾਰ ਪਾ ਦੇਣਾ, ਨਹੀਂ ਤਾਂ ਇਹੋ ਹਾਰ ਸਾਡੀਆਂ ਅਰਥੀਆਂ ‘ਤੇ ਪਾ ਦੇਣਾ। ਇਸ ਦੌਰਾਨ ਨਾਟਕ ਮੰਡਲੀਆਂ ਨੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਨਾਟਕ ਖੇਡੇ।
ਕਿਸਾਨ ਆਗੂ ਦਰਬਾਰ ਸਾਹਿਬ ਨਤਮਸਤਕ
ਅੰਮ੍ਰਿਤਸਰ :ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਪੁੱਤਰ ਗੌਰਵ ਟਿਕੈਤ ਨੇ ਆਖਿਆ ਕਿ ਕਿਸਾਨ ਸੰਘਰਸ਼ ਉਦੋਂ ਤਕ ਜਾਰੀ ਰਹੇਗਾ, ਜਦੋਂ ਤਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਅਤੇ ਐੱਮਐੱਸਪੀ ਯਕੀਨੀ ਬਣਾਉਣ ਲਈ ਕਾਨੂੰਨ ਨਹੀਂ ਬਣਾਇਆ ਜਾਂਦਾ। ਉਨ੍ਹਾਂ ਕਿਸਾਨ ਸੰਘਰਸ਼ ਦੀ ਸਫ਼ਲਤਾ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਵੀ ਟੇਕਿਆ। ਉਨ੍ਹਾਂ ਦੇ ਨਾਲ ਫਿਲਮ ਅਦਾਕਾਰ ਸੋਨੀਆ ਮਾਨ ਤੇ ਕਿਸਾਨ ਆਗੂ ਵੀ ਮੌਜੂਦ ਸਨ। ਸੋਨੀਆ ਮਾਨ ਵੱਲੋਂ ਆਪਣੇ ਪਿਤਾ ਬਲਦੇਵ ਸਿੰਘ ਮਾਨ ਦੀ ਬਰਸੀ ਨੂੰ ਸਮਰਪਿਤ ਪਿੰਡ ਕੁੱਕੜਾਂਵਾਲਾ ਵਿੱਚ ਕਰਵਾਈ ਕਿਸਾਨ ਮਹਾਪੰਚਾਇਤ ਵਿੱਚ ਟਿਕੈਤ ਤੇ ਉਨ੍ਹਾਂ ਦੇ ਹੋਰ ਸਾਥੀ ਸ਼ਾਮਲ ਹੋਏ। ਇਸ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਕਿਸਾਨ ਸੰਘਰਸ਼ ਦੀ ਸਫ਼ਲਤਾ ਲਈ ਅਰਦਾਸ ਕੀਤੀ।

 

RELATED ARTICLES
POPULAR POSTS