ਵਰਖਾ ਸਿੰਘ 10 ਲੱਖ ਰੁਪਏ ਤੋਂ ਵੱਧ ਦਾ ਸੀ ਕਰਜ਼ਈ
ਸੰਗਰੂਰ/ਬਿਊਰੋ ਨਿਊਜ਼
ਪੰਜਾਬ ਵਿਚ ਵਿਵਾਦਤ ਖੇਤੀ ਕਾਨੂੰਨ ਜਿੱਥੇ ਕਿਸਾਨਾਂ ਦੀ ਜਾਨ ਦਾ ਖੌਅ ਬਣ ਰਹੇ ਹਨ, ਉਥੇ ਪੰਜਾਬ ‘ਚ ਕਿਸਾਨ ਖੁਦਕੁਸ਼ੀਆਂ ਦਾ ਰੁਝਾਨ ਵੀ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਸੰਗਰੂਰ ਦੇ ਪਿੰਡ ਭੁਟਾਲ ਕਲਾਂ ਦੇ ਕਰਜ਼ਈ ਕਿਸਾਨ ਵਰਖਾ ਸਿੰਘ ਨੇ ਅੱਜ ਸਲਫਾਸ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਵਰਖਾ ਸਿੰਘ ਦੀ ਉਮਰ ਕਰੀਬ 55 ਸਾਲ ਸੀ ਅਤੇ ਉਸ ਕੋਲ ਛੇ ਏਕੜ ਜ਼ਮੀਨ ਸੀ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਹਰਜੀਤ ਸਿੰਘ ਭੁਟਾਲ ਨੇ ਦੱਸਿਆ ਕਿ ਵਰਖਾ ਸਿੰਘ ਦੇ ਸਿਰ ਸਰਕਾਰੀ ਤੇ ਗੈਰ ਸਰਕਾਰੀ ਬੈਂਕਾਂ ਦਾ 8 ਤੋਂ 10 ਲੱਖ ਰੁਪਏ ਦਾ ਕਰਜ਼ਾ ਸੀ, ਜਿਸ ਕਾਰਨ ਉਹ ਪ੍ਰੇਸ਼ਾਨ ਸੀ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਵੀ ਹੁਣ ਤੱਕ 300 ਤੋਂ ਵੱਧ ਕਿਸਾਨਾਂ ਦੀ ਜਾਨ ਜਾ ਚੁੱਕੀ ਹੈ ਅਤੇ ਕਰਜ਼ੇ ਵੀ ਕਿਸਾਨਾਂ ਨੂੰ ਖੁਦਕੁਸ਼ੀਆਂ ਕਰਨ ਲਈ ਮਜਬੂਰ ਕਰ ਰਹੇ ਹਨ।