ਪੰਜਾਬ ਸਰਕਾਰ ਵੀ ਗਰੀਬਾਂ ਦਾ ਮੁਫਤ ਕਰੇਗੀ ਟੀਕਾਕਰਨ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ 18 ਸਾਲ ਤੋਂ ਵੱਧ ਉਮਰ ਦੇ ਹਰੇਕ ਵਿਅਕਤੀ ਨੂੰ ਮੁਫ਼ਤ ਟੀਕੇ ਮੁਹੱਈਆ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਦਿੱਲੀ ਸਰਕਾਰ ਨੇ 1 ਕਰੋੜ 34 ਲੱਖ ਟੀਕਿਆਂ ਦੀ ਖ਼ਰੀਦ ਲਈ ਮਨਜ਼ੂਰੀ ਦੇ ਦਿੱਤੀ ਹੈ। ਇਸਦੇ ਨਾਲ ਹੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਸੀ ਕਿ, ਇਹ ਯਕੀਨੀ ਬਣਾਉਣ ਦਾ ਯਤਨ ਕਰਾਂਗੇ ਕਿ ਜਲਦੀ ਤੋਂ ਜਲਦੀ ਵੈਕਸੀਨ ਲੋਕਾਂ ਨੂੰ ਦਿੱਤੀ ਜਾ ਸਕੇ। ਇਸੇ ਦੌਰਾਨ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਵਿਚ ਗਰੀਬ ਲੋਕਾਂ ਦਾ ਮੁਫ਼ਤ ਟੀਕਾਕਰਨ ਕਰਵਾਏਗੀ ਤੇ ਇਸ ਵਾਸਤੇ ਮੁੱਖ ਮੰਤਰੀ ਰਾਹਤ ਫ਼ੰਡ ਦੀ ਵਰਤੋਂ ਕੀਤੀ ਜਾਵੇਗੀ। ਪੰਜਾਬ ਸਰਕਾਰ ਨੇ ਪਹਿਲਾਂ ਕੇਂਦਰ ਸਰਕਾਰ ਤੋਂ ਇਸ ਵਾਸਤੇ ਫੰਡਾਂ ਦੀ ਮੰਗ ਕੀਤੀ ਸੀ, ਪਰ ਕੇਂਦਰ ਦੇ ਮੱਠੇ ਹੁੰਗਾਰੇ ਮਗਰੋਂ ਪੰਜਾਬ ਸਰਕਾਰ ਨੇ ਅੱਜ ਇਹ ਫੈਸਲਾ ਲਿਆ ਹੈ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੇ ਸਿਹਤ ਵਿਭਾਗ ਨੂੰ 18 ਤੋਂ 45 ਸਾਲ ਉਮਰ ਵਰਗ ਦੇ ਵਿਅਕਤੀਆਂ ਦੇ ਟੀਕਾਕਰਨ ਲਈ ਕੋਵੀਸ਼ੀਲਡ ਦੀਆਂ 30 ਲੱਖ ਖੁਰਾਕਾਂ ਦਾ ਆਰਡਰ ਦੇਣ ਦੇ ਨਿਰਦੇਸ਼ ਦਿੱਤੇ ਹਨ।