ਭਾਜਪਾ ਆਗੂਆਂ ਦੇ ਘਰਾਂ ਮੂਹਰੇ ਅਤੇ ਟੌਲ ਪਲਾਜ਼ਿਆਂ ‘ਤੇ ਖੇਤੀ ਕਾਨੂੰਨਾਂ ਖਿਲਾਫ ਧਰਨੇ ਲਗਾਤਾਰ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਖੇਤੀ ਕਾਨੂੰਨਾਂ ਖਿਲਾਫ ਪਿਛਲੇ ਸਾਢੇ 6 ਮਹੀਨਿਆਂ ਤੋਂ ਮੈਦਾਨ ‘ਚ ਡਟੀਆਂ ਕਿਸਾਨ ਜਥੇਬੰਦੀਆਂ ਵੱਲੋਂ ਵਾਢੀ ਤੋਂ ਵਿਹਲੇ ਹੋ ਰਹੇ ਕਿਸਾਨਾਂ ਅਤੇ ਹੋਰਨਾਂ ਸਹਿਯੋਗੀਆਂ ਨੂੰ ਦਿੱਲੀ ਦੇ ਮੋਰਚਿਆਂ ਵਿੱਚ ਡਟਣ ਦੇ ਦਿੱਤੇ ਸੱਦੇ ਤਹਿਤ ਬਠਿੰਡਾ, ਮਾਨਸਾ, ਸੰਗਰੂਰ, ਮਾਨਸਾ, ਪਟਿਆਲਾ, ਫਿਰੋਜ਼ਪੁਰ ਤੋਂ ਦਰਜਨਾਂ ਕਾਫ਼ਲੇ ਟਿਕਰੀ ਅਤੇ ਸਿੰਘੂ ਬਾਰਡਰ, ਦਿੱਲੀ ਪਹੁੰਚਣੇ ਸ਼ੁਰੂ ਹੋ ਗਏ ਹਨ।
ਖੇਤੀ ਕਾਨੂੰਨਾਂ ਖਿਲਾਫ ਸੂਬੇ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਭਾਜਪਾ ਨਾਲ ਸਬੰਧਤ ਆਗੂਆਂ ਦੇ ਘਰਾਂ ਮੂਹਰੇ, ਟੌਲ ਪਲਾਜ਼ਿਆਂ ‘ਤੇ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਮੂਹਰੇ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਅੰਦਰ, ਨਿੱਜੀ ਖੇਤਰ ਦੇ ਥਰਮਲ ਪਲਾਂਟ ਅਤੇ ਮੋਗਾ ਦੇ ਸਾਈਲੋ ਅੱਗੇ ਧਰਨੇ ਸਮੇਤ ਸਵਾ ਸੌ ਤੋਂ ਵੱਧ ਥਾਵਾਂ ‘ਤੇ ਧਰਨੇ ਜਾਰੀ ਰਹੇ। ਇਨ੍ਹਾਂ ਧਰਨਿਆਂ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਕਿਸਾਨ ਤਿੰਨੇ ਖੇਤੀ ਕਾਨੂੰਨ ਰੱਦ ਕਰਾਉਣ ਤੇ ਹੋਰਨਾਂ ਮੰਗਾਂ ਦੀ ਪ੍ਰਾਪਤੀ ਲਈ ਦ੍ਰਿੜ੍ਹ ਹਨ ਤੇ ਇਹ ਸੰਘਰਸ਼ ਕਿਸੇ ਤਰ੍ਹਾਂ ਦੀਆਂ ਪਾਬੰਦੀਆਂ ਨਾਲ ਡੱਕਿਆ ਨਹੀਂ ਜਾ ਸਕਦਾ। ਧਰਨਿਆਂ ‘ਚ ਕਿਸਾਨਾਂ ਨੇ ਲੋਕ ਕਵੀ ਸੰਤ ਰਾਮ ਉਦਾਸੀ ਅਤੇ ਭਗਤ ਧੰਨਾ ਜੀ ਨੂੰ ਵੀ ਯਾਦ ਕੀਤਾ।
ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਸੱਦਾ ਦਿੱਤਾ ਕਿ ਜਿਹੜੇ ਪਿੰਡਾਂ ‘ਚ ਹਾੜ੍ਹੀ ਦਾ ਕੰਮ ਨਿੱਬੜ ਗਿਆ ਹੈ, ਉੱਥੋਂ ਵੱਧ ਤੋਂ ਵੱਧ ਕਿਸਾਨ-ਮਜ਼ਦੂਰ ਦਿੱਲੀ ਦੀਆਂ ਹੱਦਾਂ ‘ਤੇ ਪਹੁੰਚਣ। ਉਨ੍ਹਾਂ ਕਿਹਾ ਕਿ ਕਿਸੇ ਵੀ ਸੰਭਾਵਿਤ ਖ਼ਤਰੇ ਦੇ ਮੱਦੇਨਜ਼ਰ ਤਿਆਰ-ਬਰ-ਤਿਆਰ ਰਹਿਣਾ ਚਾਹੀਦਾ ਹੈ। ਉਧਰ, ਅਡਾਨੀਆਂ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਅੱਗੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਪੱਕੇ ਮੋਰਚੇ ‘ਤੇ ਕਿਸਾਨ ਬੀਬੀਆਂ ਨੇ ਪਹਿਰਾ ਲਾ ਦਿੱਤਾ ਹੈ। ਬੀਬੀਆਂ ਨੇ ਐਲਾਨ ਕੀਤਾ ਹੈ ਕਿ ਵਾਢੀ ਦੌਰਾਨ ਰਾਤ ਨੂੰ ਵੀ ਮਹਿਲਾਵਾਂ ਮੋਰਚੇ ਉੱਤੇ ਡਟਣਗੀਆਂ।
ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਦੀਆਂ ਕੁਝ ਅਨਾਜ ਮੰਡੀਆਂ ਵਿੱਚ ਬਾਰਦਾਨੇ ਦੀ ਕਿੱਲਤ ਕਾਰਨ ਕਿਸਾਨਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਦੇ ਆਗੂ ਟੀਮਾਂ ਬਣਾ ਕੇ ਮੰਡੀਆਂ ਵਿੱਚ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣ ਰਹੇ ਹਨ। ਸਰਕਾਰ ਖ਼ਿਲਾਫ਼ ਮੁਜ਼ਾਹਰੇ ਵੀ ਕੀਤੇ ਗਏ ਹਨ।
Check Also
ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੋ ਦਸੰਬਰ ਨੂੰ ਸੌਂਪਣੇ ਆਪਣਾ ਸਪੱਸ਼ਟੀਕਰਨ
ਕਿਹਾ : ਮੇਰਾ ਰੋਮ ਰੋਮ ਸ੍ਰੀ ਅਕਾਲ ਤਖਤ ਸਾਹਿਬ ਨੂੰ ਹੈ ਸਮਰਪਿਤ ਅੰਮਿ੍ਰਤਸਰ/ਬਿਊਰੋ ਨਿਊਜ਼ : …